State information commissioner ਐਡਵੋਕੇਟ ਹਰਪ੍ਰੀਤ ਸੰਧੂ ਤੇ ਪੂਜਾ ਗੁਪਤਾ ਨੇ ਰਾਜ ਸੂਚਨਾ ਕਮਿਸ਼ਨਰ ਵਜੋਂ ਹਲਫ਼ ਲਿਆ
ਆਤਿਸ਼ ਗੁਪਤਾ
ਚੰਡੀਗੜ੍ਹ, 11 ਫਰਵਰੀ
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਚ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ।
ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਕੀਤਾ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ, ਰਾਜ ਸੂਚਨਾ ਕਮਿਸ਼ਨਰ ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ, ਅਤੇ ਵਰਿੰਦਰਜੀਤ ਸਿੰਘ ਬਿਲਿੰਗ, ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਕਾਸ ਪ੍ਰਤਾਪ, ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਟਰਾਂਸਪੋਰਟ ਡੀ.ਕੇ. ਤਿਵਾੜੀ, ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਐਮ.ਡੀ. ਮਾਰਕਫੈੱਡ ਅਤੇ ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਗਿਰੀਸ਼ ਦਿਆਲਨ, ਏ.ਡੀ.ਜੀ.ਪੀ. ਈਸ਼ਵਰ ਸਿੰਘ, ਉੱਘੇ ਭਾਰਤੀ ਖੇਤੀਬਾੜੀ ਅਰਥਸ਼ਾਸਤਰੀ ਸਰਦਾਰਾ ਸਿੰਘ ਜੌਹਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।
ਐਡਵੋਕੇਟ ਹਰਪ੍ਰੀਤ ਸੰਧੂ ਇੱਕ ਉੱਘੇ ਵਕੀਲ ਹਨ। ਇਸ ਤੋਂ ਪਹਿਲਾਂ ਉਹ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਚੁੱਕੇ ਹਨ। ਉਹ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਵੀ ਰਹੇ ਹਨ ਅਤੇ ਉਨ੍ਹਾਂ ਨੇ ਕਾਨੂੰਨੀ ਅਧਿਐਨ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਸ੍ਰੀਮਤੀ ਪੂਜਾ ਗੁਪਤਾ ਇੱਕ ਪ੍ਰਸਿੱਧ ਸਮਾਜ ਸੇਵਿਕਾ ਅਤੇ ਸਿੱਖਿਆ ਸ਼ਾਸਤਰੀ ਹਨ। ਉਨ੍ਹਾਂ ਦੀ ਅਕਾਦਮਿਕ ਉੱਤਮਤਾ ਅਤੇ ਸਮਾਜਿਕ ਭਲਾਈ ਪ੍ਰਤੀ ਸਮਰਪਣ ਸਦਕਾ ਉਨ੍ਹਾਂ ਨੇ ਪੂਰੇ ਖੇਤਰ ਵਿੱਚ ਕਾਫ਼ੀ ਨਾਮਣਾ ਖੱਟਿਆ ਹੈ।