ਬਲਵਿੰਦਰ ਰੈਤ
ਨੂਰਪੁਰ ਬੇਦੀ, 13 ਮਾਰਚ
ਬਲਾਕ ਨੂਰਪੁਰ ਬੇਦੀ ਅੰਦਰ ਪੈਂਦੀ ਸੁਆਂ ਨਦੀ ਵਿੱਚ ਲੰਮੇ ਸਮੇਂ ਤੋਂ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੰਜਾਬ ਦੀਆਂ ਤਤਕਾਲੀ ਸਰਕਾਰਾਂ ਅਸਫ਼ਲ ਰਹੀਆਂ ਹਨ। ਸਥਾਨਕ ਲੋਕਾਂ ਦੀ ਮੰਗ ਹੈ ਕਿ ਇਸ ਇਲਾਕੇ ਅੰਦਰ ਹੋ ਰਹੇ ਗੈਰਕਾਨੂੰਨੀ ਖਣਨ ਨੂੰ ਰੋਕਿਆ ਜਾਵੇ। ਇਸ ਮੁੱਦੇ ਨੂੰ ਲੈ ਕੇ ‘ਆਪ’ ਆਗੂ, ਜੋ ਹੁਣ ਵਿਧਾਇਕ ਚੁਣੇ ਗਏ ਹਨ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਕਾਫੀ ਸੰਘਰਸ਼ ਕੀਤਾ ਗਿਆ ਹੈ। ਧਰਨੇ ਵੀ ਲਗਾਏ ਗਏ ਪਰ ਪਰਨਾਲਾ ਉਥੇ ਦਾ ਉਥੇ ਹੀ ਰਿਹਾ। ਲੰਘੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਅਤੇ ਰੂਪਨਗਰ ਹਲਕੇ ਦੇ ਲੋਕਾਂ ਨਾਲ ਨਾਜਾਇਜ਼ ਮਾਈਨਿੰਗ ਰੋਕਣ ਦਾ ਵਾਅਦਾ ਕਰਕੇ ਵੋਟਾਂ ਮੰਗੀਆਂ ਤੇ ਕਾਮਯਾਬ ਵੀ ਹੋਏ। ਵਿਧਾਨ ਸਭਾ ਹਲਕਾ ਰੂਪਨਗਰ ਤੋਂ ‘ਆਪ’ ਉਮੀਦਵਾਰ ਐਡਵੋਕੇਟ ਦਿਨੇਸ਼ ਚੱਢਾ ਨੇ ਕਾਂਗਰਸੀ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ ਨੂੰ ਹਰਾਇਆ ਤੇ ਆਨੰਦਪੁਰ ਸਾਹਿਬ ਹਲਕੇ ਤੋਂ ‘ਆਪ’ ਉਮੀਦਵਾਰ ਹਰਜੋਤ ਸਿੰਘ ਬੈਂਸ ਨੇ ਰਾਣਾ ਕੇਪੀ ਸਿੰਘ ਨੂੰ ਮਾਤ ਦਿੱਤੀ। ਹੁਣ ਦੇਖਣਾ ਇਹ ਹੋਵੇਗਾ ਕਿ ਇਹ ਵਿਧਾਇਕ ਸੁਆਂ ਨਦੀ ਅਤੇ ਸ਼ਿਵਾਲਿਕ ਦੀ ਪਹਾੜੀਆਂ ਵਿੱਚ ਹੁੰਦੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਕਿਨ੍ਹੇ ਸਫਲ ਹੋਣਗੇ। ਦੂਜੇ ਪਾਸੇ ‘ਆਪ’ ਵਿਧਾਇਕ ਹਰਜੋਤ ਸਿੰਘ ਬੈਂਸ ਅਤੇ ‘ਆਪ’ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਹੈ ਕਿ ਵੋਟਾਂ ਤੋਂ ਪਹਿਲਾਂ ਉਨ੍ਹਾਂ ਵੱਲੋਂ ਜੋ ਹਲਕੇ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ, ਉਨਾਂ ਨ੍ਨੂੰ ਪੂਰਾ ਕੀਤਾ ਜਾਵੇਗਾ ਤੇ ਸੁਆ ਨਦੀ ਅਤੇ ਸ਼ਿਵਾਲਿਕ ਦੀ ਪਹਾੜੀਆਂ ਵਿੱਚ ਗੈਰਕਾਨੂੰਨੀ ਖਣਨ ਨੂੰ ਰੋਕਿਆ ਜਾਵੇਗਾ।
ਚੋਣਾਂ ਦੌਰਾਨ ਚੰਨੀ ਨੇ ਮੇਰੀ ਮਦਦ ਨਹੀਂ ਕੀਤੀ: ਡਾ. ਮਨੋਹਰ ਸਿੰਘ
ਬਸੀ ਪਠਾਣਾਂ (ਅਜੇ ਮਲਹੋਤਰਾ): ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੋਣਾਂ ਦੌਰਾਨ ਮੇਰੀ ਕੋਈ ਮਦਦ ਨਹੀਂ ਕੀਤੀ ਸਗੋਂ ਮੈਨੂੰ ਬਿਠਾਉਣ ਲਈ ਦਬਾਅ ਬਣਾਇਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਚੰਨੀ ਦੇ ਛੋਟੇ ਭਰਾ ਅਤੇ ਬਸੀ ਪਠਾਣਾਂ ਹਲਕੇ ਤੋਂ ਬਤੌਰ ਆਜ਼ਾਦ ਉਮੀਦਵਾਰ ਚੋਣ ਲੜਣ ਵਾਲੇ ਡਾ. ਮਨੋਹਰ ਸਿੰਘ ਨੇ ਅੱਜ ਪਾਰਟੀ ਸਮਰਥਕਾਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਨੇ ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਸਾਰਥਕ ਸੋਚ ਦੇ ਮਾਲਕ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਤੋਂ ਵੱਡੀਆਂ ਆਸਾਂ ਹਨ। ਡਾ. ਮਨੋਹਰ ਸਿੰਘ ਨੇ ਗੁਰਪ੍ਰੀਤ ਸਿੰਘ ਜੀਪੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਬਸੀ ਪਠਾਣਾਂ ਹਲਕੇ ਤੋਂ ਚੋਣ ਲੜਣ ਦਾ ਮੇਰਾ ਫੈਸਲਾ ਗੁਰਪ੍ਰੀਤ ਸਿੰਘ ਜੀਪੀ ਨੂੰ ਹਰਾਉਣਾ ਨਹੀਂ ਸਗੋਂ ਇਸ ਹਲਕੇ ਦੀ ਸੇਵਾ ਕਰਨਾ ਸੀ। ਮਨੋਹਰ ਸਿੰਘ ਨੇ ਬਸੀ ਪਠਾਣਾਂ ਹਲਕੇ ਤੋਂ ਚੁਣੇ ਗਏ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੂੰ ਹਲਕੇ ਦੇ ਵਿਕਾਸ ਲਈ ਸਹਿਯੋਗ ਦਾ ਭਰੋਸਾ ਦਿੱਤਾ।