ਚੰਡੀਗੜ੍ਹ (ਪੱਤਰ ਪ੍ਰੇਰਕ): ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੇ ਸਾਂਝੇ ਮੋਰਚੇ ਵੱਲੋਂ ਮੰਗਾਂ ਪ੍ਰਤੀ ਸਰਕਾਰ ਦੀ ਅਣਦੇਖੀ ਖ਼ਿਲਾਫ਼ ਮੁਕੰਮਲ ਹੜਤਾਲ ਅਤੇ ਤਿੱਖੇ ਸੰਘਰਸ਼ਾਂ ਦਾ ਐਲਾਨ ਕੀਤਾ ਗਿਆ ਹੈ। ਮੋਰਚੇ ਦੇ ਸੂਬਾਈ ਕਨਵੀਨਰ ਪਰਮਜੀਤ ਕੌਰ ਮਾਨ, ਅਮਰਜੀਤ ਕੌਰ ਰਣ ਸਿੰਘ ਵਾਲਾ ਅਤੇ ਰਾਣੋ ਖੇੜੀ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਅੱਖੋਂ-ਪਰੋਖੇ ਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਉੱਤੇ ਘੱਟੋ-ਘੱਟ ਉਜਰਤ ਦਾ ਕਾਨੂੰਨ ਲਾਗੂ ਨਾ ਕਰਨ ਅਤੇ ਜਥੇਬੰਦੀ ਨਾਲ ਵਾਰ-ਵਾਰ ਮੀਟਿੰਗ ਕਰ ਕੇ ਵਾਅਦਾਖਿਲਾਫ਼ੀ ਕਰਨ ਦੇ ਰੋਸ ਵਜੋਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵੱਲੋਂ 23 ਤੋਂ 30 ਦਸੰਬਰ ਤੱਕ ਵਿਭਾਗ ਦੇ ਸਾਰੇ ਕੰਮਾਂ ਦਾ ਬਾਈਕਾਟ ਕਰ ਕੇ ਮੁਕੰਮਲ ਹੜਤਾਲ ਕੀਤੀ ਜਾਵੇਗੀ। 28 ਦਸੰਬਰ ਨੂੰ ਪੰਜਾਬ ਦੇ ਸਮੂਹ ਬਲਾਕ ਕੇਂਦਰਾਂ ’ਤੇ ਪ੍ਰਦਰਸ਼ਨ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਇਸ ਉਪਰੰਤ 31 ਦਸੰਬਰ ਨੂੰ ਸਿਹਤ ਮੰਤਰੀ ਓਪੀ ਸੋਨੀ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਅੱਗੇ ਰੈਲੀ ਕੀਤੀ ਜਾਵੇਗੀ।