ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 26 ਅਕਤੂਬਰ
ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ 525 ਕਿਲੋਵਾਟ ਸਮਰੱਥਾ ਵਾਲਾ ਸੂਰਜੀ ਉਰਜਾ ਪਲਾਂਟ ਸਥਾਪਤ ਕੀਤਾ ਹੈ, ਜਿਸ ਨਾਲ ਹੁਣ ਬਿਜਲੀ ਦੇ ਖਰਚੇ ਵਿੱਚ ਲੱਖਾਂ ਰੁਪਏ ਦੀ ਕਟੌਤੀ ਹੋਵੇਗੀ। ਅੱਜ ਇਸ ਪਲਾਂਟ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ।
ਇਸ ਸੂਰਜੀ ਉਰਜਾ ਪਲਾਂਟ ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਵੱਲੋਂ ਕੀਤੀ ਗਈ ਹੈ, ਜਿਸ ਨੇ ਥੋੜ੍ਹੇ ਸਮੇਂ ਵਿੱਚ ਹੀ ਇਕ ਹਿੱਸੇ ਨੂੰ ਤਿਆਰ ਕਰ ਦਿੱਤਾ ਹੈ। ਕੁਲ 3 ਮੈਗਾਵਾਟ ਦੇ ਸਥਾਪਤ ਕੀਤੇ ਜਾ ਰਹੇ ਪਲਾਂਟ ਵਿੱਚੋਂ 525 ਕਿਲੋਵਾਟ ਦੀ ਸਮਰੱਥਾ ਦਾ ਪਲਾਂਟ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਮੁੱਖ ਦਫ਼ਤਰ ਅਤੇ ਸਰਾਵਾਂ ਦੀਆਂ ਇਮਾਰਤਾਂ ’ਤੇ ਲਗਾਇਆ ਗਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ ਕਿ ਕੁਦਰਤੀ ਸਰੋਤਾਂ ਦੀ ਵਰਤੋਂ ਕਰ ਕੇ ਬਿਜਲੀ ਤਿਆਰ ਕੀਤੀ ਜਾਵੇ। ਅੱਜ ਦੇ ਤਕਨੀਕੀ ਯੁੱਗ ਵਿੱਚ ਇਹ ਕਾਰਜ ਬਹੁਤ ਸੁਖਾਲਾ ਵੀ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਪਹਿਲ ਦੇ ਆਧਾਰ ’ਤੇ ਸ਼ੁਰੂ ਕੀਤਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੁਲ 3 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਤਿਆਰ ਕੀਤਾ ਜਾਣਾ ਹੈ। ਸ੍ਰੀ ਦਰਬਾਰ ਸਾਹਿਬ ਨੇੜੇ ਇਮਾਰਤਾਂ ਉੱਪਰ 525 ਕਿਲੋਵਾਟ ਸਮਰੱਥਾ ਵਾਲਾ ਪਲਾਂਟ ਹੀ ਸਥਾਪਤ ਹੋ ਸਕਿਆ ਹੈ, ਜਦਕਿ ਪਲਾਂਟ ਦਾ ਬਾਕੀ ਹਿੱਸਾ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿੱਚ ਲਗਾਇਆ ਜਾਵੇਗਾ। ਇਸ ਸਬੰਧੀ ਸਾਰੀ ਕਾਰਵਾਈ ਲਗਪਗ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿੱਚ ਵੀ ਸੂਰਜੀ ਊਰਜਾ ਦੇ ਪਲਾਂਟ ਲਗਾਉਣ ਦਾ ਕੰਮ ਚੱਲ ਰਿਹਾ ਹੈ।
ਸ਼੍ਰੋਮਣੀ ਕਮੇਟੀ ਤਰਨ ਤਾਰਨ ’ਚ ਖੋਲ੍ਹੇਗੀ ਲੜਕੀਆਂ ਦਾ ਸਿੱਖ ਮਿਸ਼ਨਰੀ ਕਾਲਜ
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਇਥੇ ਤਰਨ ਤਾਰਨ ਵਿੱਚ ਮਾਤਾ ਸਾਹਿਬ ਕੌਰ ਦੇ ਨਾਂ ’ਤੇ ਲੜਕੀਆਂ ਦਾ ਸਿੱਖ ਮਿਸ਼ਨਰੀ ਕਾਲਜ ਖੋਲ੍ਹਣ ਅਤੇ ਸਿੱਖ ਮਿਸ਼ਨਰੀ ਸੰਸਥਾਵਾਂ ਨੂੰ ਇੱਕ-ਇੱਕ ਲੱਖ ਰੁਪਏ ਸਾਲਾਨਾ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਅਤੇ ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਮਿਸ਼ਨਰੀ ਸੰਸਥਾਵਾਂ ਦੇ ਕਰਵਾਏ ਗਏ ਇਕ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਸਮਾਗਮ ਦੌਰਾਨ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਪ੍ਰਚਾਰਕ, ਰਾਗੀ, ਤਬਲਾ ਵਾਦਕ ਗ੍ਰੰਥੀ ਤਿਆਰ ਕਰਦੀਆਂ 56 ਸਿੱਖ ਮਿਸ਼ਨਰੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿਚ ਪ੍ਰਚਾਰਕਾਂ ਨੇ ਸ਼ਿਰਕਤ ਕੀਤੀ। ਬੀਬੀ ਜਗੀਰ ਕੌਰ ਨੇ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਸਿੱਖ ਮਿਸ਼ਨਰੀ ਕਾਲਜਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਸਮਾਗਮ ’ਚ ਸਿੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਮਤਿ ਕੀਰਤਨ ਕੀਤਾ ਅਤੇ ਵੱਖ-ਵੱਖ ਵਿਦਵਾਨਾਂ ਨੇ ਸੰਗਤ ਨਾਲ ਵਿਚਾਰ ਵੀ ਸਾਂਝੇ ਕੀਤੇ।