ਪੱਤਰ ਪ੍ਰੇਰਕ
ਚੰਡੀਗੜ੍ਹ, 25 ਅਕਤੂਬਰ
ਪੰਜਾਬ ਸੀਪੀਆਈ ਨੇ ਬੇਮੌਸਮੇ ਮੀਂਹ ਪੈਣ ਕਾਰਨ ਸੂਬੇ ਵਿੱਚ ਨੁਕਸਾਨੀ ਗਈ ਝੋਨੇ ਦੀ ਫ਼ਸਲ ਦਾ ਕਿਸਾਨਾਂ ਨੂੰ ਪ੍ਰਤੀ ਏਕੜ 50 ਹਜ਼ਾਰ ਰੁਪਏ ਅਤੇ ਖੇਤ ਮਜ਼ਦੂਰਾਂ ਨੂੰ ਪ੍ਰਤੀ ਪਰਿਵਾਰ 15 ਹਜ਼ਾਰ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਸੀਪੀਆਈ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਆਖਿਆ ਕਿ ਪਹਿਲਾਂ ਕਪਾਹ ਤੇ ਨਰਮੇ ਨੂੰ ਗੁਲਾਬੀ ਸੁੰਡੀ ਨੇ ਤਬਾਹ ਕਰ ਦਿੱਤਾ ਅਤੇ ਹੁਣ ਪਏ ਬੇਮੌਸਮੇ ਮੀਹਾਂ ਨੇ ਝੋਨੇ ਦੀ ਫ਼ਸਲ ਤਬਾਹ ਕਰ ਦਿੱਤੀ ਹੈ, ਜਿਸ ਨਾਲ ਕਿਸਾਨਾਂ ਦੀ ਹਾਲਤ ਹੋਰ ਵੀ ਬਦਤਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਫੌਰੀ ਤੌਰ ’ਤੇ ਕਿਸਾਨਾਂ ਅਤੇ ਖੇਤ ਮਜ਼ਦੂਰ ਪਰਿਵਾਰਾਂ ਨੂੰ ਮੁਆਵਜ਼ਾ ਯਕੀਨੀ ਬਣਾ ਕੇ ਪੇਂਡੂ ਅਰਥਚਾਰੇ ਅਤੇ ਪਰਿਵਾਰਾਂ ਨੂੰ ਜੀਵਨ ਨਿਰਬਾਹ ਕਰਨ ਵਾਸਤੇ ਮੁਆਵਜ਼ਾ ਦੇਣ ਦੀ ਲੋੜ ਹੈ। ਇਸ ਦੇ ਨਾਲ ਹੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਵੀ ਮੁਆਫ਼ ਕਰਨੇ ਚਾਹੀਦੇ ਹਨ।