ਬਟਾਲਵੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ
ਦਲਬੀਰ ਸੱਖੋਵਾਲੀਆ
ਮਹਾਨ ਕਵੀ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ’ਚ ਮਨਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਦੇ ਵਿਕਾਸ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਉਨ੍ਹਾਂ ਆਡੀਟੋਰੀਅਮ ਦੇ ਕੰਪਲੈਕਸ ’ਚ ਬੂਟਾ ਵੀ ਲਾਇਆ ਤੇ ਸ਼ਿਵ ਕੁਮਾਰ ਬਟਾਲਵੀ ਦੇ ਬੁੱਤ ’ਤੇ ਫੁੱਲ ਵੀ ਚੜ੍ਹਾਏ।
‘ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਲੱਗਣਗੇ 3.50 ਲੱਖ ਬੂਟੇ’
ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਦੇ ਹਰ ਜ਼ਿਲ੍ਹੇ ’ਚ 3.50 ਲੱਖ ਬੂਟੇ ਲਾਏ ਜਾਣਗੇ। ਉਨ੍ਹਾਂ ਰਾਜ ਮਾਰਗਾਂ ਦੇ ਦੋਵੇਂ ਪਾਸੇ ਫੁੱਲਾਂ ਵਾਲੇ ਬੂਟੇ ਲਗਾਉਣ ਵਾਲੇ ਪਾਇਲਟ ਪ੍ਰਾਜੈਕਟ ਦਾ ਵੀ ਜ਼ਿਕਰ ਕੀਤਾ ਜਿਸ ਦੇ ਮੁੱਢਲੇ ਗੇੜ ਵਿੱਚ ਇਹ ਪ੍ਰਾਜੈਕਟ 5 ਜ਼ਿਲ੍ਹਿਆਂ ਰੋਪੜ, ਸ਼ਹੀਦ ਭਗਤ ਸਿੰਘ ਨਗਰ, ਸੰਗਰੂਰ, ਪਠਾਨਕੋਟ ਅਤੇ ਅੰਮ੍ਰਿਤਸਰ ਵਿੱਚ ਲਾਗੂ ਕੀਤਾ ਜਾਵੇਗਾ।