ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਪਰੈਲ
ਪੰਜਾਬ ਵਿੱਚ ਅੱਜ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਕਈ ਆਗੂ ‘ਆਪ’ ਸ਼ਾਮਲ ਹੋ ਗਏ ਜਿਨ੍ਹਾਂ ਵਿੱਚ ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ, ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ਅਤੇ ਐੱਨਐੱਸਯੂਆਈ ਪੰਜਾਬ ਦਾ ਮੀਤ ਪ੍ਰਧਾਨ ਰਾਹੁਲ ਸ਼ਰਮਾ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਆਗੂਆਂ ਨੂੰ ਜਲੰਧਰ ਵਿੱਚ ਰਸਮੀ ਤੌਰ ’ਤੇ ਪਾਰਟੀ ’ਚ ਸ਼ਾਮਲ ਕੀਤਾ। ਸ੍ਰੀ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਲਗਾਤਾਰ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਵੀ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਉਹ ਕੰਮ ਕੀਤੇ ਹਨ ਜੋ ਪਿਛਲੇ 70 ਸਾਲਾਂ ਵਿੱਚ ਨਾ ਹੋ ਸਕੇ ਹੋਣ। ਸ੍ਰੀ ਮਾਨ ਨੇ ਦਾਅਵਾ ਕੀਤਾ ਕਿ ‘ਆਪ’ ਦੋ ਸਾਲਾਂ ਦੇ ਕੰਮਾਂ ਦੇ ਆਧਾਰ ’ਤੇ ਹੀ ਪੰਜਾਬ ਵਿੱਚ 13-0 ਨਾਲ ਜਿੱਤ ਦਰਜ ਕਰਕੇ ਇਤਿਹਾਸ ਰਚੇਗੀ।