ਹਰਦੇਵ ਚੌਹਾਨ
ਚੰਡੀਗੜ੍ਹ, 26 ਨਵੰਬਰ
ਨਾਮਵਰ ਕਹਾਣੀਕਾਰ ਮੋਹਨ ਭੰਡਾਰੀ ਦਾ ਅੱਜ ਦੇਹਾਂਤ ਹੋ ਗਿਆ। ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਲਗਪਗ 80 ਸਾਲਾਂ ਦੇ ਸਨ। ਉਹ ਸਾਢੇ ਪੰਜ ਦਹਾਕੇ ਪੰਜਾਬੀ ਕਹਾਣੀ ਦੇ ਖੇਤਰ ਵਿੱਚ ਸਰਗਰਮ ਰਹੇ। ਉਨ੍ਹਾਂ ਦੀਆਂ ਚਰਚਿਤ ਪੁਸਤਕਾਂ ਵਿਚ ‘ਮਨੁੱਖ ਦੀ ਪੈੜ’, ‘ਪਛਾਣ’, ‘ਮੂਨ ਦੀ ਅੱਖ’ (ਭਾਰਤੀ ਸਾਹਿਤ ਅਕਾਦਮੀ ਇਨਾਮ ਜੇਤੂ) ਅਤੇ ‘ਗੋਰਾ ਬਾਸ਼ਾ’ ਆਦਿ ਸ਼ਾਮਲ ਹਨ। ਭੰਡਾਰੀ ਦੀਆਂ ਚਰਚਿਤ ਕਹਾਣੀਆਂ ਉਪਰ ਦੂਰਦਰਸ਼ਨ ਕੇਂਦਰ ਜਲੰਧਰ ਵਲੋਂ ਫਿਲਮਾਂ ਵੀ ਬਣੀਆਂ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨੇ ਉਨ੍ਹਾਂ ਨੂੰ ਕਰਤਾਰ ਸਿੰਘ ਧਾਲੀਵਾਲ ਪੁਰਸਕਾਰ ਨਾਲ ਵੀ ਨਿਵਾਜਿਆ ਸੀ। ਉਨ੍ਹਾਂ ਦੀਆਂ ਚਰਚਿਤ ਕਹਾਣੀਆਂ, ਰੇਖਾ ਚਿਤਰਾਂ ਤੇ ਯਾਦਾਂ ਉਤੇ ਵਿਦਿਆਰਥੀ ਅੱਜ ਖੋਜ ਕਾਰਜ ਵੀ ਕਰ ਰਹੇ ਹਨ। ਉਹ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜੀਵਨ ਮੈਂਬਰ ਸਨ ਅਤੇ ਕੇਂਦਰੀ ਸਭਾ ਦੀਆਂ ਸਰਗਰਮੀਆਂ ਅਤੇ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦਿਵਾਉਣ ਲਈ ਉਹ ਨਿਰੰਤਰ ਸੰਘਰਸ਼ਸ਼ੀਲ ਰਹੇ। ਉਨ੍ਹਾਂ ਦੇ ਸਦੀਵੀ ਵਿਛੋੜੇ ’ਤੇ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ, ਸਕੱਤਰ ਡਾ. ਲਖਵਿੰਦਰ ਜੌਹਲ, ਉਪ ਚੇਅਰਮੈਨ ਡਾ. ਯੋਗਰਾਜ ਅਤੇ ਮੀਡੀਆ ਕੋਆਰਡੀਨੇਟਰ ਨਿੰਦਰ ਘੁਗਿਆਣਵੀ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਸਮੇਤ ਪ੍ਰਗਤੀਸ਼ੀਲ ਲੇਖਕ ਸੰਘ ਦੇ ਅਹੁਦੇਦਾਰ ਡਾ. ਤੇਜਵੰਤ ਗਿੱਲ, ਪ੍ਰੋ. ਸੁਰਜੀਤ ਜੱਜ, ਡਾ. ਸਰਬਜੀਤ ਸਿੰਘ, ਡਾ. ਗੁਰਮੇਲ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਪਣੇ ਸ਼ੋਕ ਸੰਦੇਸ਼ਾਂ ਵਿੱਚ ਪਰਿਵਾਰ ਨਾਲ ਆਪਣੀ ਸੰਵੇਦਨਾ ਪ੍ਰਗਟ ਕੀਤੀ ਹੈ। ਇਸੇ ਦੌਰਾਨ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਕਹਾਣੀਕਾਰ ਮੋਹਨ ਭੰਡਾਰੀ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪੰਜਾਬੀ ਸਾਹਿਤ ਅਕਾਦਮੀ ਵੱਲੋਂ ਦੁੱਖ ਦਾ ਪ੍ਰਗਟਾਵਾ
ਲੁਧਿਆਣਾ (ਖੇਤਰੀ ਪ੍ਰਤੀਨਿਧ): ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਨੇ ਅਕਾਦਮੀ ਦੇ ਜੀਵਨ ਮੈਂਬਰ ਮੋਹਨ ਭੰਡਾਰੀ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ ਹੈ। ਅਕਾਦਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਕਿਹਾ ਕਿ ਉੱਘੇ ਕਹਾਣੀਕਾਰ ਮੋਹਨ ਭੰਡਾਰੀ ਦੇ ਦੇਹਾਂਤ ਨਾਲ ਪੰਜਾਬੀ ਸਾਹਿਤ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਅਕਾਦਮੀ ਦੇ ਸਾਬਕਾ ਪ੍ਰਧਾਨ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਐਸਪੀ. ਸਿੰਘ, ਸੁਰਿੰਦਰ ਕੈਲੇ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ ਪੰਧੇਰ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚ ਨੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ।