ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਗਸਤ
ਪੰਜਾਬ ਦੇ ਸਾਇੰਸ ਤਕਨਾਲੋਜੀ ਅਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਥੇ ਕਿਹਾ ਕਿ ਸਨਅਤੀ ਇਕਾਈਆਂ ਵਿੱਚ ਕੋਲੇ ਦੀ ਥਾਂ ਝੋਨੇ ਦੀ ਪਰਾਲੀ ਨੂੰ ਬਾਲਣ ਵਜੋਂ ਵਰਤਣ ਲਈ ਤਕਨੀਕੀ ਹੱਲਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਕਦਮ ਚੁੱਕੇ ਜਾਣਗੇ। ਇਸ ਨਾਲ ਨਾ ਸਿਰਫ ਨਿਕਾਸੀ ਦਾ ਬੋਝ ਘਟੇਗਾ ਸਗੋਂ ਸੂਬੇ ਵਿੱਚ ਪੈਲੇਟਾਈਜ਼ੇਸ਼ਨ ਪਲਾਂਟ ਸਥਾਪਤ ਕਰਨ ਲਈ ਮਾਰਕੀਟ ਪੈਦਾ ਕਰਕੇ ਰੁਜ਼ਗਾਰ ਦੇ ਮੌਕੇ ਵੀ ਬਣਾਏ ਜਾਣਗੇ। ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀਐੱਸਸੀਐੱਸਟੀ) ਦੇ ਮਾਹਰਾਂ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਪੰਜਾਬ ਨੇ ਇੰਡੀਆ ਇਨੋਵੇਸ਼ਨ ਇੰਡੈਕਸ ਰੈਂਕਿੰਗ ਫਰੇਮਵਰਕ ’ਤੇ ਸਥਿਤੀ ’ਚ ਸੁਧਾਰ ਕਰਕੇ 10ਵੇਂ ਤੋਂ 6ਵਾਂ ਸਥਾਨ ਹਾਸਲ ਕੀਤਾ ਹੈ।