ਜਤਿੰਦਰ ਬੈਂਸ
ਗੁਰਦਾਸਪੁਰ, 16 ਦਸੰਬਰ
ਪੰਜਾਬ ਸਰਕਾਰ ਵੱਲੋਂ ਪ੍ਰਭੂ ਯਸੂ ਮਸੀਹ ਦੇ ਜਨਮ ਦਿਹਾੜੇ ਸਬੰਧੀ ਅੱਜ ਗੁਰਦਾਸਪੁਰ ਦੀ ਦਾਣਾ ਮੰਡੀ ਵਿੱਚ ਰਾਜ ਪੱਧਰੀ ਸਮਾਰੋਹ ਕਰਵਾਇਆ ਗਿਆ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮਾਰੋਹ ਦੇ ਮੁੱਖ ਮਹਿਮਾਨ ਸਨ। ਉਨ੍ਹਾਂ ਨੇ ਸਮੁੱਚੇ ਈਸਾਈ ਭਾਈਚਾਰੇ ਨੂੰ ਪ੍ਰਭੂ ਯਸੂ ਮਸੀਹ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਸ੍ਰੀ ਚੰਨੀ ਨੇ ਐਲਾਨ ਕੀਤਾ ਕਿ ਪਵਿੱਤਰ ਬਾਈਬਲ ਦੇ ਅਧਿਐਨ ਲਈ ਈਸਾਈ ਭਾਈਚਾਰੇ ਦੀ ਮੰਗ ਅਨੁਸਾਰ ਪੰਜਾਬ ਦੀ ਕਿਸੇ ਯੂਨੀਵਰਸਿਟੀ ਵਿੱਚ ਚੇਅਰ ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਈਸਾਈ ਭਾਈਚਾਰੇ ਨੂੰ ਸਰਕਾਰ ਦੇ ਬੋਰਡਾਂ ਵਿੱਚ ਨੁਮਾਇੰਦਗੀ ਦਿੱਤੀ ਜਾਵੇਗੀ। ਈਸਾਈ ਭਾਈਚਾਰੇ ਵੱਲੋਂ ਉਠਾਏ ਮੁੱਦਿਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਈਸਾਈ ਭਾਈਚਾਰਾ ਹੈ, ਉਥੇ ਕਬਰਿਸਤਾਨਾਂ ਦੀ ਸਮੱਸਿਆ ਵੀ ਹੱਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹਰ ਜ਼ਿਲ੍ਹੇ ਵਿੱਚ ਕਮਿਊਨਿਟੀ ਹਾਲ ਦੀ ਉਸਾਰੀ ਕੀਤੀ ਜਾਵੇਗੀ। ਇਸ ਮੌਕੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਅਰੁਣਾ ਚੌਧਰੀ ਅਤੇ ਹਲਕਾ ਵਿਧਾਇਕ ਤੇ ਮਿਲਕਫੈੱਡ ਦੇ ਚੇਅਰਮੈਨ ਬਰਿੰਦਰਮੀਤ ਸਿੰਘ ਪਾਹੜਾ ਨੇ ਵੀ ਵੱਡੇ ਦਿਨ ਦੀ ਵਧਾਈ ਦਿੱਤੀ।
ਕ੍ਰਿਸਚੀਅਨ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਸਲਾਮਤ ਮਸੀਹ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੁਰਦਾਸਪੁਰ ਵਿੱਚ ਰਾਜ ਪੱਧਰੀ ਸਮਾਗਮ ਕਰਵਾ ਕੇ ਮਸੀਹ ਭਾਈਚਾਰੇ ਨੂੰ ਮਾਣ ਦਿੱਤਾ ਹੈ। ਸਮਾਰੋਹ ਦੌਰਾਨ ਕੇਕ ਕੱਟਣ ਦੀ ਰਸਮ ਨਿਭਾਈ ਅਤੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਮਸੀਹ ਭਾਈਚਾਰੇ ਦੇ ਧਾਰਮਿਕ ਆਗੂਆਂ ਵੱਲੋਂ ਮੁੱਖ ਮੰਤਰੀ ਨੂੰ ਪਵਿੱਤਰ ਬਾਈਬਲ ਭੇਟ ਕੀਤੀ ਗਈ। ਗੁਰਦਾਸਪੁਰ ਫੇਰੀ ਦੌਰਾਨ ਮੁੱਖ ਮੰਤਰੀ ਚੰਨੀ ਨੇ ਅਚਾਨਕ ਸਿਵਲ ਹਸਪਤਾਲ ਗੁਰਦਾਸਪੁਰ ਦਾ ਅਚਾਨਕ ਦੌਰਾ ਵੀ ਕੀਤਾ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।