ਸੂਬਾ ਸਰਕਾਰ ਵੱਲੋਂ 435 ਆਂਗਣਵਾੜੀ ਹੈਲਪਰਾਂ ਨੂੰ ਰੱਖੜੀ ਦਾ ਤੋਹਫ਼ਾ
ਪੰਜਾਬ ਸਰਕਾਰ ਨੇ ਸੂਬੇ ਵਿੱਚ ਆਂਗਣਵਾੜੀ ਹੈਲਪਰਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਪੂਰੀ ਕਰਦਿਆਂ ਆਂਗਣਵਾੜੀ ਹੈਲਪਰਾਂ ਨੂੰ ਰੱਖੜੀ ਦਾ ਤੋਹਫ਼ਾ ਦਿੱਤਾ ਹੈ। ਸੂਬਾ ਸਰਕਾਰ ਨੇ ਅੱਜ 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਆਂਗਣਵਾੜੀ ਵਰਕਰ ਬਣਾ ਦਿੱਤਾ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੁਰਾਣੇ ਸਮੇਂ ਤੋਂ ਸੇਵਾ ਨਿਭਾਅ ਰਹੀਆਂ ਦਸਵੀਂ ਪਾਸ ਆਂਗਣਵਾੜੀ ਹੈਲਪਰਾਂ (ਜਿਨ੍ਹਾਂ ਕੋਲ 10 ਸਾਲ ਦਾ ਤਜਰਬਾ ਹੈ) ਨੂੰ ਵੀ ਬਤੌਰ ਵਰਕਰ ਤਰੱਕੀ ਦੇਣ ਲਈ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਇਸ ਤਹਿਤ ਡਿਊਟੀ ਦੌਰਾਨ ਪੱਕੇ ਤੌਰ ’ਤੇ ਅਪਾਹਜ ਹੋਈਆਂ ਜਾਂ ਕਿਸੇ ਜਾਨਲੇਵਾ ਬਿਮਾਰੀ ਨਾਲ ਪੀੜਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਆਸ਼ਰਿਤਾਂ ਨੂੰ ਵਿਸ਼ੇਸ਼ ਮੌਕੇ ਤਹਿਤ ਨੌਕਰੀ ਦੇਣ ਦੀ ਪ੍ਰਕਿਰਿਆ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਬੰਧੀ ਸਾਰੇ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀਆਂ ਨੂੰ 31 ਅਗਸਤ ਤੋਂ ਪਹਿਲਾਂ ਪੁਰਾਣੇ ਬਕਾਇਆ ਆਸ਼ਰਿਤ ਕੇਸਾਂ ਅਤੇ ਤਬਾਦਲਾ ਕੇਸਾਂ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਗਏ ਹਨ।
ਪਹਿਲੀ ਤੋਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਹੋਵੇਗੀ ਸ਼ੁਰੂ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲੀ ਸਤੰਬਰ ਤੋਂ ਸੂਬੇ ਵਿੱਚ 5,000 ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਦੀਆਂ ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ, ਜੋ ਪਾਰਦਰਸ਼ੀ ਅਤੇ ਨਿਰੋਲ ਮੈਰਿਟ ਦੇ ਆਧਾਰ ’ਤੇ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਜ਼ਿਲ੍ਹਾ ਅਧਿਕਾਰੀਆਂ ਅਤੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਪ੍ਰਕਿਰਿਆ 30 ਸਤੰਬਰ ਤੋਂ ਪਹਿਲਾਂ ਮੁਕੰਮਲ ਕਰ ਲਈ ਜਾਵੇਗੀ।