ਫੇਸਬੁੱਕ ਲਾਈਵ ਰਾਹੀਂ ਪੰਜਾਬ ਦੇ ਲੋਕਾਂ ਨੂੰ ਕੋਵਿਡ ਪ੍ਰੋਟੋਕਾਲ ਦੀ ਉਲੰਘਣਾ ਵਿਰੁੱਧ ਤਾੜਿਆ, ਮੋਦੀ ਨੂੰ ਲਿਖਣਗੇ ਚਿੱਠੀ
ਚਰਨਜੀਤ ਭੁੱਲਰ
ਚੰਡੀਗੜ੍ਹ, 7 ਜੂਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬੀਆਂ ਨੂੰ ਤਾੜਨਾ ਕੀਤੀ ਕਿ ਪੰਜਾਬ ਸਰਕਾਰ ਕਿਸੇ ਹਾਲ ’ਚ ਸਿਹਤ ਸੁਰੱਖਿਆ ਉਪਾਵਾਂ ਦੀ ਉਲੰਘਣਾ ਦੀ ਇਜਾਜ਼ਤ ਨਹੀਂ ਦੇਵੇਗੀ। ਮੁੱਖ ਮੰਤਰੀ ਨੇ ਮਹਾਮਾਰੀ ਨੂੰ ਕਾਬੂ ਵਿਚ ਦੱਸਦਿਆਂ ਕਿਹਾ ਕਿ ਸਰਕਾਰ ਕੋਈ ਜੋਖ਼ਮ ਮੁੱਲ ਨਹੀਂ ਲਵੇਗੀ ਅਤੇ ਕੋਵਿਡ ਸੰਕਟ ਦੇ ਟਾਕਰੇ ਲਈ ਪੁਖਤਾ ਤਿਆਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੰਦਸ਼ਾਂ ’ਚ ਢਿੱਲ ਜ਼ਰੂਰੀ ਸੀ, ਪਰ ਕੋਈ ਵੀ ਸਰਕਾਰ ਵੱਲੋਂ ਜਾਰੀ ਸੇਧਾਂ ਦੀ ਪਾਲਣਾ ਕਰਨਾ ਨਾ ਭੁੱਲੇ। ਇਸ ਦੌਰਾਨ ਕੈਪਟਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਅਖੌਤੀ ਖੇਤੀ ਸੁਧਾਰਾਂ ’ਚ ਜਿਣਸਾਂ ਦਾ ਘੱਟੋ-ਘੱਟ ਸਮਰਥਨ ਮੁੱਲ ਖਤਮ ਕੀਤੇ ਜਾਣ ਖ਼ਿਲਾਫ਼ ਪੰਜਾਬ ਸਰਕਾਰ ਅੱਡੀ ਚੋਟੀ ਦਾ ਜ਼ੋਰ ਲਾਏਗੀ ਅਤੇ ਕਿਸਾਨਾਂ ਦੇ ਹਿੱਤ ਪ੍ਰਭਾਵਿਤ ਨਹੀਂ ਹੋਣ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਰਹੇ ਹਨ ਤੇ ਕਿਸਾਨਾਂ ਦੇ ਹਿੱਤਾਂ ਦੇ ਮਾਮਲੇ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।