ਵਿਸ਼ੇਸ਼ ਪੈਕੇਜ: ਮੁੱਖ ਮੰਤਰੀ ਮਾਨ ਮਗਰੋਂ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਹੈ। ਵੜਿੰਗ ਨੇ ਪੱਤਰ ਵਿੱਚ ਕਿਹਾ ਕਿ ਪੰਜਾਬ ਦੇ ਅੱਠ ਜ਼ਿਲ੍ਹਿਆਂ ਦੇ 1300 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ ਜਿੱਥੇ ਕਿਸਾਨਾਂ ਦੀ ਲੱਖਾਂ ਏਕੜ ਫਸਲ ਤਬਾਹ ਹੋ ਚੁੱਕੀ ਹੈ। ਅਜਿਹੇ ਹਾਲਾਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿੱਜੀ ਤੌਰ ’ਤੇ ਦਖਲ ਦਿੰਦਿਆਂ ਪੰਜਾਬ ਲਈ ਵਿਸ਼ੇਸ਼ ਪੈਕੇਜ ਜਾਰੀ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਅੰਨ ਭੰਡਾਰ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਉਂਦਾ ਹੈ ਪਰ ਅੱਜ ਉਸੇ ਪੰਜਾਬ ਦੀ ਖੇਤੀਬਾੜੀ ਤਬਾਹ ਹੋ ਚੱਲੀ ਹੈ। ਇਸ ਲਈ ਕੇਂਦਰ ਸਰਕਾਰ ਨੂੰ ਅੱਗੇ ਹੋ ਕੇ ਪੰਜਾਬੀਆਂ ਦੀ ਬਾਂਹ ਫੜਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਵੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਵਿਸ਼ੇਸ਼ ਪੈਕੇਜ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਲੰਘੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਪੰਜਾਬ ਦਾ ਬਕਾਇਆ 60 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦੀ ਮੰਗ ਕੀਤੀ ਹੈ।