ਵਿਸ਼ੇਸ਼ ਸਕੱਤਰ ਵੱਲੋਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਪੰਜਾਬ ਸਰਕਾਰ ਦੇ ਵਿਸ਼ੇਸ ਸਕੱਤਰ ਸਿਹਤ-ਕਮ-ਨੈਸ਼ਨਲ ਹੈਲਥ ਮਿਸ਼ਨ (ਐੱਨ ਐੱਚ ਐੱਮ) ਦੇ ਮੈਨੇਜਿੰਗ ਡਾਇਰੈਕਟਰ ਘਨਸ਼ਿਆਮ ਥੋਰੀ ਵੱਲੋਂ ਅੱਜ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡ ਜੱਲੋ ਕੇ ਵਿਖੇ ਲੱਗੇ ਮੈਡੀਕਲ ਕੈਂਪ ਦੇ ਪ੍ਰਬੰਧਾਂ ਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤਾਂ ਨੂੰ ਪਹਿਲਾਂ ਹੀ ਦਵਾਈਆਂ, ਕਲੋਰੀਨ ਅਤੇ ਓਆਰਐਸ ਆਦਿ ਮੁਹੱਈਆ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਹੜ੍ਹ ਪੀੜਤਾਂ ਲਈ ਦਵਾਈਆਂ ਅਤੇ ਹੋਰ ਸਿਹਤ ਸਹੂਲਤਾਂ ਵਾਸਤੇ ਫੰਡ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਹੁਣ ਤੱਕ 400 ਦੇ ਕਰੀਬ ਮੈਡੀਕਲ ਕੈਂਪ ਲਾਏ ਗਏ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰਮੀ, ਬੀ ਐਸ ਐਫ਼, ਐਨ ਡੀ ਆਰ ਐਫ਼ ਅਤੇ ਪੰਜਾਬ ਪੁਲੀਸ ਦੇ ਸਹਿਯੋਗ ਨਾਲ ਰਾਹਤ ਕਾਰਜਾਂ ਜੰਗੀ ਪੱਧਰ ’ਤੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ ਨਾਲ ਲੱਗਦੇ ਜ਼ਿਲ੍ਹੇ ਦੇ 100 ਤੋਂ ਵੱਧ ਪਿੰਡ ਹੜ੍ਹ ਪ੍ਰਭਾਵਿਤ ਹੋਏ ਹਨ। ਜਿੰਨਾਂ ਦੇ ਬਚਾਅ ਕਾਰਜਾਂ ਵਿੱਚ ਧਾਰਮਿਕ ਸੰਸਥਾਵਾਂ, ਐਨ ਜੀ ਓਜ਼ ਅਤੇ ਸਵੈ-ਸਵੀ ਸੰਸਥਾਵਾਂ ਵੱਲੋਂ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪ੍ਰਾਈਵੇਟ ਨਰਸਿੰਗ ਕਾਲਜਾਂ ਦੇ ਨਰਸਿੰਗ ਵਿਦਿਆਰਥੀਆਂ ਨੂੰ ਵੀ ਰੈਪਿਡ ਰਿਸਪਾਂਸ ਟੀਮਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ ਗੁਰਦੇਵ ਸਿੰਘ ਧੰਮ, ਮਿਸ ਲਿੰਦਿਆ ਆਈ ਏ ਐਸ (ਯੂ ਟੀ), ਸਿਮਰਨਜੀਤ ਸਿੰਘ ਪੀ ਸੀ ਐਸ, ਸਹਾਇਕ ਸਿਵਲ ਸਰਜਨ ਸੁਸ਼ਮਾ ਠੱਕਰ ਤੋਂ ਇਲਾਵਾ ਸਿਹਤ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।