ਸ੍ਰੀ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਧਾਰਮਿਕ ਸ਼ਹਿਰ ਐਲਾਨੇ ਜਾਣ: ਗੜਗੱਜ
ਜਥੇਦਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਸੈਸ਼ਨ ’ਚ ਮਤਾ ਪਾਸ ਕਰਨ ਦੀ ਅਪੀਲ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਵਿਸ਼ੇਸ਼ ਸੈਸ਼ਨ ਵਿੱਚ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਧਾਰਮਿਕ ਸ਼ਹਿਰ ਐਲਾਨਣ ਦੀ ਅਪੀਲ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਸਮਾਗਮਾਂ ਵਿਚ ਪਹਿਲੇ ਹੀ ਦਿਨ ਖਾਲਸਈ ਇਕੱਠ ਸਪੱਸ਼ਟ ਤੌਰ ’ਤੇ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ ਕਰਨ ਲਈ ਦੇਸ਼-ਵਿਦੇਸ਼ ਤੋਂ ਸੰਗਤ ਸ੍ਰੀ ਆਨੰਦਪੁਰ ਸਾਹਿਬ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ 28 ਤੇ 29 ਨਵੰਬਰ ਨੂੰ ਮੁੱਖ ਸਮਾਗਮ ਹੋਣਗੇ, ਜਿਨ੍ਹਾਂ ’ਚ ਜ਼ਿਆਦਾ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ। ਸਰਕਾਰ ਵੱਲੋਂ ਵੱਖਰੇ ਸਮਾਗਮ ਕਰਨ ਬਾਰੇ ਸਵਾਲ ’ਤੇ ਜਥੇਦਾਰ ਗੜਗੱਜ ਨੇ ਕਿਹਾ ਕਿ ਧਾਰਮਿਕ ਕਾਰਜ ਕਰਵਾਉਣੇ ਸਰਕਾਰਾਂ ਦਾ ਕੰਮ ਨਹੀਂ ਹੁੰਦਾ। ਸ਼ਤਾਬਦੀਆਂ ਮੌਕੇ ਵੱਖਰੇ ਸਮਾਗਮ ਕਰਵਾਉਣ ਦੀ ਜ਼ਿੱਦ ਤੇ ਬੇਲੋੜੀ ਦਖ਼ਲਅੰਦਾਜ਼ੀ ਕਾਰਨ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਖਰੇ ਸਮਾਗਮ ਕਰ ਵੀ ਰਹੀ ਹੈ ਤਾਂ ਇਸ ’ਤੇ ਕਮੇਟੀ ਨੂੰ ਕੋਈ ਉਜਰ ਨਹੀਂ ਹੈ ਪਰ ਭਲਕੇ ਹੋਣ ਵਾਲੇ ਵਿਸ਼ੇਸ਼ ਸੈਸ਼ਨ ਵਿੱਚ ਸਰਕਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਧਾਰਮਿਕ ਸ਼ਹਿਰ ਐਲਾਨਣਾ ਚਾਹੀਦਾ ਹੈ। ਜਥੇਦਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮਤਾ ਪਾਸ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਜਿਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ, ਅੱਜ ਵੀ ਜੇਲ੍ਹਾਂ ’ਚ ਹਨ ਅਤੇ ਇਸ ਕਰਕੇ ਸਰਕਾਰਾਂ ਨੂੰ ਉਨ੍ਹਾਂ ਦੀ ਰਿਹਾਈ ਲਈ ਮਜਬੂਰ ਕਰਨ ਵਾਸਤੇ ਚੁਫੇਰਿਉਂ ਆਵਾਜ਼ ਬੁਲੰਦ ਹੋਣੀ ਚਾਹੀਦੀ ਹੈ।

