ਪੱਤਰ ਪ੍ਰੇਰਕ
ਅੰਮ੍ਰਿਤਸਰ, 1 ਅਕਤੂਬਰ
ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵੱਲੋਂ ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐਸ.ਪੀ.ਸਿੰਘ ਓਬਰਾਏ ਨੂੰ ਪੰਜਾਬ ਜੇਲ੍ਹ ਵਿਕਾਸ ਬੋਰਡ ਦਾ ਗ਼ੈਰ ਸਰਕਾਰੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਟਰੱਸਟ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਆਰ. ਵੈਂਕਟਰਤਨਮ ਵੱਲੋਂ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਉੱਘੇ ਸਮਾਜ ਸੇਵਕ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਪੰਜਾਬ ਦੀਆਂ ਸਮੁੱਚੀਆਂ ਜੇਲ੍ਹਾਂ ਅੰਦਰ ਕੈਦੀਆਂ ਦੀ ਬਿਹਤਰੀ ਲਈ ਵੱਡੇ ਆਰ.ਓ.ਸਿਸਟਮ, ਕੰਪਿਊਟਰ ਸੈਂਟਰ, ਸਿਲਾਈ ਸੈਂਟਰ, ਲਾਇਬ੍ਰੇਰੀਆਂ, ਮਹਿਲਾ ਕੈਦੀਆਂ ਦੇ ਛੋਟੇ ਬੱਚਿਆਂ ਦੀ ਸਾਂਭ ਸੰਭਾਲ ਲਈ ਬਾਲ ਘਰ ਖੋਲ੍ਹੇ ਗਏ ਹਨ। ਉਨ੍ਹਾਂ ਵਲੋਂ ਹਰ ਜੇਲ੍ਹ ਅੰਦਰ ਆਟਾ ਗੁੰਨ੍ਹਣ ਵਾਲੀਆਂ ਮਸ਼ੀਨਾਂ ਵੀ ਦਿੱਤੀਆਂ ਗਈਆਂ ਹਨ।