ਦਵਿੰਦਰ ਪਾਲ
ਚੰਡੀਗੜ੍ਹ, 31 ਮਈ
ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ’ਤੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਅੱਗੇ ਧਰਨੇ ਸਮੇਤ ਸਵਾ ਸੌ ਤੋਂ ਵੱਧ ਥਾਵਾਂ ’ਤੇ ਚੱਲ ਰਹੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਦੀ ਖੇਤੀ ਕਾਨੂੰਨਾਂ ਵਿਰੁੱਧ ਵਿੱਢੀ ਲੜਾਈ ਹੁਣ ਆਉਣ ਵਾਲੀਆਂ ਪੀੜ੍ਹੀਆਂ ਦੀ ਹੋਂਦ ਤੇ ਖੇਤ ਬਚਾਉਣ ਦੇ ਨਾਅਰੇ ’ਚ ਤਬਦੀਲ ਹੋ ਗਈ ਹੈ। ਆਗੂਆਂ ਨੇ ਕਿਹਾ ਕਿ ਜਦੋਂ ਲੋਕ ਆਪਣੇ ਭਵਿੱਖ ਦੀ ਰਾਖੀ ਲਈ ਮੈਦਾਨ ’ਚ ਨਿੱਤਰਦੇ ਹਨ ਤਾਂ ਕੋਈ ਵੀ ਹਕੂਮਤ ਲੋਕਾਂ ਦਾ ਰਾਹ ਨਹੀਂ ਡੱਕ ਸਕਦੀ।
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਅੰਦੋਲਨ ਦੇ 243ਵੇਂ ਦਿਨ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਵਿਰੋਧੀ ਕਾਨੂੰਨਾਂ ਦਾ ਹੱਲਾ ਸਾਮਰਾਜ ਦਾ ਹੱਲਾ ਹੈ। ਜਦੋਂ ਮੁਲਕ ਵਿੱਚ ਖੇਤੀ ਕਾਨੂੰਨ ਲਿਆਂਦੇ ਗਏ ਹਨ, ਉਸੇ ਮੌਕੇ ਹੀ ਸਨਅਤੀ ਮਜ਼ਦੂਰਾਂ ਦਾ ਉਜਾੜਾ ਕਰਨ ਲਈ ਅਤੇ ਉਨ੍ਹਾਂ ਦੀ ਕਿਰਤ ਲੁਟਾਉਣ ਲਈ ਵੱਡੇ ਕਾਰਪੋਰੇਟ ਘਰਾਣਿਆਂ ਦੇ ਮੁਨਾਫ਼ੇ ਖ਼ਾਤਰ ਕਿਰਤ ਕਾਨੂੰਨਾਂ ਵਿੱਚ ਸੋਧ ਕੀਤੀ ਗਈ ਹੈ ਅਤੇ ਨਾਲ ਹੀ ਸਰਕਾਰੀ ਸਿੱਖਿਆ ਨੀਤੀ ਦਾ ਉਜਾੜਾ ਕਰਨ ਲਈ ਨਵੀਂ ਸਿੱਖਿਆ ਨੀਤੀ 2020 ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਇਸ ਦੇ ਜੋਟੀਦਾਰਾਂ ਨੂੰ ਇੱਕ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਲੋਕਤੰਤਰ ਵਿੱਚ 5 ਸਾਲਾਂ ਬਾਅਦ ਤਖ਼ਤਾ ਪਲਟ ਜਾਂਦਾ ਹੈ। ਆਗੂਆਂ ਨੇ ਕਿਹਾ ਕਿ ਅੱਜ ਇਹ ਲੜਾਈ ਤਿੰਨਾਂ ਕਾਨੂੰਨਾਂ ਤੋਂ ਵਧ ਕੇ ਫ਼ਸਲਾਂ ਦੀ ਰਾਖੀ ਤੇ ਸਾਡੀ ਹੋਂਦ ਦਾ ਮਸਲਾ ਬਣ ਗਈ ਹੈ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਕਿਸਾਨ ਇਹ ਸੰਘਰਸ਼ ਜਿੱਤ ਕੇ ਹੀ ਘਰ ਮੁੜਨਗੇ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਇਤਿਹਾਸਕ ਜਿੱਤ ਵਧ ਰਿਹਾ ਹੈ ਤੇ ਹਾਕਮਾਂ ਦੀ ਹਾਰ ਤੈਅ ਹੈ।
ਪੰਜਾਬ ਤੋਂ ਦਿੱਲੀ ਨੂੰ ਕਿਸਾਨਾਂ ਦੇ ਵੱਡੇ ਜਥੇ ਲਿਜਾਣ ਲਈ ਕਿਸਾਨ ਜਥੇਬੰਦੀਆਂ ਨੇ ਮੁੜ ਕਮਰ ਕੱਸ ਲਈ ਹੈ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ 2 ਜੂਨ ਨੂੰ ਮੁੱਲਾਂਪੁਰ (ਲੁਧਿਆਣਾ) ਤੋਂ 200 ਗੱਡੀਆਂ ਦਾ ਕਾਫ਼ਲਾ ਦਿੱਲੀ ਮੋਰਚੇ ਲਈ ਰਵਾਨਾ ਹੋਵੇਗਾ।
ਖੱਬੇ ਪੱਖੀ ਧਿਰਾਂ ਦੇ ਕਾਰਕੁਨ ਦਿੱਲੀ ਮੋਰਚੇ ਲਈ ਰਵਾਨਾ
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਹੱਦਾਂ ’ਤੇ ਚੱਲ ਰਹੇ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਅੱਜ ਖੱਬੇ ਪੱਖੀ ਧਿਰਾਂ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਦੇ ਕਾਰਕੁਨ ਇੱਥੋਂ ਦੇ ਰੇਲਵੇ ਸਟੇਸ਼ਨ ਤੋਂ ਦਿੱਲੀ ਲਈ ਰਵਾਨਾ ਹੋਏ। ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਮੋਰਚੇ ਨੂੰ ਮਜ਼ਬੂਤ ਕਰਨ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਆਲ ਇੰਡੀਆ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਥਿਆਂ ਨੂੰ ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਦੇ ਪ੍ਰਧਾਨ ਰਮੇਸ਼ ਯਾਦਵ ਨੇ ਰਵਾਨਾ ਕੀਤਾ। ਇਹ ਜਥਾ ਅੰਮ੍ਰਿਤਸਰ ਤੋਂ ਰੇਲ ਗੱਡੀ ਰਾਹੀਂ ਦਿੱਲੀ ਪੁੱਜੇਗਾ। ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ ਦੱਸਿਆ ਕਿ ਜਥੇ ਦੀ ਅਗਵਾਈ ਆਲ ਇੰਡੀਆ ਕਿਸਾਨ ਸਭਾ ਦੇ ਆਗੂ ਲਖਵੀਰ ਸਿੰਘ ਨਿਜ਼ਾਮਪੁਰੀ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਣਜੀਤ ਸਿੰਘ ਮੁਹਾਰ, ਏਟਕ ਦੇ ਆਗੂ ਅਮਰਜੀਤ ਸਿੰਘ ਆਸਲ, ਵਿਜੈ ਮਿਸ਼ਰਾ ਛੇਹਰਟਾ ਅਤੇ ਬੀਬੀ ਦਸਵਿੰਦਰ ਕੌਰ ਕਰ ਰਹੇ ਹਨ। ਇਨ੍ਹਾਂ ਜਥਿਆਂ ਰਾਹੀਂ ਅੰਦੋਲਨਕਾਰੀ ਕਿਸਾਨਾਂ ਲਈ ਲੋੜੀਂਦਾ ਸਾਮਾਨ ਵੀ ਭੇਜਿਆ ਗਿਆ ਹੈ। ਰਮੇਸ਼ ਯਾਦਵ ਨੇ ਕਿਹਾ ਕਿ ਕਿਸਾਨੀ ਸੰਘਰਸ਼ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਇਕਜੁੱਟ ਹੋਣ ਦੇ ਨਾਲ-ਨਾਲ ਸਭ ਨੂੰ ਆਪਣਾ ਬਣਦਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਸ ਮੌਕੇ ਹਰਨੇਕ ਅਵਾਣ, ਦਵਿੰਦਰ ਸਿੰਘ, ਕਸ਼ਮੀਰ ਸਿੰਘ, ਗੁਰਮੀਤ ਸਿੰਘ, ਲਾਡੀ ਨੂਰੋਵਾਲ, ਗੁਰਦਿਆਲ ਸਿੰਘ, ਕੁਲਦੀਪ ਸਿੰਘ, ਗੁਰਮੁਖ ਸਿੰਘ ਕੱਕੜ ਅਤੇ ਮੰਗਲ ਸਿੰਘ ਹਾਜ਼ਰ ਸਨ।