ਨਿੱਜੀ ਪੱਤਰ ਪ੍ਰੇਰਕ
ਜਲੰਧਰ, 27 ਅਕਤੂਬਰ
1997 ਬੈਚ ਦੇ ਆਈਏਐੱਸ ਅਧਿਕਾਰੀ ਵੀਕੇ ਮੀਨਾ ਨੇ ਅੱਜ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਸਵੇਰੇ ਸਰਕਟ ਹਾਊਸ ਵਿਚ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਸਨਮਾਨ ਵਜੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਸਮੇਤ ਵੱਖ-ਵੱਖ ਸਿਵਲ ਅਤੇ ਪੁਲੀਸ ਦੇ ਅਧਿਕਾਰੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਵੀ ਕੀਤਾ।ਇਸ ਮੌਕੇ ਸ੍ਰੀ ਵੀਕੇ ਮੀਨਾ ਨੇ ਮੀਡੀਆ ਦੇ ਰੂਬਰੂ ਹੁੰਦਿਆਂ ਕਿਹਾ ਕਿ ਜਲੰਧਰ ਡਿਵੀਜ਼ਨ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬੁਢਾਪਾ ਪੈਨਸ਼ਨ, 5-5 ਮਰਲੇ ਦੇ ਪਲਾਟ ਸਮੇਤ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਵਾਉਣਾ ਵੀ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਵਿੱਢੇ ਹੋਏ ਵਿਕਾਸ ਪ੍ਰੋਜੈਕਟਾਂ ਨੂੰ ਵੀ ਜਲਦੀ ਮੁਕੰਮਲ ਕਰਵਾਉਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਤਿਓਹਾਰੀ ਸੀਜ਼ਨਾਂ ਦੌਰਾਨ ਮਿਲਾਵਟਖੋਰੀ ਖਿਲਾਫ਼ ਸਖ਼ਤ ਕਦਮ ਪੁੱਟੇ ਜਾਣਗੇ। ਉਨ੍ਹਾਂ ਰੈਵੇਨਿਊ ਕੇਸਾਂ ਸਬੰਧੀ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਕੇਸਾਂ ਨੁੂੰ ਗੰਭੀਰਤਾ ਨਾਲ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਫ਼ ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣਾ ਵੀ ਉਨ੍ਹਾਂ ਦਾ ਮੁੱਖ ਉਦੇਸ਼ ਹੋਵੇਗਾ।
ਇਸ ਉਪਰੰਤ ਉਨ੍ਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀਆਂ ਸੇਵਾਵਾਂ ਸਬੰਧੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨ ਦਿੱਤਾ ਜਾਵੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਬੈਂਸ, ਵਧੀਕ ਡਿਪਟੀ ਕਮਿਸ਼ਨਰ (ਅਰਬਨ ਡਿਵੈਲਪਮੈਂਟ) ਹਿਮਾਂਸ਼ੂ ਜੈਨ, ਡਿਪਟੀ ਕਮਿਸ਼ਨਰ ਪੁਲੀਸ ਜਗਮੋਹਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।