ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 30 ਅਗਸਤ
ਇਥੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਖੇਡ ਸਹੂਲਤਾਂ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਸਿਹਤਮੰਦ ਰੱਖਣ ਦੇ ਮਕਸਦ ਦੇ ਨਾਲ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਜਿੱਥੇ ਪਿੰਡਾਂ ਵਿੱਚ ਖੇਡ ਮੈਦਾਨ ਤਿਆਰ ਕਰਵਾਏ ਜਾ ਰਹੇ ਹਨ, ਉਥੇ ਜਿਮਾਂ ਲਈ ਵਿਸ਼ੇਸ਼ ਕਮਰੇ ਵੀ ਤਿਆਰ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਪੰਜੋਲੀ ਕਲਾਂ ਵਿੱਚ ਕਰੀਬ 5 ਲੱਖ ਰੁਪਏ ਦੀ ਲਾਗਤ ਨਾਲ ਜਿਮ ਰੂਮ ਦਾ ਨਿਰਮਾਣ ਚੱਲ ਰਿਹਾ ਹੈ, ਜਿਸ ਦਾ ਛੱਤ ਪਾਉਣ ਤੱਕ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਛੇਤੀ ਹੀ ਇਸ ਨੂੰ ਖਿਡਾਰੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਜਿਮ ਰੂਮ ਦੇ ਨਾਲ ਨਾਲ ਰਸੋਈ ਅਤੇ ਬਾਥਰੂਮ ਤੇ ਪਖ਼ਾਨਿਆ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ। ਇਸ ਮੌਕੇ ਸ੍ਰੀ ਨਾਗਰਾ ਨੇ ਕਿਹਾ ਕਿ ਖੇਡਾਂ ਨਾਲ ਜਿੱਥੇ ਖਿਡਾਰੀ ਦਾ ਸਰੀਰ ਮਜ਼ਬੂਤ ਹੁੰਦਾ ਹੈ, ਉੱਥੇ ਉਹ ਮਾਨਸਿਕ ਰੂਪ ਵਿੱਚ ਮਜ਼ਬੂਤ ਹੁੰਦਾ ਹੈ ਤੇ ਉਸ ਵਿੱਚ ਹੋਰਨਾਂ ਵਿਅਕਤੀਆਂ ਦੇ ਮੁਕਾਬਲੇ ਹਰ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਦੀ ਸਮਰੱਥਾ ਵੱਧ ਜਾਂਦੀ ਹੈ। ਸ੍ਰੀ ਨਾਗਰਾ ਨੇ ਕਿਹਾ ਕਿ ਇਤਿਹਾਸਕ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਕੇਵਲ ਬੁਨਿਆਦੀ ਢਾਂਚੇ ਦੇ ਵਿਕਾਸ ਪੱਖੋਂ ਨਹੀਂ ਸਗੋਂ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰ ਕੇ ਇੱਕ ਵਿਲੱਖਣ ਪਛਾਣ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ।