ਬਿਜਲੀ ਸੋਧ ਬਿੱਲ ਖ਼ਿਲਾਫ਼ ਸੰਘਰਸ਼ ਤੇਜ਼
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਪ੍ਰਧਾਨ ਮੰਤਰੀ ਦੇ ਨਾਂ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪੇ
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ-2025 ਵਿਰੁੱਧ ਸੰਘਰਸ਼ ਤੇਜ਼ ਕਰ ਦਿੱਤਾ ਹੈ। ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਇਹ ਬਿੱਲ ਰੱਦ ਕਰਵਾਉਣ ਲਈ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਮੰਗ ਪੱਰਤ ਸੌਂਪੇ। ਜਥੇਬੰਦੀ ਦੇ ਪ੍ਰਧਾਨ ਡਾ. ਦਰਸ਼ਨਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਦੀ ਪੈਦਾਵਾਰ ਅਤੇ ਬਿਜਲੀ ਦੀ ਵੰਡ ਕਰਨ ਲਈ ਦੇਸ਼ ਵਿੱਚ ਬਿਜਲੀ ਸੋਧ ਬਿੱਲ ਲਿਆਂਦਾ ਗਿਆ ਹੈ, ਜਿਸ ਨੂੰ ਆਉਣ ਵਾਲੇ ਸਰਦ ਰੁੱਤ ਦੇ ਸੈਸ਼ਨ ਵਿੱਚ ਪਾਸ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ ਦੇ ਕਾਨੂੰਨ ਬਣਨ ਨਾਲ ਬਿਜਲੀ ਦਾ ਸਾਰਾ ਦਾਰੋਮਦਾਰ ਕਾਰਪੋਰੇਟ ਘਰਾਣਿਆਂ ਦੇ ਕੰਟਰੋਲ ਵਿੱਚ ਚਲਾ ਜਾਵੇਗਾ ਅਤੇ ਇਹ ਕਾਰਪੋਰੇਟ ਘਰਾਣੇ ਬਿਜਲੀ ਨੂੰ ਮੁਨਾਫੇ ਵਾਲੀ ਜਿਣਸ ਦੇ ਤੌਰ ’ਤੇ ਮਾਰਕੀਟ ਵਿੱਚ ਲੈ ਕੇ ਆਉਣਗੇ। ਇਸ ਨਾਲ ਦੇਸ਼ ਦੇ ਸਮੁੱਚੇ ਲੋਕਾਂ ਲਈ ਬਿਜਲੀ ਦੀ ਖਪਤ ਕੀਮਤ ਬਹੁਤ ਮਹਿੰਗੀ ਹੋ ਜਾਵੇਗੀ। ਇਸ ਤੋਂ ਇਲਾਵਾ ਲੋਕਾਂ ਨੂੂੰ ਬਿਜਲੀ ’ਤੇ ਮਿਲਦੀਆਂ ਸਾਰੀਆਂ ਸਬਸਿਡੀਆਂ ਖਤਮ ਹੋ ਜਾਣਗੀਆਂ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਅੱਜ ਫਿਰੋਜ਼ਪੁਰ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਫਰੀਦਕੋਟ ਦੇ ਸੰਸਦ ਸਰਬਜੀਤ ਸਿੰਘ ਖਾਲਸਾ, ਬਠਿੰਡਾ ਦੇ ਸੰਸਦ ਹਰਸਿਮਰਤ ਕੌਰ ਬਾਦਲ, ਰਾਜ ਸਭਾ ਮੈਂਬਰ ਬਲਵੀਰ ਸਿੰਘ ਸੀਚੇਵਾਲ, ਜਲੰਧਰ ਦੇ ਸੰਸਦ ਚਰਨਜੀਤ ਸਿੰਘ ਚੰਨੀ, ਪਟਿਆਲਾ ਦੇ ਸੰਸਦ ਧਰਮਵੀਰ ਗਾਂਧੀ, ਅੰਮ੍ਰਿਤਸਰ ਦੇ ਸੰਸਦ ਗੁਰਜੀਤ ਸਿੰਘ ਔਜਲਾ, ਹੁਸ਼ਿਆਰਪੁਰ ਦੇ ਸੰਸਦ ਡਾ. ਰਾਜ ਕੁਮਾਰ ਚੱਬੇਵਾਲ ਨੂੰ ਮਿਲ ਕੇ ਮੰਗ ਪੱਤਰ ਸੌਂਪੇ ਗਏ। ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਰਜਿੰਦਰ ਗੁਪਤਾ ਅਤੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਦੇ ਦਿੱਲੀ ਜਾਣ ਕਰਕੇ ਆਨਲਾਈਨ ਮੰਗ ਪੱਤਰ ਭੇਜੇ ਗਏ। ਇਸ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਬਿਜਲੀ ਸੋਧ ਬਿੱਲ ਨੂੰ ਕਦੇ ਵੀ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।

