ਨਿੱਜੀ ਪੱਤਰ ਪ੍ਰੇਰਕ
ਫ਼ਾਜ਼ਿਲਕਾ, 18 ਦਸੰਬਰ
ਸਟੇਟ ਸਪੈਸ਼ਲ ਅਪਰੇਸ਼ਨ ਸੈਲ ਫ਼ਾਜ਼ਿਲਕਾ ਨੂੰ ਇਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਸੈੱਲ ਨੇ ਪੁਲੀਸ ਵੱਲੋਂ ਮਿਲੀ ਸੂਚਨਾ ਦੇ ਆਧਾਰ ’ਤੇ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਕੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਪੁਲੀਸ ਵੱਲੋਂ ਕੌਮਾਂਤਰੀ ਸਰਹੱਦ ਨੇੜੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਨਿਸ਼ਾਨਦੇਹੀ ’ਤੇ 13 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ’ਚ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਕਮਿਸ਼ਨਰੇਟ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਯੂਨਿਟ ਦੀ ਟੀਮ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਇਕ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਪੈਸ਼ਲ ਯੂਨਿਟ ਦੇ ਇੰਚਾਰਜ ਅਤੇ ਸਬ-ਇੰਸਪੈਕਟਰ ਅਸ਼ੋਕ ਕੁਮਾਰ ਨੇ ਨਾਕਾਬੰਦੀ ਦੌਰਾਨ ਫੋਕਲ ਪੁਆਇੰਟ ਚੌਕ ’ਚ ਦੋ ਨੌਜਵਾਨਾਂ ਨੂੰ ਹੈਰੋਇਨ ਦੀ ਸਪਲਾਈ ਕਰਨ ਮੌਕੇ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਦੀ ਪਛਾਣ ਰਿਆਜ਼ ਅਹਿਮਦ ਤੇ ਜੌਹਰ ਅਹਿਮਦ ਮਲਿਕ ਦੋਵੇਂ ਵਾਸੀ ਹਲਮਤਪੁਰਾ ਜੰਮੂ ਕਸ਼ਮੀਰ ਵਜੋਂ ਹੋਈ ਹੈ। ਸਬ ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਟਰਾਂਸਪੋਰਟ ਨਗਰ ਨੇੜੇ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਰਿਆਜ਼ ਅਹਿਮਦ ਕੋਲੋਂ 750 ਗ੍ਰਾਮ ਅਤੇ ਜੌਹਰ ਅਹਿਮਦ ਕੋਲੋਂ 250 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਰਿਆਜ਼ ਅਹਿਮਦ ਨੇ ਪੁੱਛ ਪੜਤਾਲ ਦੌਰਾਨ ਦੱਸਿਆ ਕਿ ਉਸ ਨੇ 15 ਸਾਲ ਫੌਜ ਵਿੱਚ ਨੌਕਰੀ ਕੀਤੀ ਸੀ ਤੇ ਫਿਰ ਉਹ ਗਲਤ ਕੰਮਾਂ ’ਚ ਪੈ ਗਿਆ ਸੀ। ਉਹ ਜ਼ਿਆਦਾਤਰ ਟਰੱਕ ਡਰਾਈਵਰਾਂ ਨਾਲ ਮਿਲ ਕੇ ਨਸ਼ੇ ਦੀ ਸਪਲਾਈ ਕਰਦਾ ਸੀ। ਉਸ ਦੇ ਇੰਟਰਨੈਸ਼ਨਲ ਨਸ਼ਾ ਤਸਕਰਾਂ ਨਾਲ ਵੀ ਸਬੰਧ ਬਣ ਗਏ ਸਨ। ਉਹ ਆਪਣੇ ਦੋਸਤ ਨਾਲ ਜੰਮੂ ਤੋਂ ਜਲੰਧਰ ਵਿੱਚ ਨਸ਼ੇ ਦੀ ਸਪਲਾਈ ਕਰਨ ਲਈ ਆਇਆ ਸੀ। ਪੁਲੀਸ ਨੇ ਇਨ੍ਹਾਂ ਦੋਵਾਂ ਮੁਲਜ਼ਮਾਂ ਵਿਰੁੱਧ ਥਾਣਾ ਡਿਵੀਜ਼ਨ ਨੰਬਰ ਅੱਠ ਵਿਚ ਐੱਨਡੀਪੀਸੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
800 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
ਅਟਾਰੀ (ਪੱਤਰ ਪ੍ਰੇਰਕ): ਨਾਰਕੋਟਿਕ ਇੰਚਾਰਜ ਇੰਸਪੈਕਟਰ ਬਲਵਿੰਦਰ ਸਿੰਘ ਤੇ ਸੀਆਈਏ ਸਟਾਫ਼ ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਦੀਆਂ ਟੀਮਾਂ ਨੇ ਅੱਜ ਭਕਨਾ ਕਲਾਂ ਤੋਂ ਝਬਾਲ ਜਾਂਦੀ ਸੜਕ ’ਤੇ ਪਿੰਡ ਭਕਨਾ ਕਲਾਂ ਨੇੜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇੜੇ ਨਾਕਾਬੰਦੀ ਦੌਰਾਨ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ ਦੋ ਨੌਜਵਾਨ ਜਰਨੈਲ ਸਿੰਘ ਪੁੱਤਰ ਸੰਤਾ ਸਿੰਘ ਅਤੇ ਗੁਰਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਝੁੱਗੀਆਂ ਨੱਥਾ ਸਿੰਘ ਜ਼ਿਲ੍ਹਾ ਤਰਨ ਤਾਰਨ ਨੂੰ ਕਾਬੂ ਕਰਕੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਕਰਮਵਾਰ 400-400 ਗ੍ਰਾਮ ਕੁੱਲ 800 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲੀਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਘਰਿੰਡਾ ਵਿੱਚ ਮੁਕੱਦਮਾ ਦਰਜ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਤੋਂ ਬਾਰੀਕੀ ਨਾਲ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।