ਸੰਜੀਵ ਬੱਬੀ
ਚਮਕੌਰ ਸਾਹਿਬ, 5 ਜਨਵਰੀ
ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਮੁੱਖ ਮੰਤਰੀ ਵਿਰੁੱਧ ਇੱਥੋਂ ਦੇ ਬਾਜ਼ਾਰਾਂ ਵਿੱਚ ਸੂਬਾ ਪੱਧਰੀ ਪੋਲ ਖੋਲ੍ਹ ਰੈਲੀ ਕਰਕੇ ਮੁੱਖ ਮੰਤਰੀ ਦੇ ਦਫਤਰ ਅੱਗੇ ਅਨਾਜ ਮੰਡੀ ਵਿੱਚ ਮੀਂਹ ਦੌਰਾਨ ਧਰਨਾ ਦਿੱਤਾ ਗਿਆ, ਉੱਥੇ ਪੰਜਾਬ ਭਰ ਤੋਂ ਆਏ ਵੱਡੀ ਗਿਣਤੀ ਮੁਲਾਜ਼ਮਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ਦੇ ਲੋਕਾਂ ਨੂੰ ਕਹਿ ਰਹੇ ਹਨ ਕਿ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਹੈ ਜਦੋਂ ਕਿ ਸੱਚਾਈ ਬਹੁਤ ਦੂਰ ਹੈ। ਇਹ ਸਿਰਫ ਤੇ ਸਿਰਫ ਐਲਾਨ ਹੀ ਹੈ ਅਤੇ ਇਸ ਐਲਾਨ ਵਿੱਚ ਸ਼ਰਤਾਂ ਰੱਖੀਆਂ ਗਈਆਂ ਹਨ। ਆਗੂਆਂ ਨੇ ਕਿਹਾ ਕਿ ਸਿਹਤ ਕਰਮਚਾਰੀਆਂ ਨੂੰ ਕਰੋਨਾ ਯੋਧੇ ਕਹਿ ਕੇ ਮੰਗਾਂ ਮੰਨਣ ਦਾ ਐਲਾਨ ਕੀਤਾ ਜਾ ਰਿਹਾ ਹੈ ਉਸ ਵਿੱਚ ਸਿਹਤ ਕਰਮਚਾਰੀਆਂ ਨੂੰ ਮੰਗਾਂ ਮਨਵਾਉਣ ਲਈ ਮੁੱਖ ਮੰਤਰੀ ਤੋਂ ਮੀਟਿੰਗ ਦਾ ਸਮਾਂ ਲੈਣ ਲਈ ਧਰਨੇ ਤੇ ਰੋਸ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ 15 ਸਾਲ ਦੇ ਕਰੀਬ ਸਰਕਾਰੀ ਦਫਤਰਾਂ ਵਿੱਚ ਕੰਮ ਕਰਦਿਆਂ ਹੋ ਗਏ ਹਨ ਪਰ ਹਰ ਵਾਰ ਸਰਕਾਰਾਂ ਤੇ ਆਗੂ ਪੱਕੇ ਕਰਨ ਦੇ ਵਾਅਦੇ ਤੇ ਭਰੋਸੇ ਦਿੰਦੇ ਆ ਰਹੇ ਹਨ ਅਤੇ ਸਮਾਂ ਆਉਣ ’ਤੇ ਵਾਅਦਿਆਂ ’ਤੇ ਕੋਈ ਵੀ ਅਮਲ ਨਹੀਂ ਕਰਦਾ ਸਗੋਂ ਜ਼ਲੀਲ ਹੀ ਕੀਤਾ ਜਾਂਦਾ ਹੈ। ਯੂਨੀਅਨ ਦੇ ਆਗੂਆਂ ਗੁਰਪ੍ਰੀਤ ਸਿੰਘ ਭੁੱਲਰ ਅਤੇ ਇੰਦਰਜੀਤ ਸਿੰਘ ਰਾਣਾ ਨੇ ਕਿਹਾ ਕਿ ਜਿਵੇਂ ਖੇਤੀ ਕਾਨੂੰਨਾਂ ਸਬੰਧੀ ਲੋਕਾਂ ਦੇ ਸਹਿਯੋਗ ਨਾਲ ਕਿਸਾਨਾਂ ਦੀ ਜਿੱਤ ਹੋਈ ਹੈ, ਉਸੇ ਤਰ੍ਹਾਂ ਉਹ ਸੂਬੇ ਦੇ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦੇ ਹਨ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਉਨ੍ਹਾਂ ਨੂੰ ਜਲਦੀ ਰੈਗੂਲਰ ਨਾ ਕੀਤਾ ਗਿਆ ਤਾਂ ਉਹ ਸੂਬਾ ਭਰ ਵਿੱਚ ਸੰਘਰਸ਼ ਸ਼ੁਰੂ ਕਰ ਦੇਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।