ਪਨਬਸ ਤੇ ਪੀ ਆਰ ਟੀ ਸੀ ਦੇ ਕੰਟਰੈਕਟ ਵਰਕਰਾਂ ਵੱਲੋਂ ਸੂਬਾ ਪੱਧਰੀ ਰੈਲੀ
ਵਿਭਾਗ ਦੇ ਸਕੱਤਰ ਵੱਲੋਂ ਮੰਗਾਂ ਸਬੰਧੀ ਭਰੋਸਾ ਦੇਣ ਮਗਰੋਂ ਵਿਧਾਨ ਸਭਾ ਵੱਲ ਮਾਰਚ ਦਾ ਪ੍ਰੋਗਰਾਮ ਮੁਲਤਵੀ
ਪੰਜਾਬ ਰੋਡਵੇਜ਼ ਪਨਬਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਵਿਧਾਨ ਸਭਾ ਵੱਲ ਕੂਚ ਕਰਨ ਦੇ ਦਿੱਤੇ ਸੱਦੇ ਤਹਿਤ ਵੱਡੀ ਗਿਣਤੀ ਵਿੱਚ ਯੂਨੀਅਨ ਆਗੂ ਤੇ ਵਰਕਰ ਮੁਹਾਲੀ ਦੇ ਫੇਜ਼-6 ਅੰਤਰ-ਰਾਜੀ ਬੱਸ ਅੱਡੇ ਵਿੱਚ ਇਕੱਤਰ ਹੋਏ। ਇਸ ਮੌਕੇ ਤਾਇਨਾਤ ਪੁਲੀਸ ਵੱਲੋਂ ਅੱਡੇ ਤੋਂ ਚੰਡੀਗੜ੍ਹ ਵੱਲ ਜਾਂਦੀ ਸੜਕ ’ਤੇ ਰੋਕਾਂ ਲਗਾਈਆਂ ਗਈਆਂ ਸਨ। ਪੁਲੀਸ ਅਧਿਕਾਰੀਆਂ ਨੇ ਮੌਕੇ ’ਤੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਨੂੰ ਬੁਲਾ ਕੇ ਧਰਨਾਕਾਰੀਆਂ ਨਾਲ ਮੀਟਿੰਗ ਕਰਵਾਈ। ਉਨ੍ਹਾਂ ਮੰਗਾਂ ਮੰਨਣ ਸਬੰਧੀ ਭਰੋਸਾ ਦਿੱਤਾ ਅਤੇ ਅੱਠ ਅਕਤੂਬਰ ਨੂੰ ਉੱਚ ਪੱਧਰੀ ਮੀਟਿੰਗ ਤੈਅ ਕਰਵਾਈ। ਇਸ ਮਗਰੋਂ ਧਰਨਾਕਾਰੀਆਂ ਨੇ ਵਿਧਾਨ ਸਭਾ ਵੱਲ ਜਾਣ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਰੈਲੀ ਨੂੰ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਸੰਬੋਧਨ ਕੀਤਾ। ਰੈਲੀ ਵਿੱਚ ਪਹੁੰਚੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਨੇ ਕਿਹਾ ਕਿ ਜਥੇਬੰਦੀ ਦੀਆਂ ਮੰਗਾਂ ਮੰਨਣ ਲਈ ਅਹਿਮ ਮੀਟਿੰਗ ਅੱਠ ਅਕਤੂਬਰ ਬੁਲਾਉਣ ਦਾ ਭਰੋਸਾ ਦਿੱਤਾ।
‘ਸਰਕਾਰ ’ਤੇ ਅਫ਼ਸਰਸ਼ਾਹੀ ਭਾਰੂ’
ਯੂਨੀਅਨ ਦੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਤੇ ਹਰਕੇਸ਼ ਕੁਮਾਰ ਨੇ ਕਿਹਾ ਕਿ ਮੈਨੇਜਮੈਂਟ ਤੇ ਅਫ਼ਸਰਸ਼ਾਹੀ ਪੰਜਾਬ ਸਰਕਾਰ ’ਤੇ ਭਾਰੂ ਪੈ ਰਹੀ ਹੈ ਤੇ ਮੁੱਖ ਮੰਤਰੀ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਰਹੀ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਪੰਜਾਬ ਨੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦੀ ਪਾਲਿਸੀ ਤਿਆਰ ਕਰ ਕੇ ਲਿਆਉਣ ਲਈ ਕਿਹਾ ਸੀ ਜੋ ਜਥੇਬੰਦੀ ਨੇ ਤਿਆਰ ਕਰ ਕੇ ਭੇਜ ਵੀ ਦਿੱਤੀ ਹੈ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ।