ਜਸਵੰਤ ਜੱਸ
ਫ਼ਰੀਦਕੋਟ, 2 ਮਈ
ਇੱਥੋਂ ਨੇੜਲੇ ਪਿੰਡ ਮਚਾਕੀ ਖੁਰਦ ਵਿੱਚ ਦੇਰ ਰਾਤ ਦਰਜਨ ਦੇ ਕਰੀਬ ਹਥਿਆਰਬੰਦ ਵਿਅਕਤੀਆਂ ਨੇ ਪਿੰਡ ਵਿੱਚ ਬਣੀ ਨਸ਼ਾ ਵਿਰੋਧੀ ਟੀਮ ਦੇ ਮੈਂਬਰ ਗੁਰਜੀਤ ਸਿੰਘ ’ਤੇ ਹਮਲਾ ਕਰ ਦਿੱਤਾ, ਜਿਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਗੁਰਜੀਤ ਸਿੰਘ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਸ ਨੇ ਲੋਕਾਂ ਨੂੰ ਨਸ਼ਾ ਸਪਲਾਈ ਹੋਣ ਬਾਰੇ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਸੀ। ਇਸ ਵੀਡੀਓ ਦੀ ਰੰਜਿਸ਼ ਕਾਰਨ ਹੀ ਇਕ ਦਰਜਨ ਦੇ ਕਰੀਬ ਨਸ਼ਾ ਤਸਕਰਾਂ ਨੇ ਉਸ ਦੀ ਘਰ ਆ ਕੇ ਕੁੱਟਮਾਰ ਕੀਤੀ। ਇਸ ਦੌਰਾਨ ਜਦੋਂ ਉਸ ਦੀ ਮਾਤਾ ਨੇ ਉਸ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ਦੀ ਮਾਤਾ ਦੀ ਵੀ ਕੁੱਟਮਾਰ ਕੀਤੀ।
ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਨਸ਼ਾ ਤਸਕਰ ਅਜਿਹੇ ਨੌਜਵਾਨਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੇ ਹਨ, ਜੋ ਪਿੰਡਾਂ ਵਿੱਚ ਨਸ਼ੇ ਨਹੀਂ ਵਿਕਣ ਦੇ ਰਹੇ। ਨਸ਼ਿਆਂ ਖ਼ਿਲਾਫ਼ ਖੜ੍ਹਨ ਵਾਲੇ ਨੌਜਵਾਨਾਂ ਨੂੰ ਸੁੱਰੱਖਿਆ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ। ਵਿਧਾਇਕ ਨੇ ਇਹ ਮਾਮਲਾ ਤੁਰੰਤ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਤੇ ਗੁੰਡਾਗਰਦੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਉਨ੍ਹਾਂ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਜ਼ਿਲ੍ਹਾ ਪੁਲੀਸ ਮੁਖੀ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਪੁਲੀਸ ਨੇ ਇਸ ਮਾਮਲੇ ਵਿੱਚ ਜ਼ਖ਼ਮੀ ਹੋਏ ਨੌਜਵਾਨ ਦਾ ਬਿਆਨ ਲੈ ਲਿਆ ਹੈ ਅਤੇ ਉਸ ਦੇ ਆਧਾਰ ’ਤੇ ਜਾਂਚ ਕਰ ਕੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।