ਲੈਂਡ ਪੂਲਿੰਗ ਨੀਤੀ ਵਾਪਸ ਹੋਣ ’ਤੇ ਐੱਸਕੇਐੱਮ ਕਰੇਗਾ ਜੇਤੂ ਰੈਲੀ
ਜੋਗਿੰਦਰ ਸਿੰਘ ਮਾਨ
ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ 24 ਅਗਸਤ ਨੂੰ ਸਮਰਾਲਾ ਵਿੱਚ ਜੇਤੂ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਸਾਰੀਆਂ ਜਥੇਬੰਦੀਆਂ ਨੂੰ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਲੋਕਾਂ ਵੱਲੋਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਲੜੇ ਘੋਲ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਐੱਸਕੇਐੱਮ ਦੀ ਚਿਤਾਵਨੀ ਖ਼ਿਲਾਫ਼ ਨੋਟੀਫਿਕੇਸ਼ਨ ਰੱਦ ਕਰਨ ਨੂੰ ਲੈ ਕੇ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇਤੂ ਰੈਲੀ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਮੇਂ ਸਿਰ ਵਿੱਢੇ ਅੰਦੋਲਨ ਸਮੇਤ ਪੰਜਾਬ ਦੇ ਪਾਣੀਆਂ ਦਾ ਮਸਲਾ, ਹੜ੍ਹ ਪੀੜਤ ਕਿਸਾਨਾਂ ਦੀਆਂ ਤਕਲੀਫ਼ਾਂ ਅਤੇ ਮੁਕਤ-ਬਾਜ਼ਾਰ ਸਮਝੌਤੇ ਦੇ ਮਸਲਿਆਂ ਨੂੰ ਵੀ ਜ਼ੋਰਦਾਰ ਢੰਗ ਨਾਲ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਜੇਤੂ ਰੈਲੀ ਵਿੱਚ ਸਾਰੀਆਂ ਜਥੇਬੰਦੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈਣ ਲਈ ਸੁਨੇਹੇ ਭੇਜੇ ਗਏ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ 21 ਅਗਸਤ ਤੱਕ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਦੇ ਬਕਾਏ ਨਹੀਂ ਜਾਰੀ ਕੀਤੇ ਜਾਂਦੇ ਤਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ 24 ਅਗਸਤ ਦੀ ਜੇਤੂ ਰੈਲੀ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੋਰਚੇ ਦਾ ਐਲਾਨ ਕੀਤਾ ਜਾਵੇਗਾ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਹੈ ਕਿ ਸਮਰਾਲਾ ਵਿੱਚ ਹੋਣ ਵਾਲੀ ਰੈਲੀ ਵਿੱਚ ਪੰਜਾਬ ਭਰ ’ਚੋਂ ਵੱਖ-ਵੱਖ ਜ਼ਿਲ੍ਹਿਆਂ ’ਚੋਂ ਕਿਸਾਨ ਅਤੇ ਮਜ਼ਦੂਰ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣੀ ਜਿੱਤ ਦਾ ਜਸ਼ਨ ਮਨਾਉਣਗੇ। ਇਹ ਐਲਾਨ ਕਰਨ ਸਮੇਂ ਇਸ ਮੌਕੇ ਉਨ੍ਹਾਂ ਨਾਲ ਗੁਰਨਾਮ ਸਿੰਘ ਭੀਖੀ, ਕਰਨੈਲ ਸਿੰਘ ਵੀ ਮੌਜੂਦ ਸਨ।
ਦੋ ਕਿਸਾਨ ਜਥੇਬੰਦੀਆਂ ਨੂੰ ਐੱਸਕੇਐੱਮ ’ਚੋਂ ਬਾਹਰ ਕੱਢਿਆ
ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਨੇ ਦੋ ਕਿਸਾਨ ਜਥੇਬੰਦੀਆਂ, ਦੋਆਬਾ ਕਿਸਾਨ ਯੂਨੀਅਨ ਦੇ ਕੁਲਦੀਪ ਸਿੰਘ ਵਜੀਦਪੁਰ ਅਤੇ ਆਈਪੀਡੀ ਕਿਸਾਨ ਬਚਾਓ ਮੋਰਚਾ ਦੇ ਕਿਰਪਾ ਸਿੰਘ ਨੱਥੂਵਾਲਾ ਨੂੰ ਸੰਯੁਕਤ ਕਿਸਾਨ ਮੋਰਚੇ ’ਚੋਂ ਸਮੇਤ ਜਥੇਬੰਦੀ ਬਾਹਰ ਕੱਢ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅਰਥੀਆਂ ਨੂੰ ਸਾੜਿਆ ਜਾ ਰਿਹਾ ਸੀ ਤਾਂ ਇਹ ਦੋਵੇਂ ਆਗੂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਮੀਟਿੰਗ ਵਿੱਚ ਪੁੱਜ ਕੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰ ਰਹੇ ਸਨ।