ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਨਵੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਪਟਨ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਐੱਮਐੱਸਪੀ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇ। ਇਸ ਸਬੰਧੀ ਉਨ੍ਹਾਂ ਸਪੀਕਰ ਨੂੰ ਵੀ ਚਿੱਠੀ ਲਿਖੀ ਹੈ। ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਇੱਕੋ ਮੰਗ ਹੈ ਕਿ ਉਨ੍ਹਾਂ ਦੀਆਂ ਫ਼ਸਲਾਂ ਦੀ ਐੱਮਐੱਸਪੀ ’ਤੇ ਗਾਰੰਟੀ ਨਾਲ ਖ਼ਰੀਦ ਕੀਤੀ ਜਾਵੇ। ਸਮੱਸਿਆ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਵਿਸ਼ੇ ’ਤੇ ਖੇਤੀਬਾੜੀ ਪ੍ਰਧਾਨ ਸੂਬੇ ਵਜੋਂ ਪੰਜਾਬ ਦੀ ਵਿਧਾਨ ਸਭਾ ’ਚ ਵਿਸਥਾਰਤ ਚਰਚਾ ਦੀ ਲੋੜ ਹੈ। ਚੀਮਾ ਨੇ ਕਿਹਾ ਕਿ ਕੈਪਟਨ ਨੂੰ ਡਰਾਮੇਬਾਜ਼ੀ ਛੱਡ ਕੇ ਪੰਜਾਬ ਦੇ ਕਿਸਾਨਾਂ ਸਿਰ ਪਏ ਸੰਕਟ ਨੂੰ ਦੂਰ ਕਰਨ ਲਈ ਗੰਭੀਰਤਾ ਦਿਖਾਉਣੀ ਚਾਹੀਦੀ ਹੈ ਅਤੇ ਬਿਨਾਂ ਦੇਰੀ ਕੀਤਿਆਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣਾ ਚਾਹੀਦਾ ਹੈ।