ਮਹਿੰਦਰ ਸਿੰਘ ਰੱਤੀਆਂ
ਮੋਗਾ, 3 ਮਾਰਚ
ਯੂਕਰੇਨ ਅਤੇ ਰੂਸ ਵਿਚਾਲੇ ਜੰਗ ਦੇ ਪੈਦਾ ਹੋਏ ਹਾਲਾਤਾਂ ਦੌਰਾਨ ਬੌਲੀਵੁੱਡ ਅਦਾਕਾਰ ਸੋਨੂ ਸੂਦ ਦੀ ਅਗਵਾਈ ਵਾਲੀ ਸੰਸਥਾ ਸੂਦ ਚੈਰੀਟੇਬਲ ਟਰੱਸਟ ਨੇ ਯੂਕਰੇਨ ਦੇ ਭਾਰਤੀ ਦੂਤਾਵਾਸ ਨਾਲ ਸੰਪਰਕ ਕਰਕੇ ਭਾਰਤੀ ਵਿਦਿਆਰਥੀਆਂ ਦੀ ਮਦਦ ਲਈ ਪਹਿਲਕਦਮੀ ਸ਼ੁਰੂ ਕਰ ਦਿੱਤੀ ਗਈ ਹੈ।
ਸੋਨੂ ਸੂਦ ਨੇ ਯੂਕਰੇਨ ਵਿੱਚ ਫਸੇ ਪੰਜਾਬ ਸਮੇਤ ਸਾਰੇ ਭਾਰਤੀ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਦੱਸੇ ਟਿਕਾਣੇ ’ਤੇ ਹੀ ਰਹਿਣ ਤਾਂ ਜੋ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਸਕੇ। ਅਦਾਕਾਰ ਨੇ ਕਿਹਾ ਕਿ ਜੇਕਰ ਵਿਦਿਆਰਥੀ ਉਸੇ ਥਾਂ ’ਤੇ ਰਹਿਣ ਤਾਂ ਭਾਰਤੀ ਦੂਤਘਰ ਉਨ੍ਹਾਂ ਨਾਲ ਆਸਾਨੀ ਨਾਲ ਸੰਪਰਕ ਕਰ ਸਕੇਗਾ। ਉਸ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਹੈ ਕਿ ਭਾਰਤੀ ਏਜੰਸੀ ਉਨ੍ਹਾਂ ਦਾ ਡਾਟਾ ਲੈ ਕੇ ਵਿਦਿਆਰਥੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ।
ਸੋਨੂੰ ਸੂਦ ਨੇ ਟਵੀਟ ਕਰਕੇ ਲਿਖਿਆ, ‘‘ਹਜ਼ਾਰਾਂ ਦੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਅਤੇ ਕਈ ਪਰਿਵਾਰ ਜੋ ਯੂਕਰੇਨ ਵਿੱਚ ਫਸੇ ਹੋਏ ਹਨ, ਮੈਨੂੰ ਉਮੀਦ ਹੈ ਕਿ ਸਰਕਾਰ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਮੈਂ ਭਾਰਤੀ ਦੂਤਾਵਾਸ ਨੂੰ ਅਪੀਲ ਕਰਦਾ ਹਾਂ ਕਿ ਉੱਥੇ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਕੋਈ ਬਦਲਵਾਂ ਰਸਤਾ ਲੱਭਿਆ ਜਾਵੇ। ਮੈਂ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸ ਕਰਦਾ ਹਾਂ।’’ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਅਤੇ ਨਾਗਰਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀ ਸੁਰੱਖਿਅਤ ਘਰ ਵਾਪਸੀ ਚਿੰਤਾ ਸਤਾ ਰਹੀ ਹੈ। ਹਾਲਾਂਕਿ ਭਾਰਤ ਸਰਕਾਰ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਸੁਰੱਖਿਅਤ ਦੇਸ਼ ਵਾਪਸ ਲਿਆਉਣ ਲਈ ਯਤਨ ਕਰ ਰਹੀ ਹੈ।