ਸੂਬੇ ਦੀਆਂ ਸਰਕਾਰੀ ਇਮਾਰਤਾਂ ’ਤੇ ਲੱਗਣਗੇ ਸੂਰਜੀ ਊਰਜਾ ਪਲਾਂਟ
ਆਤਿਸ਼ ਗੁਪਤਾ
ਚੰਡੀਗੜ੍ਹ, 10 ਜੁਲਾਈ
ਪੰਜਾਬ ਸਰਕਾਰ ਵੱਲੋਂ ਮਾਰਚ 2026 ਤੱਕ ਸੂਬੇ ਭਰ ਵਿੱਚ 390 ਸਰਕਾਰੀ ਇਮਾਰਤਾਂ ਦੀਆਂ ਛੱਤਾਂ ’ਤੇ 30 ਮੈਗਾਵਾਟ ਦੀ ਸੰਯੁਕਤ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ। ਇਸ ਬਾਰੇ ਅੱਜ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਪੇਡਾ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਸ੍ਰੀ ਅਰੋੜਾ ਨੇ ਕਿਹਾ ਕਿ 30 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਨੂੰ 150 ਕਰੋੜ ਰੁਪਏ ਦੀ ਲਾਗਤ ਨਾਲ ਲਗਾਇਆ ਜਾਵੇਗਾ। ਇਸ ਪ੍ਰਾਜੈਕਟ ਨਾਲ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਬਿਜਲੀ ਖਰਚ ਵਿੱਚ ਸਾਲਾਨਾ 15 ਕਰੋੜ ਰੁਪਏ ਦੀ ਬੱਚਤ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਇਸ ਬਾਰੇ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ 390 ਸਰਕਾਰੀ ਇਮਾਰਤਾਂ ਵਿੱਚ ਸਿਹਤ ਤੇ ਪਰਿਵਾਰ ਭਲਾਈ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਟਰਾਂਸਪੋਰਟ, ਖੇਤੀਬਾੜੀ ਤੇ ਕਿਸਾਨ ਭਲਾਈ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਗ੍ਰਹਿ ਮਾਮਲੇ ਤੇ ਨਿਆਂ, ਮੈਡੀਕਲ ਸਿੱਖਿਆ ਅਤੇ ਖੋਜ, ਸਥਾਨਕ ਸਰਕਾਰਾਂ ਅਤੇ ਜਲ ਸਰੋਤ ਵਿਭਾਗ ਸਮੇਤ 25 ਪ੍ਰਮੁੱਖ ਵਿਭਾਗਾਂ ਦੀਆਂ ਇਮਾਰਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਿਛਲੇ ਤਿੰਨ ਸਾਲ ਵਿੱਚ 1098 ਸਰਕਾਰੀ ਇਮਾਰਤਾਂ ਦੀਆਂ ਛੱਤਾਂ ’ਤੇ 7.7 ਮੈਗਾਵਾਟ ਸਮੂਹਿਕ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਲਗਾਏ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਨੂੰ ਕੁਦਰਤੀ ਅਤੇ ਵਧੇਰੇ ਊਰਜਾ-ਕੁਸ਼ਲ ਸੂਬਾ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕੁਦਰਤੀ ਊਰਜਾ ਉਤਪਾਦਨ ਨੂੰ ਹੋਰ ਵਧਾਉਣ ਦੇ ਢੰਗ-ਤਰੀਕਿਆਂ ਦੀ ਪੜਚੋਲ ਕਰਨ ਦੇ ਨਿਰਦੇਸ਼ ਵੀ ਦਿੱਤੇ।