ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੇ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਪ੍ਰਬੰਧਕੀ ਸਕੱਤਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਸੂਬੇ ਦੀਆਂ ਮੰਡੀਆਂ ਵਿੱਚੋਂ ਬਿਨਾਂ ਕਿਸੇ ਦੇਰੀ ਤੋਂ ਕਿਸਾਨਾਂ ਦੇ ਝੋਨੇ ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਅਤੇ ਚੁਕਾਈ ਕੀਤੀ ਜਾਵੇ। ਮੁੱਖ ਮੰਤਰੀ ਨੇ ਅੱਜ ਸੂਬਾ ਸਰਕਾਰ ਦੇ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਖ਼ਰੀਦ ਪ੍ਰਕਿਰਿਆ ਨੂੰ ਨੇਪਰੇ ਚਾੜਿ੍ਹਆ ਜਾਵੇ। ਉਨ੍ਹਾਂ ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਤਸੱਲੀ ਜ਼ਾਹਿਰ ਕੀਤੀ ਕਿ ਰੋਜ਼ਾਨਾ 7500 ਮਰੀਜ਼ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਸੂਬੇ ਭਰ ਦੇ 400 ਹੋਰ ਸਿਹਤ ਸੰਭਾਲ ਕੇਂਦਰਾਂ ਨੂੰ ਮਜ਼ਬੂਤ ਕਰਨ ਲਈ ਵੀ ਕਿਹਾ। ਮੁੱਖ ਮੰਤਰੀ ਨੇ ਮਾਲ, ਸਥਾਨਕ ਸਰਕਾਰਾਂ ਅਤੇ ਸ਼ਹਿਰੀ ਇਕਾਈਆਂ ਨੂੰ ਜ਼ਮੀਨਾਂ ਦੀ ਵਿਕਰੀ-ਨਾਮਿਆਂ (ਸੇਲ ਡੀਡਜ਼) ’ਤੇ ਲੱਗੀ ਰੋਕ ਹਟਵਾਉਣ ਲਈ ਰਣਨੀਤੀ ਬਣਾਉਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਲਈ ਵੀ ਕਿਹਾ। ਮੁੱਖ ਮੰਤਰੀ ਨੇ ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਨੂੰ ਘਟੀਆ ਦਰਜੇ ਦੀਆਂ ਮਠਿਆਈਆਂ ਅਤੇ ਨਕਲੀ ਦੁੱਧ ਤੋਂ ਬਣੇ ਪਦਾਰਥਾਂ ਨੂੰ ਠੱਲ੍ਹ ਪਾਉਣ ਅਤੇ ਆਪਣੇ ਮੁਨਾਫ਼ੇ ਲਈ ਲੋਕਾਂ ਦੀ ਜਾਨ ਦਾਅ ’ਤੇ ਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕੌਮੀ ਮਾਰਗਾਂ ਦੇ ਪ੍ਰਾਜੈਕਟਾਂ ਲਈ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਕਿਸਾਨਾਂ ਨੂੰ ਮੁਆਵਜ਼ਾ ਦੇ ਕੇ ਛੇਤੀ ਤੋਂ ਛੇਤੀ ਮੁਕੰਮਲ ਕੀਤੀ ਜਾਵੇ।