ਸ਼ਗਨ ਕਟਾਰੀਆ
ਬਠਿੰਡਾ, 2 ਜੂਨ
ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਭਲਕੇ 3 ਜੂਨ ਨੂੰ ਸਵੇਰੇ 11 ਵਜੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਸਾੜੇ ਜਾਣਗੇ। ਕਿਸਾਨ ਆਗੂ ਨੇ ਪ੍ਰਦਰਸ਼ਨ ਦੇ ਇਸ ਪ੍ਰੋਗਰਾਮ ਦੀ ਵੱਡੀ ਵਜ੍ਹਾ ਪਿੰਡ ਘਸੋਖਾਨਾ ਦਾ ਮੁੱਦਾ ਦੱਸਿਆ। ਬਠਿੰਡਾ ਜ਼ਿਲ੍ਹੇ ਦੀ ਮੌੜ ਮੰਡੀ ਦੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਲਈ ਲਸਾੜਾ ਡਰੇਨ ਤੱਕ ਜ਼ਮੀਨਦੋਜ਼ ਪਾਈਪ ਲਾਈਨ ਵਿਛਾਈ ਜਾ ਰਹੀ ਹੈ। ਇਸ ਪਾਈਪ ਦੇ ਪਿੰਡ ਘਸੋਖਾਨਾ ਵਿੱਚ ਦੀ ਲੰਘਣ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ। ਪ੍ਰਸ਼ਾਸਨ ਨੇ ਕਿਸਾਨ ਆਗੂ ਕਾਕਾ ਸਿੰਘ ਕੋਟੜਾ, ਬਲਦੇਵ ਸਿੰਘ ਸੰਦੋਹਾ, ਰੇਸ਼ਮ ਸਿੰਘ ਯਾਤਰੀ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਇਸ ਪ੍ਰਾਜੈਕਟ ’ਤੇ ਕੰਮ ਜਾਰੀ ਰੱਖਿਆ ਹੋਇਆ ਹੈ। ਮੁੱਖ ਮੰਤਰੀ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ ਬਾਰੇ ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦਾ ਮੋਰਚਾ ਚੁਣੌਤੀ ਨੂੰ ਸਵੀਕਾਰਦਾ ਹੈ। ਪੁਲੀਸ ਨੇ ਬੀਤੇ ਦਿਨ ਡੱਲੇਵਾਲ ਨੂੰ ਘਰ ਅੰਦਰ ਹੀ ਨਜ਼ਰਬੰਦ ਕਰ ਦਿੱਤਾ ਸੀ।