ਦਵਿੰਦਰ ਪਾਲ
ਚੰਡੀਗੜ੍ਹ, 23 ਜੁਲਾਈ
ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਭਾਜਪਾ ਤੇ ਇਸ ਦੇ ਜੋਟੀਦਾਰਾਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ ਹੈ। ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਜਪਾ ਆਗੂਆਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ਉਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਦੇ ਬਾਹਰ ਸਵਾ ਸੌ ਤੋਂ ਵੱਧ ਥਾਵਾਂ ’ਤੇ ਜਾਰੀ ਧਰਨਿਆਂ ਨੂੰ ਸੰਬੋਧਨ ਕਰਨ ਵਾਲੇ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਵੱਲੋਂ ਜਿਸ ਤਰ੍ਹਾਂ ਦੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ, ਉਸ ਨੇ ਭਾਜਪਾ ਦੇ ਹੱਕ ਮੰਗਦੇ ਲੋਕਾਂ ਪ੍ਰਤੀ ਸੰਕੀਰਨ ਤੇ ਤਾਨਾਸ਼ਾਹੀ ਕਿਰਦਾਰ ਨੂੰ ਸਾਹਮਣੇ ਲਿਆਂਦਾ ਹੈ। ਬੁਲਾਰਿਆਂ ਨੇ ਕਿਹਾ ਕਿ ਜਦੋਂ ਤੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਅਤਿਵਾਦੀ, ਨਕਸਲਵਾੜੀ, ਅਰਬਨ ਨਕਸਲ, ਦੇਸ਼ਧ੍ਰੋਹੀ ਅਤੇ ਕਦੇ ਖਾਲਿਸਤਾਨੀ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਦੇ ਅਪਮਾਨਜਨਕ ਬਿਆਨਾਂ ਦਾ ਜਵਾਬ ਕਿਸਾਨ ਸ਼ਾਂਤਮਈ ਸੰਘਰਸ਼ ਨਾਲ ਹੀ ਦੇਣਗੇ। ਆਗੂਆਂ ਨੇ ਕਿਸਾਨਾਂ ਖਾਸ ਕਰ ਕੇ ਨੌਜਵਾਨਾਂ ਨੂੰ ਜ਼ਾਬਤੇ ’ਚ ਰਹਿ ਕੇ ਭਾਜਪਾ ਆਗੂਆਂ ਅਤੇ ਪੂੰਜੀਪਤੀ ਘਰਾਣਿਆਂ ਖ਼ਿਲਾਫ਼ ਲੜਾਈ ਤੇਜ਼ ਕਰਨ ਦਾ ਸੱਦਾ ਦਿੱਤਾ।
ਇਸੇ ਦੌਰਾਨ ਸੰਘਰਸ਼ੀ ਅਖਾੜਿਆਂ ਤੋਂ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਦੇ ਜਨਮ ਦਿਨ ਮੌਕੇ ਉਸ ਦੀ ਕੁਰਬਾਨੀ ਨੂੰ ਸਿਜਦਾ ਕੀਤਾ ਗਿਆ।
‘ਆਪ’ ਨੇ ਮੀਨਾਕਸ਼ੀ ਲੇਖੀ ਦੇ ਪੁਤਲੇ ਫੂਕੇ
ਆਮ ਆਦਮੀ ਪਾਰਟੀ ਨੇ ਅੱਜ ਪੰਜਾਬ ਭਰ ਵਿੱਚ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਦੇ ਪੁਤਲੇ ਫੂਕੇ। ਸੂਬੇ ਵਿੱਚ ਹੋਏ ਪ੍ਰਦਰਸ਼ਨਾਂ ਦੌਰਾਨ ‘ਆਪ’ ਨੇ ਕੇਂਦਰੀ ਮੰਤਰੀ ਨੂੰ ਕਿਸਾਨਾਂ ਪ੍ਰਤੀ ਵਰਤੀ ਅਪਮਾਨਜਨਕ ਭਾਸ਼ਾ ਦੀ ਨਿਖੇਧੀ ਕਰਦਿਆਂ ਤੁਰੰਤ ਮੁਆਫ਼ੀ ਮੰਗਣ ਲਈ ਕਿਹਾ। ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ‘ਆਪ’ ਆਗੂਆਂ ਅਤੇ ਵਰਕਰਾਂ ਨੇ ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਨਵਾਂ ਸ਼ਹਿਰ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਸਮੇਤ ਕਈ ਹੋਰ ਥਾਵਾਂ ’ਤੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਦੇ ਪੁਤਲੇ ਫੂਕੇ ਅਤੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ। ਪਾਰਟੀ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਅਤੇ ਕੇਂਦਰੀ ਸਰਕਾਰ ’ਤੇ ਦੋਸ਼ ਲਾਇਆ ਕਿ ਭਾਜਪਾ ਦੇ ਮੰਤਰੀ ਅਤੇ ਆਗੂ ਜਾਣ-ਬੁੱਝ ਕੇ ਕਿਸਾਨਾਂ ਖ਼ਿਲਾਫ਼ ਮਾੜੀ ਭਾਸ਼ਾ ਦੀ ਵਰਤੋਂ ਕਰਦੇ ਹਨ ਤਾਂ ਜੋ ਕਿਸਾਨ ਗ਼ੁੱਸੇ ਵਿੱਚ ਆ ਕੇ ਗੈਰ ਸੰਵਿਧਾਨਕ ਗਤੀਵਿਧੀਆਂ ਨੂੰ ਅੰਜ਼ਾਮ ਦੇਣ।