ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਅਗਸਤ
ਪੁਲੀਸ ਦੇ ਵਿੰਗ ਐੱਸਟੀਐੱਫ ਬਾਰਡਰ ਰੇਂਜ ਨੇ ਸਰਹੱਦੀ ਪੱਟੀ ਵਿੱਚੋਂ 3 ਕਿਲੋ 120 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੌਮਾਂਤਰੀ ਮੰਡੀ ਵਿੱਚ ਕੀਮਤ 15 ਕਰੋੜ ਰੁਪਏ ਤੋਂ ਵੱਧ ਹੈ। ਇਸ ਸਬੰਧੀ ਬਾਰਡਰ ਰੇਂਜ ਦੇ ਸਹਾਇਕ ਇੰਸਪੈਕਟਰ ਜਨਰਲ ਕੁਲਜੀਤ ਸਿੰਘ ਨੇ ਦੱਸਿਆ ਕਿ ਡੀਐੱਸਪੀ ਸਿਕੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਕਾਰਵਾਈ ਦੌਰਾਨ ਇਹ ਨਸ਼ਾ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 14 ਅਗਸਤ ਨੂੰ ਇੱਕ ਕੇਸ ਵਿੱਚ ਨਾਮਜ਼ਦ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਝੰਝੀਆਂ ਕਲਾਂ ਤੋਂ ਪੁੱਛ-ਪੜਤਾਲ ਮਗਰੋਂ ਉਸ ਵੱਲੋਂ ਦੱਸੀ ਥਾਂ ਸਰਹੱਦੀ ਪਿੰਡ ਕਮਾਲਪੁਰਾ ਤੋਂ ਬੀਐੱਸਐੱਫ ਦੀ ਮਦਦ ਨਾਲ ਇਹ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਹੈਰੋਇਨ ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐੱਨਡੀਪੀਐੱਸ ਐਕਟ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ।