ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ
ਆਤਿਸ਼ ਗੁਪਤਾ
ਚੰਡੀਗੜ੍ਹ, 26 ਮਈ
ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਪੰਜਾਬ ਸਰਕਾਰ ਸਖ਼ਤੀ ਦੇ ਰੌਂਅ ਹੈ। ਅੱਜ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ’ਚ ਹਰਪਾਲ ਚੀਮਾ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵਪਾਰ ਅਤੇ ਤਸਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਾਜਾਇਜ਼ ਸ਼ਰਾਬ ਸਬੰਧੀ ਗਤੀਵੀਧੀਆਂ ਰੋਕਣ ’ਚ ਨਾਕਾਮ ਰਹਿਣ ਵਾਲੇ ਅਧਿਕਾਰੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਬਕਾਰੀ ਮੰਤਰੀ ਨੇ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਧੰਦੇ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਅਧਿਕਾਰੀਆਂ ਨੂੰ ਪੰਜਾਬ ਪੁਲੀਸ ਨਾਲ ਤਾਲਮੇਲ ਬਣਾਉਣ ਲਈ ਵੀ ਆਖਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਸ਼ਰਾਬ ਦੇ ਧੰਦੇ ਵਿੱਚ ਸ਼ਾਮਲ ਸ਼ੱਕੀਆਂ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕੀਤਾ ਜਾਵੇ। ਵਧੀਕ ਮੁੱਖ ਸਕੱਤਰ (ਆਬਕਾਰੀ) ਵਿਕਾਸ ਪ੍ਰਤਾਪ ਨੇ ਸਾਰੇ ਫੀਲਡ ਅਧਿਕਾਰੀਆਂ ਨੂੰ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ।
ਅੰਤਰ-ਰਾਜੀ ਸੜਕਾਂ ’ਤੇ ਚੌਕਸੀ ਵਧਾਉਣ ਦੇ ਨਿਰਦੇਸ਼
ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿੱਚ ਦੂਜੇ ਸੂਬਿਆਂ ਵਿੱਚੋਂ ਹੁੰਦੀ ਸ਼ਰਾਬ ਦੀ ਤਸਕਰੀ ਰੋਕਣ ਲਈ ਅੰਤਰ-ਰਾਜੀ ਸੜਕਾਂ ’ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖਾਸ ਤੌਰ ’ਤੇ ਚੰਡੀਗੜ੍ਹ ਤੋਂ ਸ਼ਰਾਬ ਦੀ ਤਸਕਰੀ ਰੋਕਣ ਲਈ ਚੌਕਸੀ ਵਰਤੀ ਜਾਵੇ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਦੂਜੇ ਸੂਬਿਆਂ ਦੇ ਨਾਲ ਲਗਦੀਆਂ ਸੜਕਾਂ ’ਤੇ ਵੱਖ-ਵੱਖ ਸਮੇਂ ’ਤੇ ਨਾਕਾਬੰਦੀ ਕਰਨ ਅਤੇ ਵਾਹਨਾਂ ਦੀ ਚੈਕਿੰਗ ਯਕੀਨੀ ਬਣਾਉਣ ਲਈ ਆਖਿਆ।
ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨੇ ਅੱਜ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਇਸ ਦੇ ਨਾਲ ਹੀ ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਨੂੂੰ ਧਿਆਨ ਨਾਲ ਸੁਣਦਿਆਂ ਉਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਅੱਜ ਮੀਟਿੰਗ ਵਿੱਚ ਹਿੱਸਾ ਲੈਣ ਵਾਲੀਆਂ ਮੁਲਾਜ਼ਮ ਜਥੇਬੰਦੀਆਂ ਵਿੱਚ ਬੇਰੁਜ਼ਗਰ ਸਾਂਝਾ ਮੋਰਚਾ ਪੰਜਾਬ, 3704 ਅਧਿਆਪਕ ਯੂਨੀਅਨ, ਮੈਰੀਟੋਰੀਅਸ ਟੀਚਰਜ਼ ਯੂਨੀਅਨ, ਏ.ਆਈ.ਈ ਕੱਚੇ ਅਧਿਆਪਕ ਯੂਨੀਅਨ ਸੈਸ਼ਨ 2012-14, 10 ਸਾਲ ਸੇਵਾ ਪੂਰੀ ਕਰ ਚੁਕੇ ਕੱਚੇ ਅਧਿਆਪਕ ਯੂਨੀਅਨ, ਬੇਰੁਜ਼ਗਰ 646, ਪੀਟੀਆਈ (2011) ਅਧਿਆਪਕ ਯੂਨੀਅਨ ਤੇ ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਆਦਿ ਸਨ। ਇਸ ਦੌਰਾਨ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਵੱਲੋਂ ਵਿੱਤ ਮੰਤਰੀ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪੇ ਗਏ। ਇਸ ਦੌਰਾਨ ਵਿੱਤ ਮੰਤਰੀ ਨੇ ਮੁਲਾਜ਼ਮ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ’ਤੇ ਵਿਚਾਰ ਕੀਤਾ ਜਾਵੇਗਾ ਤੇ ਇਨ੍ਹਾਂ ਨੂੰ ਸਮੇਂ ਸਿਰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।