ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: ਕੇਂਦਰ ਤੋਂ 20 ਹਜ਼ਾਰ ਕਰੋੜ ਦੇ ਪੈਕੇਜ ਲਈ ਮਤਾ ਪੇਸ਼
ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਸ ਨੂੰ ਸਿਖ਼ਰ ’ਤੇ ਪਹੁੰਚਾਉਂਦਿਆਂ ਪੰਜਾਬ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਨ ਲਈ ਪੰਜਾਬੀਆਂ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਪੰਜਾਬ ਖ਼ਾਤਰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਉਨ੍ਹਾਂ ਦੀ ਆਵਾਜ਼ ਨੂੰ ਕੋਈ ਕੇਂਦਰੀ ਏਜੰਸੀ ਵੀ ਨਹੀਂ ਦਬਾਅ ਸਕੇਗੀ। ਉਨ੍ਹਾਂ ਕਿਹਾ ਕਿ ਇਹ ਸਮਾਂ ਆਪਸੀ ਮਤਭੇਦ ਭੁਲਾ ਕੇ ਸੂਬੇ ਨੂੰ ਗੰਭੀਰ ਸੰਕਟ ’ਚੋਂ ਕੱਢਣ ਦਾ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਘੜੀ ਵਿੱਚ ਸਿਆਸਤ ਕਰਨ ਵਾਲੇ ਆਗੂਆਂ ਨੂੰ ਪੰਜਾਬੀ ਕਦੇ ਮੁਆਫ਼ ਨਹੀਂ ਕਰਨਗੇ।
ਉਨ੍ਹਾਂ ਅਫ਼ਸੋਸ ਜ਼ਾਹਿਰ ਕੀਤਾ ਕਿ ਹੜ੍ਹਾਂ ’ਤੇ ਚਰਚਾ ਲਈ ਸੱਦਿਆ ਗਿਆ ਸੈਸ਼ਨ ਅਜਿਹੇ ਮੌਕੇ ਸਿਆਸਤ ਕਰਨ ਵਾਲੇ ਆਗੂਆਂ ਦੀ ਸੌੜੀ ਮਾਨਸਿਕਤਾ ਕਾਰਨ ਆਲੋਚਨਾ ਤੱਕ ਸਿਮਟ ਗਿਆ ਹੈ। ਮੁੱਖ ਮੰਤਰੀ ਨੇ ਅੱਜ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵਾਰ-ਵਾਰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ’ਤੇ ਸੰਕਟ ਆਉਂਦਾ ਹੈ ਤਾਂ ਪੰਜਾਬ ਢਾਲ ਬਣਦਾ ਹੈ ਪ੍ਰੰਤੂ ਹੁਣ ਔਖ ਦੀ ਘੜੀ ’ਚ ਕੇਂਦਰ ਨੇ ਪੰਜਾਬ ਨੂੰ ਆਪਣੇ ਰਹਿਮੋ ਕਰਮ ’ਤੇ ਛੱਡ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਤੱਥ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਤਿੰਨ ਸਾਲਾਂ ਦੌਰਾਨ ‘ਆਪ’ ਸਰਕਾਰ ਨੇ 3825 ਕਿਲੋਮੀਟਰ ਨਾਲਿਆਂ ਦੀ ਸਫ਼ਾਈ ਕਰਵਾਈ ਹੈ ਜਦੋਂ ਕਿ ਪਿਛਲੀ ਸਰਕਾਰ ਨੇ 2066 ਕਿਲੋਮੀਟਰ ਨਾਲਿਆਂ ਦੀ ਸਫ਼ਾਈ ਕਰਵਾਈ ਸੀ। ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਦੌਰਾਨ ਭਾਖੜਾ ਤੇ ਪੌਂਗ ਡੈਮ ’ਚੋਂ ਗਾਰ ਨਹੀਂ ਕੱਢੀ ਗਈ ਸੀ। ਉਨ੍ਹਾਂ ਕਿਹਾ ਕਿ ਭਾਰੀ ਹੜ੍ਹਾਂ ਦੇ ਬਾਵਜੂਦ ਘੱਗਰ ਦੇ ਨੁਕਸਾਨ ਤੋਂ ਬਚਾਅ ਰਿਹਾ ਹੈ। ਮਾਨ ਨੇ ਭਾਰਤੀ ਮੌਸਮ ਵਿਭਾਗ ਦੀ ਗਿਣਤੀ-ਮਿਣਤੀ ਗ਼ਲਤ ਹੋਣ ਕਰ ਕੇ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੌਂਗ ਡੈਮ ’ਚ 1988 ਨਾਲੋਂ 60.4 ਫ਼ੀਸਦੀ ਵੱਧ ਪਾਣੀ ਆਇਆ ਅਤੇ ਭਾਖੜਾ ਡੈਮ ’ਚ 1988 ਨਾਲੋਂ 2.65 ਫ਼ੀਸਦੀ ਵੱਧ ਪਾਣੀ ਆਇਆ। ਰਣਜੀਤ ਸਾਗਰ ਡੈਮ ’ਚ 65.3 ਫ਼ੀਸਦੀ ਵੱਧ ਪਾਣੀ ਆਇਆ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਐਤਕੀਂ ਹੜ੍ਹਾਂ ਤੋਂ ਬਚਾਅ ਲਈ ਤਿਆਰੀ ਮੀਟਿੰਗ 4 ਅਪਰੈਲ ਨੂੰ ਹੋ ਗਈ ਸੀ ਜਦੋਂ ਕਿ ਕਾਂਗਰਸ ਸਰਕਾਰ ਦੌਰਾਨ ਇਹ ਮੀਟਿੰਗਾਂ ਜੁਲਾਈ ਜਾਂ ਉਸ ਤੋਂ ਬਾਅਦ ਦੇ ਮਹੀਨਿਆਂ ਵਿੱਚ ਹੁੰਦੀਆਂ ਸਨ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਪੰਜਾਬ ’ਚ ਫ਼ੋਟੋ ਸੈਸ਼ਨ ਲਈ ਆਉਂਦੇ ਰਹੇ। ਸ਼੍ਰੋਮਣੀ ਅਕਾਲੀ ਦਲ ਇੱਕੋ ਫੰਡ ਨੂੰ ਵਾਰ-ਵਾਰ ਘੁਮਾ ਕੇ ਲੋਕਾਂ ਨੂੰ ਗੁੰਮਰਾਹ ਕਰਦਾ ਰਿਹਾ। ਉਨ੍ਹਾਂ ਚੇਤੇ ਕਰਵਾਇਆ ਕਿ ਅਕਾਲੀ ਦਲ ਦੇ ਰਾਜ ਵਿੱਚ ਹੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਅਤੇ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਹੋਇਆ ਸੀ।
ਇੱਕ-ਇੱਕ ਪੈਸੇ ਦੀ ਹੋਵੇਗੀ ਯੋਗ ਵਰਤੋਂ : ਮੁੱਖ ਮੰਤਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ‘ਰੰਗਲਾ ਪੰਜਾਬ ਫੰਡ’ ਤੇ ਉੱਠੇ ਵਿਵਾਦ ਬਾਰੇ ਜਵਾਬ ਦਿੰਦਿਆਂ ਕਿਹਾ ਕਿ ਇਸ ਫੰਡ ਵਿੱਚ ਇਕੱਤਰ ਹੋਣ ਵਾਲੇ ਇੱਕ-ਇੱਕ ਪੈਸੇ ਦੀ ਯੋਗ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ ਦੀਆਂ ਕੁੱਝ ਸੀਮਾਵਾਂ ਸਨ, ਜਿਸ ਕਰ ਕੇ ‘ਰੰਗਲਾ ਪੰਜਾਬ ਫੰਡ’ ਕਾਇਮ ਕਰਨਾ ਪਿਆ। ਮੁੱਖ ਮੰਤਰੀ ਰਾਹਤ ਫੰਡ ’ਚ ਸੀ ਐੱਸ ਆਰ ਫੰਡਾਂ ’ਚੋਂ ਯੋਗਦਾਨ ਨਹੀਂ ਪਾਇਆ ਜਾ ਸਕਦਾ ਸੀ ਅਤੇ ਸੰਸਦ ਮੈਂਬਰ ਵੀ 20 ਲੱਖ ਤੋਂ ਵੱਧ ਦਾ ਯੋਗਦਾਨ ਨਹੀਂ ਪਾ ਸਕਦੇ ਸਨ। ਉਨ੍ਹਾਂ ਕਿਹਾ ਕਿ ਇਸ ਫੰਡ ਦਾ ਪੂਰਾ ਹਿਸਾਬ-ਕਿਤਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ।
ਜਲ ਸਰੋਤ ਮੰਤਰੀ ਨੇ ਹੜ੍ਹਾਂ ਤੋਂ ਬਚਾਅ ਲਈ ਚੁੱਕੇ ਕਦਮਾਂ ਬਾਰੇ ਜਾਣੂ ਕਰਵਾਇਆ
ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਦਨ ’ਚ ਹੜ੍ਹਾਂ ਦੇ ਵੇਰਵੇ ਅਤੇ ਸਰਕਾਰ ਵੱਲੋਂ ਹੜ੍ਹਾਂ ਤੋਂ ਪਹਿਲਾਂ ਅਤੇ ਹੜ੍ਹਾਂ ਦੌਰਾਨ ਚੁੱਕੇ ਗਏ ਕਦਮਾਂ ਤੋਂ ਜਾਣੂ ਕਰਵਾਇਆ। ਮੰਤਰੀ ਨੇ ਬੀ ਬੀ ਐੱਮ ਬੀ ਦੀ ਭੂਮਿਕਾ ’ਤੇ ਵੀ ਸਵਾਲ ਚੁੱਕੇ। ਅੱਜ ਦੇ ਮਤੇ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਦੀ ਆਲੋਚਨਾ ਵੀ ਕੀਤੀ ਗਈ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਾਰ-ਵਾਰ ਬੇਨਤੀ ਕਰਨ ’ਤੇ ਵੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਸਮਾਂ ਨਹੀਂ ਦਿੱਤਾ ਜਾ ਰਿਹਾ ਹੈ। ਸਦਨ ਵਿੱਚ ਹਾਜ਼ਰ ਕਾਂਗਰਸੀ ਵਿਧਾਇਕਾਂ, ਸ਼੍ਰੋਮਣੀ ਅਕਾਲੀ ਦਲ ਦੇ ਇਕਲੌਤੇ ਵਿਧਾਇਕ ਅਤੇ ਬਸਪਾ ਵਿਧਾਇਕ ਵੱਲੋਂ ਵੀ ਕੇਂਦਰੀ ਮਦਦ ਲੈਣ ਲਈ ਪੰਜਾਬ ਨਾਲ ਤੁਰਨ ਦੀ ਹਮਾਇਤ ਕੀਤੀ ਗਈ।
ਹੜ੍ਹਾਂ ’ਚ ਜਾਨ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀਸੂਬੇ ’ਚ ਆਏ ਹੜ੍ਹਾਂ ਵਿੱਚ ਜਾਨ ਗੁਆਉਣ ਵਾਲੇ 59 ਨਾਗਰਿਕਾਂ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਰਧਾਂਜਲੀ ਭੇਟ ਕੀਤੀ ਗਈ। ਸੈਸ਼ਨ ਦੀ ਸ਼ੁਰੂਆਤ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਮੂਹ ਮੈਂਬਰਾਂ ਨੇ ਹੋਰ ਵਿਛੜੀਆਂ ਰੂਹਾਂ ਨੂੰ ਵੀ ਸ਼ਰਧਾਂਜਲੀ ਦਿੱਤੀ। ਉਨ੍ਹਾਂ ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਵਿਧਾਇਕ ਰਘੁਬੀਰ ਸਿੰਘ, ਲੈਫਟੀਨੈਂਟ ਕਰਨਲ ਸ਼ਹੀਦ ਭਾਨੂੰ ਪ੍ਰਤਾਪ ਸਿੰਘ ਮਨਕੋਟੀਆ, ਏ ਐੱਲ ਡੀ ਸ਼ਹੀਦ ਦਲਜੀਤ ਸਿੰਘ, ਲਾਂਸ ਨਾਇਕ ਸ਼ਹੀਦ ਰਿੰਕੂ ਸਿੰਘ ਤੇ ਸ਼ਹੀਦ ਪ੍ਰਿਤਪਾਲ ਸਿੰਘ, ਸਿਪਾਹੀ ਹਰਮਿੰਦਰ ਸਿੰਘ, ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ, ਸੰਗੀਤਕਾਰ ਚਰਨਜੀਤ ਅਹੂਜਾ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਦੇ ਭਰਾ ਰਾਮ ਪ੍ਰਸ਼ਾਦ ਸ਼ਰਮਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।