ਜਗਤਾਰ ਸਿੰਘ ਲਾਂਬਾਅੰਮ੍ਰਿਤਸਰ, 8 ਮਾਰਚਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਐਲਾਨ ਕੀਤਾ ਕਿ ਸਰਕਾਰ ਵੱਲੋਂ ਜਰਮਨੀ ਦੇ ਮਿਊਨਿਖ ਵਿੱਚ ਸਪੀਕਰਜ਼ ਪਲੇਟਫਾਰਮ ਦੀ ਤਰਜ਼ ’ਤੇ ਵਿਦਿਆਰਥੀਆਂ ਨੂੰ ਕਾਰੋਬਾਰ ਸਬੰਧੀ ਮਸਲਿਆਂ ’ਤੇ ਵਿਚਾਰ ਸਾਂਝੇ ਕਰਨ ਲਈ ਅੰਮ੍ਰਿਤਸਰ ਅਤੇ ਮੁਹਾਲੀ ਵਿੱਚ ਦੋ ਬ੍ਰੇਨਸਟੌਰਮਿੰਗ ਸੈਂਟਰ ਖੋਲ੍ਹੇ ਜਾਣਗੇ। ਮੁੱਖ ਮੰਤਰੀ ਨੇ ਔਰਤਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਰਾਜਨੀਤੀ ਵਿੱਚ ਵੀ ਵੱਧ ਤੋਂ ਵੱਧ ਅੱਗੇ ਆਉਣ, ਜਿਵੇਂ ਔਰਤਾਂ ਤੋਂ ਬਿਨਾਂ ਘਰ ਨਹੀਂ ਚੱਲ ਸਕਦਾ, ਉਸੇ ਤਰ੍ਹਾਂ ਔਰਤਾਂ ਤੋਂ ਬਿਨਾਂ ਦੇਸ਼ ਵੀ ਨਹੀਂ ਚਲ ਸਕਦਾ। ਉਹ ਅੱਜ ਇੱਥੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਸਥਾਨਕ ਖਾਲਸਾ ਕਾਲਜ (ਮਹਿਲਾ) ਵਿੱਚ ਸਮਾਗਮ ਵਿੱਚ ਸ਼ਾਮਲ ਹੋਣ ਆਏ ਸਨ।ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਵਿਚਾਰ-ਚਰਚਾ ਕਰਨ ਲਈ ਸਕੂਲ ਪੱਧਰ ’ਤੇ ਬਿਜ਼ਨੈੱਸ ਬਲਾਸਟਰਜ਼ ਪਹਿਲਕਦਮੀ ਪਹਿਲਾਂ ਹੀ ਸ਼ੁਰੂ ਕੀਤੀ ਹੋਈ ਹੈ ਅਤੇ ਵਿਦਿਆਰਥੀਆਂ ਨੂੰ 11 ਕਰੋੜ ਰੁਪਏ ਵੀ ਵੰਡੇ ਜਾ ਚੁੱਕੇ ਹਨ। ਇਸ ਨਿਵੇਕਲੀ ਪੇਸ਼ਕਦਮੀ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਚਾਰ-ਚਰਚਾ ਲਈ ਸੁਚੱਜਾ ਪਲੇਟਫਾਰਮ ਪ੍ਰਦਾਨ ਕਰਨਾ ਹੈ ਤਾਂ ਜੋ ਨਵੇਂ ਕਾਰੋਬਾਰੀ ਵਿਚਾਰ ਅੱਗੇ ਆ ਸਕਣ। ਉਨ੍ਹਾਂ ਕਿਹਾ ਕਿ ਔਰਤਾਂ ਤੋਂ ਬਿਨਾਂ ਸਮਾਜ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਾਲਜ ਦੀਆਂ ਵਿਦਿਆਰਥਣਾਂ ਨੂੰ ਆਖਿਆ ਕਿ ਉਹ ਆਪਣੀਆਂ ਰੋਲ ਮਾਡਲ ਖੁਦ ਬਣਨ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਕੁੜੀ ਸਮਾਜ ਵਿੱਚ ਚੰਗਾ ਨਾਮਣਾ ਖੱਟਣ ਵਾਲਾ ਕੰਮ ਕਰਦੀ ਹੈ ਤਾਂ ਉਹ ਹੋਰਨਾਂ ਕੁੜੀਆਂ ਤੇ ਪਰਿਵਾਰਾਂ ਲਈ ਪ੍ਰੇਰਨਾਸਰੋਤ ਬਣਦੀ ਹੈ।ਉਨ੍ਹਾਂ ਖੁਲਾਸਾ ਕੀਤਾ ਕਿ ਸਰਕਾਰ ਵੱਲੋਂ ਫਾਇਰ ਸੇਫਟੀ ਐਕਟ ਵਿੱਚ ਸੋਧ ਕੀਤੀ ਗਈ ਹੈ, ਜਿਸ ਨਾਲ ਹੁਣ ਕੁੜੀਆਂ ਨੂੰ ਫਾਇਰ ਬ੍ਰਿਗੇਡ ਸੇਵਾਵਾਂ ਵਿੱਚ ਅੱਗੇ ਆਉਣ ਦਾ ਮੌਕਾ ਮਿਲੇਗਾ ਅਤੇ ਇਸ ਨਾਲ ਪੰਜਾਬ ਪਹਿਲਾ ਅਜਿਹਾ ਸੂਬਾ ਬਣੇਗਾ, ਜਿੱਥੇ ਫਾਇਰ ਬ੍ਰਿਗੇਡ ਸੇਵਾਵਾਂ ਵਿੱਚ ਕੁੜੀਆਂ ਵੀ ਸ਼ਾਮਲ ਹੋਣਗੀਆਂ। ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਹੋਰ ਵਿਧਾਇਕ ,ਖਾਲਸਾ ਕਾਲਜ ਗਵਰਨਿੰਗ ਬਾਡੀ ਦੇ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਹਾਜ਼ਰ ਸਨ।ਸਿੰਗਾਪੁਰ ਲਈ ਪ੍ਰਿੰਸੀਪਲਾਂ ਨੂੰ ਕੀਤਾ ਰਵਾਨਾਚੰਡੀਗੜ੍ਹ (ਆਤਿਸ਼ ਗੁਪਤਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਇੱਥੇ ਆਪਣੀ ਸਰਕਾਰੀ ਰਿਹਾਇਸ਼ ਤੋਂ ਝੰਡੀ ਦਿਖਾ ਕੇ ਸਿੰਗਾਪੁਰ ਲਈ ਰਵਾਨਾ ਕੀਤਾ। ਇਹ ਪ੍ਰਿੰਸੀਪਲ 9 ਤੋਂ 15 ਮਾਰਚ ਤੱਕ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਪ੍ਰਾਪਤ ਕਰਨਗੇ। ਸ੍ਰੀ ਮਾਨ ਨੇ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ’ਤੇ ਵਿਦੇਸ਼ ਜਾਣ ਵਾਲਿਆਂ ਵਿੱਚ ਵਧੇਰੇ ਪ੍ਰਿੰਸੀਪਲ ਔਰਤਾਂ ਹਨ।ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।ਉਨ੍ਹਾਂ ਕਿਹਾ ਕਿ ਮਿਡਲ, ਸੈਕੰਡਰੀ ਤੇ ਹਾਈ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖਤਰੇ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨੂੰ ਸਕੂਲਾਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਭਾਰਤੀ ਕ੍ਰਿਕਟ ਟੀਮ ਨੂੰ ਅੱਜ ਹੋਣ ਵਾਲੇ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੈਚ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿਖਲਾਈ ਦੇਣ ਲਈ 306 ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਵਿਸ਼ਵ ਪੱਧਰ ਦੀ ਸਿਖਲਾਈ ਦਿਵਾਈ ਹੈ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਵਿਦੇਸ਼ ਤੋਂ ਸਿਖਲਾਈ ਦਿਵਾਉਣ ਵਾਲਾ ਦੇਸ਼ ਦਾ ਪਹਿਲਾਂ ਸੂਬਾ ਪੰਜਾਬ ਬਣ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਕੂਲ ਸਿੱਖਿਆ ਪ੍ਰਸ਼ਾਸਕਾਂ ਨੂੰ ਸਰਕਾਰੀ ਖਰਚੇ ’ਤੇ ਸਵਿਟਜ਼ਰਲੈਂਡ, ਸਿੰਗਾਪੁਰ, ਫਿਨਲੈਂਡ ਵਰਗੇ ਦੇਸ਼ਾਂ ਤੇ ਹਾਰਵਰਡ ਤੇ ਆਕਸਫੋਰਡ ਵਰਗੀਆਂ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ ਤਾਂ ਕਿ ਉਹ ਆਧੁਨਿਕ ਸਿੱਖਿਆ ਜੁਗਤਾਂ ਰਾਹੀਂ ਸਿੱਖਿਆ ਪ੍ਰਣਾਲੀ ਨੂੰ ਅਗਲੇ ਪੱਧਰ ’ਤੇ ਲੈ ਜਾਣ।