ਦਵਿੰਦਰ ਪਾਲ
ਚੰਡੀਗੜ੍ਹ, 8 ਅਗਸਤ
ਪੰਜਾਬ ਭਰ ’ਚ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਨੇ ਸੂਬੇ ਨਾਲ ਸਬੰਧਤ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੇ ਘਰਾਂ ਵੱਲ ਰੋਸ ਮਾਰਚ ਕੱਢਦਿਆਂ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਸੰਘਰਸ਼ ਨੂੰ ਅੰਜਾਮ ਤੱਕ ਲਿਜਾਣ ਦਾ ਸੱਦਾ ਦਿੰਦਿਆਂ ਉਨ੍ਹਾਂ ਨੂੰ ਮੰਗ ਪੱਤਰ ਸੌਂਪੇ ਗਏ। ਇਸ ਦੌਰਾਨ ਹਲਕਾ ਬਰਨਾਲਾ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਸਥਾਨਕ ਰਿਹਾਇਸ਼ ’ਤੇ ਪੁੱਜ ਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਇਸੇ ਤਰ੍ਹਾਂ ਫਰੀਦਕੋਟ ਵਿੱਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਘਰ ਵੱਲ ਮੋਟਰਸਾਈਕਲ ਮਾਰਚ ਕਰਕੇ ਉਨ੍ਹਾਂ ਨੂੰ ਯਾਦ ਪੱਤਰ ਸੌਂਪਿਆ ਗਿਆ। ਯੂਨੀਅਨ ਆਗੂਆਂ ਨਿਰਭੈ ਸਿੰਘ ਢੁੱਡੀਕੇ, ਸਤਬਿੀਰ ਸਿੰਘ ਸੁਲਤਾਨੀ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਤੇ ਜਤਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਪੰਜਾਬ ਵਿੱਚ ਪਾਣੀ ਦਾ ਗੰਭੀਰ ਸੰਕਟ ਪੈਦਾ ਹੋ ਗਿਆ ਹੈ, ਪਰ ਸੂਬਾ ਸਰਕਾਰ ਇਸ ਬਾਰੇ ਗੰਭੀਰ ਨਹੀਂ ਹੈ। ਉਨ੍ਹਾਂ ਰੋਸ ਜਤਾਇਆ ਕਿ ਸਰਕਾਰ ਦੇ ਕਿਸੇ ਨੁਮਾਇੰਦੇ ਨੇ ਹੁਣ ਤੱਕ ਪਾਣੀਆਂ ਦੇ ਮਸਲੇ ’ਤੇ ਸੰਘਰਸ਼ ਕਰਨ ਵਾਲਿਆਂ ਨਾਲ ਗੱਲਬਾਤ ਵੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਰਿਪੇਰੀਅਨ ਸਿਧਾਂਤ ਮੁਤਾਬਕ ਹੱਲ ਕਰਾਉਣ ਲਈ ਸਾਰਾ ਸਾਲ ਸਾਰੀ ਜ਼ਮੀਨ ਤੱਕ ਨਹਿਰੀ ਪਾਣੀ ਪਹੁੰਚਾਉਣ, ਡੈਮ ਸੇਫਟੀ ਐਕਟ ਰੱਦ ਕਰਵਾਉਣ ਸਣੇ ਜਦੋਂ ਤਕ ਸਾਰੇ ਮਸਲੇ ਹੱਲ ਨਹੀਂ ਕੀਤੇ ਜਾਂਦੇ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਬਿਜਲੀ ਸੋਧ ਬਿੱਲ ਸੂਬਿਆਂ ਦੇ ਹੱਕਾਂ ’ਤੇ ਡਾਕਾ ਕਰਾਰ
ਕਿਰਤੀ ਕਿਸਾਨ ਯੂਨੀਅਨ ਨੇ ਬਿਜਲੀ ਸੋਧ ਬਿੱਲ ਨੂੰ ਪਾਰਲੀਮੈਂਟ ’ਚ ਪੇਸ਼ ਕਰਨ ਦੀ ਨਿਖੇਧੀ ਕਰਦਿਆਂ ਇਸ ਨੂੰ ਸੂਬਿਆਂ ਦੇ ਅਧਿਕਾਰਾਂ ਦੇ ਹੱਕਾਂ ’ਤੇ ਡਾਕਾ ਦੱਸਦਿਆਂ ਫੌਰੀ ਤੌਰ ’ਤੇ ਇਨ੍ਹਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਯੂਨੀਅਨ ਨੇ ਬਿਜਲੀ ਸੋਧ ਬਿੱਲ ਨੂੰ ਸੂਬਿਆਂ ਦੇ ਅਧਿਕਾਰਾਂ ਸਮੇਤ ਦਿੱਲੀ ਮੋਰਚੇ ਦੀ ਸਮਾਪਤੀ ਵੇਲੇ ਕੀਤੇ ਵਾਅਦੇ ਤੋੋਂ ਮੁੱਕਰਨਾ ਕਰਾਰ ਦਿੱਤਾ।