ਚਰਨਜੀਤ ਭੁੱਲਰ
ਚੰਡੀਗੜ੍ਹ, 2 ਨਵੰਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਿੱਖੇ ਰੌਂਅ ਵਿਚ ਪਰਾਲੀ ਪ੍ਰਦੂਸ਼ਣ ਨੂੰ ਲੈ ਕੇ ਕੇਂਦਰ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਹ ਇਸ ਮੁੱਦੇ ’ਤੇ ਖੁੱਲ੍ਹ ਕੇ ਸੂਬੇ ਦੇ ਕਿਸਾਨਾਂ ਦੀ ਪਿੱਠ ’ਤੇ ਆ ਗਏ ਹਨ। ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਸਪੱਸ਼ਟ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਕਿਸਾਨੀ ਨੂੰ ਬਦਨਾਮ ਕਰਕੇ ਬਦਲਾ ਲੈ ਰਹੀ ਹੈ ਕਿਉਂਕਿ ਉਨ੍ਹਾਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਭਾਜਪਾ ਦਾ ਘੁਮੰਡ ਤੋੜਿਆ ਹੈ।
ਚੇਤੇ ਰਹੇ ਕਿ ਮੰਗਲਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪਰਾਲੀ ਸਾੜਨ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਪੰਜਾਬ ਦੇ ਕਿਸਾਨ ਉਨ੍ਹਾਂ ਨੂੰ ਬਦਨਾਮ ਕਰਨ ਦੀ ਕਿਸੇ ਵੀ ਮੁਹਿੰਮ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਈ ਮਹੀਨੇ ਪਹਿਲਾਂ ਹੀ ਕਮਿਸ਼ਨ ਫਾਰ ਏਅਰ ਕੁਆਲਿਟੀ ਇੰਡੈਕਸ ਨੂੰ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਦੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪਰਾਲੀ ਦੇ ਹੱਲ ਲਈ 2500 ਰੁਪਏ ਪ੍ਰਤੀ ਏਕੜ ਵਿੱਤੀ ਮੁਆਵਜ਼ਾ ਦੇਣ ਦਾ ਕੇਸ ਕੇਂਦਰ ਸਰਕਾਰ ਨੂੰ ਭੇਜਿਆ ਸੀ ਪਰ ਕੇਂਦਰ ਨੇ ਇਹ ਰੱਦ ਕਰ ਦਿੱਤਾ। ਇਸ ਤੋਂ ਇਲਾਵਾ ਪਰਾਲੀ ਤੋਂ ਬਾਇਓ ਮਾਸ ਬਣਾਉਣ ਵਾਲੇ ਪ੍ਰੋਜੈਕਟਾਂ ਦੀ ਕੇਂਦਰ ਸਰਕਾਰ ਤੋਂ ਪ੍ਰਵਾਨਗੀ ਮੰਗੀ ਗਈ ਸੀ ਪਰ ਉਹ ਵੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਹੱਲ ਦੇਣ ਦੀ ਥਾਂ ’ਤੇ ਗਾਲ੍ਹਾਂ ਦੇ ਰਹੀ ਹੈ। ਉਨ੍ਹਾਂ ਕਿਹਾ,‘‘ਕੇਂਦਰ ਸਰਕਾਰ ਕਿਸਾਨ ਵਿਰੋਧੀ ਹੈ ਅਤੇ ਉਹ ਸੂਬਾ ਸਰਕਾਰ ਨੂੰ ਚਿੱਠੀਆਂ ਭੇਜ ਕੇ ਪੁੱਛਦੀ ਹੈ ਕਿ ਕਿੰਨੇ ਕਿਸਾਨਾਂ ’ਤੇ ਕੇਸ ਦਰਜ ਕੀਤੇ ਹਨ। ਕੀ ਪੰਜਾਬ ਦੇ ਕਿਸਾਨ ਅਪਰਾਧੀ ਹਨ? ਕਿਸਾਨ ਤਾਂ ਮਜਬੂਰੀ ਵਿਚ ਪਰਾਲੀ ਨੂੰ ਸਾੜਨ ਦਾ ਕਦਮ ਚੁੱਕਦਾ ਹੈ। ਅਸੀਂ ਅਗਲੇ ਵਰ੍ਹੇ ਤੋਂ ਕਿਸਾਨਾਂ ਨੂੰ ਬਦਲਵੀਆਂ ਫ਼ਸਲਾਂ ਲਈ ਉਤਸ਼ਾਹਿਤ ਕਰਾਂਗੇ। ਕਿਸਾਨ ਤਾਂ ਖ਼ੁਦ ਝੋਨੇ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ।’’ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਸਿਰਫ਼ ਦਿੱਲੀ ਅਤੇ ਪੰਜਾਬ ਦੇ ਪ੍ਰਦੂਸ਼ਣ ਦੀ ਗੱਲ ਕਰਦੀ ਹੈ ਪਰ ਪ੍ਰਦੂਸ਼ਣ ਤਾਂ ਹੋਰ ਸੂਬਿਆਂ ਵਿਚ ਵੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਰਫ਼ ਤਿੰਨ ਸ਼ਹਿਰਾਂ ਵਿਚ ਪ੍ਰਦੂਸ਼ਣ ਦੀ ਸਮੱਸਿਆ ਹੈ। ਮੁੱਖ ਮੰਤਰੀ ਨੇ ਕਿਹਾ,‘‘ਪਰਾਲੀ ਪ੍ਰਦੂਸ਼ਣ ਪੂਰੇ ਉੱਤਰੀ ਭਾਰਤ ਦੀ ਸਮੱਸਿਆ ਹੈ ਜਿਸ ਕਰਕੇ ਕੇਂਦਰ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਸਾਰੇ ਸੂਬਿਆਂ ਨੂੰ ਸੱਦ ਕੇ ਸਮੱਸਿਆ ਦਾ ਹੱਲ ਕਰੇ ਪਰ ਕੇਂਦਰ ਧੇਲਾ ਖ਼ਰਚ ਕੇ ਰਾਜ਼ੀ ਨਹੀਂ ਹੈ। ਸਿਰਫ਼ ਏਸੀ ਕਮਰਿਆਂ ਵਿਚ ਬੈਠ ਕੇ ਮਸਲੇ ਦਾ ਹੱਲ ਨਹੀਂ ਹੋਣਾ ਹੈ।’’
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਪੱਧਰ ’ਤੇ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਅਤੇ ਖੇਤੀ ਮਸ਼ੀਨਰੀ ਵੀ ਵੰਡੀ ਹੈ। ਉਨ੍ਹਾਂ ਦੱਸਿਆ ਕਿ ਕਈ ਪੰਚਾਇਤਾਂ ਨੇ ਖ਼ੁਦ ਮਤੇ ਪਾਸ ਕਰਕੇ ਪਰਾਲੀ ਨਾ ਸਾੜਨ ਦਾ ਅਹਿਦ ਲਿਆ ਹੈ। ਉਨ੍ਹਾਂ ਮਸ਼ਵਰਾ ਦਿੱਤਾ ਕਿ ਜੇ ਕੇਂਦਰ ਮਸਲੇ ਦਾ ਹੱਲ ਚਾਹੁੰਦਾ ਹੈ ਤਾਂ ਸੂਬਿਆਂ ਨਾਲ ਗੱਲਬਾਤ ਲਈ ਬੈਠੇ ਅਤੇ ਵਿੱਤੀ ਸਹਾਇਤਾ ਜਾਰੀ ਕਰੇ।
ਪ੍ਰਦੂਸ਼ਣ ’ਤੇ ਨੱਥ ਨਹੀਂ ਪਾ ਸਕਦੀ ਤਾਂ ਸਰਕਾਰ ਅਸਤੀਫ਼ਾ ਦੇਵੇ: ਕੇਜਰੀਵਾਲ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ ਲਈ ਕੇਂਦਰ ਸਰਕਾਰ ਨੂੰ ਦੋਸ਼ੀ ਠਹਿਰਾਉਂਦਿਆਂ ਕਿਹਾ ਹੈ ਕਿ ਜੇਕਰ ਉਹ ਪ੍ਰਦੂਸ਼ਣ ’ਤੇ ਕਾਬੂ ਨਹੀਂ ਪਾ ਸਕਦੀ ਹੈ ਤਾਂ ਉਸ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ,‘‘ਅਸੀਂ ਕਰਕੇ ਦਿਖਾਵਾਂਗੇ ਕਿ ਪ੍ਰਦੂਸ਼ਣ ਨੂੰ ਕਿਵੇਂ ਕੰਟਰੋਲ ਕੀਤਾ ਜਾ ਸਕਦਾ ਹੈ।’’ ਮੁੱਖ ਮੰਤਰੀ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਦਾ ਅਸਰ ਸਿਰਫ਼ ਪੰਜਾਬ ਅਤੇ ਦਿੱਲੀ ਹੀ ਨਹੀਂ ਸਗੋਂ ਪੂਰੇ ਉੱਤਰੀ ਭਾਰਤ ’ਤੇ ਪੈ ਰਿਹਾ ਹੈ। ‘ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ ਅਤੇ ਮੱਧ ਪ੍ਰਦੇਸ਼ ਦੀ ਆਬੋ ਹਵਾ ਵੀ ਵਿਗੜ ਰਹੀ ਹੈ। ਕੀ ਇਹ ਆਮ ਆਦਮੀ ਪਾਰਟੀ ਕਾਰਨ ਹੋ ਰਿਹਾ ਹੈ। ਜੇਕਰ ਪੂਰੇ ਉੱਤਰ ਭਾਰਤ ’ਚ ਹਵਾ ਪ੍ਰਦੂਸ਼ਣ ਫੈਲ ਰਿਹਾ ਹੈ ਤਾਂ ਉਸ ਦਾ ਹੱਲ ਕੌਣ ਲੱਭੇਗਾ। ਇਸ ਦਾ ਹੱਲ ਪ੍ਰਧਾਨ ਮੰਤਰੀ ਨੂੰ ਹੀ ਲੱਭਣਾ ਹੋਵੇਗਾ। ਉਨ੍ਹਾਂ ਨੂੰ ਹਰ ਕਿਸੇ ਨਾਲ ਮੀਟਿੰਗ ਕਰਨੀ ਚਾਹੀਦੀ ਹੈ।’ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ’ਤੇ ਜਾਂ ਕਿਸਾਨਾਂ ’ਤੇ ਦੋਸ਼ ਮੜ੍ਹਨ ਦੀ ਬਜਾਏ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਲੱਭਣਾ ਚਾਹੀਦਾ ਹੈ। -ਪੀਟੀਆਈ
ਕੇਂਦਰ ਕਾਰਨ ਪੰਜਾਬ ਦੇ ਕਿਸਾਨ ਪਰਾਲੀ ਸਾੜਨ ਲਈ ਮਜਬੂਰ: ਗੋਪਾਲ ਰਾਏ
ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾਮਲੇ ’ਚ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ‘ਆਪ’ ਆਗੂ ਨੇ ਕਿਹਾ ਕਿ ਕਿਸਾਨ ਪੰਜਾਬ ਵਿੱਚ ਪਰਾਲੀ ਸਾੜਨ ਲਈ ਮਜਬੂਰ ਹਨ ਕਿਉਂਕਿ ਕੇਂਦਰ ਨੇ ਫਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਲਈ ਉਨ੍ਹਾਂ ਨੂੰ ਨਕਦ ਸਹਾਇਤਾ ਦੇਣ ਦੀ ਸੂਬਾ ਸਰਕਾਰ ਦੀ ਯੋਜਨਾ ਦਾ ਸਮਰਥਨ ਨਹੀਂ ਕੀਤਾ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਏ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਸਰਕਾਰਾਂ ਨੇ ਸਾਂਝੇ ਤੌਰ ’ਤੇ ਜੁਲਾਈ ਵਿੱਚ ਕੇਂਦਰ ਨੂੰ ਇੱਕ ਪ੍ਰਸਤਾਵ ਭੇਜਿਆ ਸੀ ਤਾਂ ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ’ਚ ਮਦਦ ਕੀਤੀ ਜਾ ਸਕੇ। ਰਾਏ ਨੇ ਕਿਹਾ ਕਿ ਕੇਂਦਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਵਾਤਾਵਰਣ ਮੰਤਰੀ ਨੇ ਵਧਦੇ ਹਵਾ ਪ੍ਰਦੂਸ਼ਣ ਲਈ ਭਾਜਪਾ ਦੀ ਵਿਚਾਰਧਾਰਾ ਨੂੰ ਜ਼ਿੰਮੇਵਾਰ ਠਹਿਰਾਇਆ। ‘ਆਪ’ ਆਗੂ ਨੇ ਕਿਹਾ ਕਿ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਨੇ ਗਰੇਡਿਡ ਰਿਸਪਾਂਸ ਐਕਸ਼ਨ ਪਲਾਨ ਲਿਆਂਦਾ ਹੈ, ਜਿਸ ਨੂੰ ਗਾਜ਼ੀਆਬਾਦ, ਨੋਇਡਾ, ਗ੍ਰੇਟਰ ਨੋਇਡਾ, ਗੁਰੂਗ੍ਰਾਮ ਤੇ ਬਹਾਦਰਗੜ੍ਹ ਵਿੱਚ ਲਾਗੂ ਕਰਨਦੀ ਲੋੜ ਹੋਵੇਗੀ। ਰਾਏ ਨੇ ਭਾਜਪਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਸ ਨੇ ਪਟਾਕਿਆਂ ’ਤੇ ਪਾਬੰਦੀ ਦਾ ਵਿਰੋਧ ਕੀਤਾ, ਰੈੱਡ ਲਾਈਟ ਆਨ, ਗੱਡੀ ਆਫ ਮੁਹਿੰਮ ਨੂੰ ਲਾਗੂ ਕਰਨ ਤੋਂ ਰੋਕਿਆ ਅਤੇ ਹੁਣ ਰਾਜਧਾਨੀ ਵਿੱਚ ਪ੍ਰਦੂਸ਼ਣ ਫੈਲਾਉਣ ਵਾਲੀਆਂ ਗਤੀਵਿਧੀਆਂ ’ਤੇ ਪਾਬੰਦੀ ਦੀ ਉਲੰਘਣਾ ਕਰ ਰਹੀ ਹੈ।