ਤਸਕਰ ਪੰਜ ਕਿਲੋ ਹੈਰੋਇਨ ਸਣੇ ਕਾਬੂ
ਸਰਹੱਦ ਪਾਰੋਂ ਨਸ਼ਾ ਤਸਕਰੀ ਮਾਮਲੇ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਮੁਲਜ਼ਮ ਨੂੰ 5.025 ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਾਜਪਾਲ ਸਿੰਘ (25) ਵਜੋਂ ਹੋਈ ਹੈ। ਉਹ ਛੇਹਰਟਾ, ਅੰਮ੍ਰਿਤਸਰ ਵਿੱਚ ਮਜੀਦ ਬਿਲਡਿੰਗ ਦਾ ਰਹਿਣ ਵਾਲਾ ਹੈ। ਉਸ ਦਾ ਪਿਛੋਕੜ ਅਪਰਾਧਕ ਅਤੇ ਉਸ ਵਿਰੁੱਧ ਐੱਨ ਡੀ ਪੀ ਐੱਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਹਨ। ਡੀ ਜੀ ਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨੀ ਹੈਂਡਲਰ ਵੱਲੋਂ ਚਲਾਏ ਜਾ ਰਹੇ ਨੈੱਟਵਰਕ ਵਿੱਚ ਸ਼ਾਮਲ ਹੈ। ਉਹ ਡੇਰਾ ਬਾਬਾ ਨਾਨਕ ਸੈੱਕਟਰ ਦੀ ਵਰਤੋਂ ਕਰ ਕੇ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀਆਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ। ਇਸ ਮਾਮਲੇ ਵਿੱਚ ਅਗਲੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਗੱਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ।
ਇੱਥੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲੀਸ ਕਮਿਸ਼ਨਰ (ਸੀ ਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅਗਸਤ 2025 ਵਿੱਚ ਨਸ਼ਾ ਤਸਕਰ ਲੱਕੀ ਨੂੰ ਤਿੰਨ ਕਿਲੋ ਹੈਰੋਰਿਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ, ਉਸੇ ਮਾਮਲੇ ਦੀ ਜਾਂਚ ਦੌਰਾਨ ਪੁਲੀਸ ਨੇ ਰਾਜਪਾਲ ਸਿੰਘ ਦੀ ਸ਼ਮੂਲੀਅਤ ਪਾਈ ਸੀ। ਇਸ ਕਾਰਨ ਉਸ ਨੂੰ ਐੱਫ ਆਈ ਆਰ ਵਿੱਚ ਨਾਮਜ਼ਦ ਕੀਤਾ ਗਿਆ ਸੀ। ਇਸ ਤੋਂ ਬਾਅਦ 19 ਅਕਤੂਬਰ ਨੂੰ ਪੁਲੀਸ ਨੇ ਰਾਜਪਾਲ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਖ਼ੁਲਾਸੇ ਤੋਂ ਬਾਅਦ 5.025 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਸ੍ਰੀ ਭੁੱਲਰ ਨੇ ਕਿਹਾ ਕਿ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਖੇਪ ਲੁਕਾਉਣ ਲਈ ਕੱਪੜਿਆਂ ਨਾਲ ਭਰੇ ਬੈਗਾਂ ਦੀ ਵਰਤੋਂ ਕਰ ਰਿਹਾ ਸੀ ਅਤੇ ਉਨ੍ਹਾਂ ਬੈਗਾਂ ਨੂੰ ਸੁਰੱਖਿਅਤ ਢੰਗ ਨਾਲ ਟਿਕਾਣੇ ’ਤੇ ਭੇਜਣ ਲਈ ਬੱਸਾਂ ਰਾਹੀਂ ਜਲੰਧਰ ਅਤੇ ਲੁਧਿਆਣਾ ਸਣੇ ਵੱਖ-ਵੱਖ ਬੱਸ ਅੱਡਿਆਂ ’ਤੇ ਪਹੁੰਚਾਇਆ ਜਾਂਦਾ ਸੀ। ਇਸ ਸਬੰਧੀ ਥਾਣਾ ਛੇਹਰਟਾ ਵਿੱਚ ਕੇਸ ਦਰਜ ਕੀਤਾ ਜਾ ਚੁੱਕਾ ਹੈ।
