ਖੇਤਰੀ ਪ੍ਰਤੀਨਿਧ
ਪਟਿਆਲਾ, 6 ਮਾਰਚ
ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਚੋਣਾਂ ਦੌਰਾਨ ਸ਼ਹਿਰੀ ਵੋਟਰਾਂ ਵੱਲੋਂ ਕਾਂਗਰਸ ਦੇ ਹੱਕ ਵਿੱਚ ਫਤਵਾ ਦੇਣਾ ਸ਼ੁਭ ਸ਼ਗਨ ਹੈ। ਉਹ ਅੱਜ ਇੱਥੇ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡਣ ਮੌਕੇ ਹੋਏ ਸਮਾਗਮ ਦੌਰਾਨ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਪੰਜਾਬ ਦੇ ਸ਼ਹਿਰੀ ਵੋਟਰਾਂ ਵੱਲੋਂ ਸਰਕਾਰ ਦੀਆਂ ਵਿਕਾਸ ਤੇ ਲੋਕ ਪੱਖੀ ਨੀਤੀਆਂ ’ਤੇ ਮੋਹਰ ਲਾਉਦਿਆਂ, ਕਾਂਗਰਸੀ ਉਮੀਦਵਾਰਾਂ ਦੀ ਝੋਲੀ ਜਿੱਤ ਪਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਭਰ ਦੇ ਸ਼ਹਿਰਾਂ ਦੇ ਹੋਰ ਵਧੇਰੇ ਵਿਕਾਸ ਤੇ ਸੁੰਦਰੀਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਿਥੇ ਪਿੰਡਾਂ ਵਿੱਚ ਸ਼ਹਿਰੀ ਤਰਜ ’ਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ, ਉਥੇ ਹੀ ਸ਼ਹਿਰਾਂ ਸ਼ਹਿਰਾਂ ਵਿੱਚ ਹੋਰ ਵਧੇਰੇ ਵਿਕਾਸ ਕੀਤਾ ਜਾ ਰਿਹਾ ਹੈ।