ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 28 ਫਰਵਰੀ
ਅਮਰੀਕਾ ਦੀ ਯੂਨਾਈਟਿਡ ਸਿੱਖ ਮਿਸ਼ਨ ਜਥੇਬੰਦੀ ਵਲੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਚ 78 ਕਿਲੋਵਾਟ ਦੀ ਸਮਰਥਾ ਵਾਲਾ ਸੂਰਜੀ ਊਰਜਾ ਪਲਾਂਟ ਸਥਾਪਿਤ ਕੀਤਾ ਗਿਆ ਜਿਸ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਅਰਦਾਸ ਉਪਰੰਤ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾਂ ਸਿੱਖ ਜਥੇਬੰਦੀ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵਲੋਂ ਹਰਿਮੰਦਰ ਸਾਹਿਬ ਵਿਖੇ ਵੀ ਵੱਡਾ ਸੂਰਜੀ ਊਰਜਾ ਪਲਾਂਟ ਸਥਾਪਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸੇ ਤਰ੍ਹਾਂ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਵੀ ਸੂਰਜੀ ਊਰਜਾ ਪਲਾਂਟ ਲਗਾਉਣ ਲਈ ਪ੍ਰਵਾਨਗੀ ਮਿਲ ਚੁੱਕੀ ਹੈ, ਜਿਸ ਦੀ ਜਲਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਰਜੀ ਊਰਜਾ ਨਾਲ ਬਿਜਲੀ ਪੈਦਾ ਹੋਣ ਕਰਕੇ ਜਿਥੇ ਬਿਜਲੀ ਦੀ ਸਮੱਸਿਆ ਦਾ ਹੱਲ ਹੋਵੇਗਾ, ਉਥੇ ਹੀ ਬਿਜਲੀ ਖਰਚੇ ਵੀ ਘਟਣਗੇ।
ਧਾਰਮਿਕ ਪ੍ਰੀਖਿਆ ਦੇ ਮੋਹਰੀ ਵਿਦਿਆਰਥੀਆਂ ਦਾ ਸਨਮਾਨ
ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਸਾਲ ਫਰਵਰੀ ਵਿਚ ਲਈ ਗਈ ਸਾਲਾਨਾ ਧਾਰਮਿਕ ਪ੍ਰੀਖਿਆ ਵਿਚ ਵਜ਼ੀਫੇ ਪ੍ਰਾਪਤ ਕਰਨ ਵਾਲੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ 87 ਵਿਦਿਆਰਥੀਆਂ ਨੂੰ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਜ਼ੀਫੇ ਦੇ ਚੈੱਕ ਦੇ ਕੇ ਸਨਮਾਨਿਤ ਕੀਤਾ। ਧਾਰਮਿਕ ਪ੍ਰੀਖਿਆ ਵਿਚੋਂ ਦਰਜਾ ਪਹਿਲਾ ਵਿਚ 149, ਦਰਜਾ ਦੂਜਾ ਵਿਚ 799, ਦਰਜਾ ਤੀਜਾ ਵਿਚ 129 ਅਤੇ ਦਰਜਾ ਚੌਥਾ ਵਿਚ 16 ਵਿਦਿਆਰਥੀਆਂ ਨੇ ਵਜ਼ੀਫਾ ਪ੍ਰਾਪਤ ਕੀਤਾ ਹੈ।