ਦਵਿੰਦਰ ਪਾਲ/ਜੋਗਿੰਦਰ ਮਾਨ
ਚੰਡੀਗੜ੍ਹ/ਮਾਨਸਾ, 21 ਦਸੰਬਰ
ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਵੱਲੋਂ ਕਾਂਗਰਸ ਸਰਕਾਰ ਵਿਰੁੱਧ ਵਿੱਢਿਆ ਸੰਘਰਸ਼ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਇਸੇ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਜਥੇਬੰਦੀ ਦੇ ਆਗੂਆਂ ਨੂੰ ਭਲਕੇ 22 ਦਸੰਬਰ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਲਈ ਸੱਦਿਆ ਹੈ। ਕਿਸਾਨ ਯੂਨੀਅਨ ਦੇ ਆਗੂਆਂ ਨੇ ਦੇਰ ਸ਼ਾਮ ਮੀਟਿੰਗ ਲਈ ਸੱਦਾ ਮਿਲਣ ਤੋਂ ਬਾਅਦ ਡੀਸੀ ਦਫ਼ਤਰਾਂ ਦਾ ਘਿਰਾਓ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਹੈ ਪਰ ਧਰਨੇ ਪਹਿਲਾਂ ਵਾਂਗ ਜਾਰੀ ਰਹਿਣਗੇ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ 13 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰ ਘੇਰ ਲਏ। ਇਸ ਤੋਂ ਇਲਾਵਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 4 ਜ਼ਿਲ੍ਹਿਆਂ ਵਿੱਚ ਰੇਲ ਪਟੜੀਆਂ ’ਤੇ ਦਿੱਤੇ ਧਰਨਿਆਂ ਕਰਕੇ ਅੱਧੇ ਸੂਬੇ ਵਿੱਚ ਅੱਜ ਦੂਜੇ ਦਿਨ ਵੀ ਰੇਲਾਂ ਦੀ ਆਵਾਜਾਈ ਠੱਪ ਰਹੀ। ਰੇਲਵੇ ਵਿਭਾਗ ਨੇ ਅਹਿਮ ਰੂਟਾਂ ’ਤੇ ਗੱਡੀਆਂ ਰੱਦ ਵੀ ਕਰ ਦਿੱਤੀਆਂ ਹਨ। ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਮੋਦੀ ਸਰਕਾਰ ਵਾਂਗ ਹੀ ਪੰਜਾਬ ਦੀ ਚੰਨੀ ਸਰਕਾਰ ਨੇ ਅੜੀਅਲ ਵਤੀਰਾ ਧਾਰਨ ਕੀਤਾ ਹੋਇਆ ਹੈ ਤੇ ਮੰਨੀਆਂ ਹੋਈਆਂ ਮੰਗਾਂ ਤੇ ਪਿਛਲੇ ਚੋਣ ਵਾਅਦੇ ਲਾਗੂ ਕਰਵਾਉਣ ਅਤੇ ਹੋਰ ਭਖਦੇ ਮਸਲੇ ਹੱਲ ਕਰਵਾਉਣ ਲਈ ਜਥੇਬੰਦੀ ਵੱਲੋਂ ਅੱਜ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਥਾਵਾਂ ’ਤੇ ਵੱਡੀ ਗਿਣਤੀ ’ਚ ਔਰਤਾਂ ਤੇ ਨੌਜਵਾਨਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਘਿਰਾਓ ਵਿੱਚ ਸ਼ਾਮਲ ਹਨ। ਦਫਤਰੀ ਸਮੇਂ ਦੀ ਸਮਾਪਤੀ ਮੌਕੇ ਸਿਰਫ ਔਰਤ ਮੁਲਾਜ਼ਮਾਂ ਜਾਂ ਗੰਭੀਰ ਰੋਗੀਆਂ ਨੂੰ ਹੀ ਜਾਣ ਦਿੱਤਾ ਗਿਆ। ਧਰਨਿਆਂ ਨੂੰ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਮਾਨ, ਹਰਦੀਪ ਸਿੰਘ ਟੱਲੇਵਾਲ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ, ਪਰਮਜੀਤ ਕੌਰ ਪਿੱਥੋ ਨੇ ਸੰਬੋਧਨ ਕੀਤਾ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪਿਛਲੇ ਚੋਣ ਵਾਅਦੇ ਤੁਰੰਤ ਲਾਗੂ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਰਜ਼ਾਗ੍ਰਸਤ ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਤੁਰੰਤ ਖਤਮ ਕੀਤੇ ਜਾਣ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਮਜ਼ਦੂਰਾਂ, ਬੀਬੀਆਂ ਵੱਲੋਂ ਅਤਿ ਦੀ ਠੰਢ ਦੇ ਬਾਵਜੂਦ ਪੰਜਾਬ ਵਿੱਚ ਚਾਰ ਰੇਲ ਮਾਰਗਾਂ ਉੱਤੇ ਪੱਕੇ ਮੋਰਚੇ ਅੱਜ ਦੂਜੇ ਦਿਨ ਵੀ ਜਾਰੀ ਰਹੇ। ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਦੇਵੀਦਾਸਪੁਰ ਅੰਮ੍ਰਿਤਸਰ, ਤਰਨਤਾਰਨ ਰੇਲਵੇ ਸਟੇਸ਼ਨ, ਬਸਤੀ ਟੈਂਕਾਂ ਵਾਲੀ ਫਿਰੋਜ਼ਪੁਰ ਤੇ ਟਾਂਡਾ ਹੁਸ਼ਿਆਰਪੁਰ ਵਿਚ ਰੇਲ ਪਟੜੀਆਂ ’ਤੇ ਮੋਰਚੇ ਚੱਲ ਰਹੇ ਹਨ।
ਮੋੋਗਾ ’ਚ ਸਕੱਤਰੇਤ ਦੇ ਗੇਟ ਬੰਦ ਕਰ ਕੇ ਡੱਕੇ ਡੀਸੀ ਤੇ ਐੱਸਪੀ
ਮੋਗਾ (ਮਹਿੰਦਰ ਸਿੰਘ ਰੱਤੀਆਂ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਕਿਸਾਨਾਂ ਨੇ ਦੁਪਹਿਰ ਵੇਲੇ ਜ਼ਿਲ੍ਹਾ ਸਕੱਤਰੇਤ ਦੇ ਦੋਵੇਂ ਗੇਟ ਬੰਦ ਕਰਕੇ ਧਰਨਾ ਸ਼ੁਰੂ ਕਰ ਦਿੱਤਾ। ਕਿਸਾਨਾਂ ਨੇ ਮੰਨੀਆਂ ਮੰਗਾਂ ਲਾਗੂ ਹੋਣ ਤੱਕ ਸਕੱਤਰੇਤ ਗੇਟਾਂ ਅੱਗੇ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ। ਧਰਨਾਕਾਰੀ ਕਿਸਾਨ ਤੇ ਬੀਬੀਆਂ ਨੇ ਪ੍ਰਸ਼ਾਸਨਿਕ ਅਧਿਕਾਰੀ ਤੇ ਮੁਲਾਜ਼ਮ ਸਕੱਤਰੇਤ ਅੰਦਰ ਡੱਕ ਦਿੱਤੇ। ਅਧਿਕਾਰੀਆਂ ਵਿੱਚ ਡਿਪਟੀ ਕਮਿਸ਼ਨਰ ਤੇ ਐਸਪੀ ਸ਼ਾਮਲ ਹਨ। ਕਈ ਮੁਲਾਜ਼ਮ ਤਾਂ ਕੰਧਾਂ ਟੱਪ ਕੇ ਬਾਹਰ ਆ ਗਏ। ਇਸ ਦੌਰਾਨ ਸਿਰਫ ਆਮ ਲੋਕਾਂ ਨੂੰ ਬਾਹਰ ਕੱਢਿਆ ਗਿਆ। ਕਿਸਾਨਾਂ ਨੇ ਸ਼ਾਮ ਸੱਤ ਵਜੇ ਮੀਟਿੰਗ ਦਾ ਸਮਾਂ ਮਿਲਣ ਮਗਰੋਂ ਅਧਿਕਾਰੀਆਂ ਨੂੰ ਬਾਹਰ ਜਾਣ ਦਿੱਤਾ।
ਟਾਂਡਾ ’ਚ ਰੇਲ ਰੋਕੋ ਅੰਦੋਲਨ ਦੌਰਾਨ ਕਿਸਾਨ ਦੀ ਮੌਤ
ਟਾਂਡਾ (ਸੁਰਿੰਦਰ ਸਿੰਘ ਗੁਰਾਇਆ): ਜਲੰਧਰ-ਜੰਮੂ ਰੇਲਵੇ ਮਾਰਗ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲਵੇ ਸਟੇਸ਼ਨ ’ਤੇ ਲਾਏ ਗਏ ਪੱਕੇ ਮੋਰਚੇ ਦੌਰਾਨ ਕੜਾਕੇ ਦੀ ਠੰਢ ਕਾਰਨ ਲੰਘੀ ਰਾਤ ਇਕ ਕਿਸਾਨ ਦੀ ਮੌਤ ਹੋ ਗਈ ਜਿਸ ਦੀ ਪਛਾਣ ਰਤਨ ਸਿੰਘ ਪੁੱਤਰ ਖਜ਼ਾਨ ਸਿੰਘ ਵਾਸੀ ਪਿੰਡ ਲਾਧੂਭਾਣਾ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 20 ਦਸੰਬਰ ਤੋਂ ਸਰਕਾਰ ਖ਼ਿਲਾਫ਼ ਰੇਲਵੇ ਮਾਰਗ ਜਾਮ ਕਰਕੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਾਇਆ ਹੋਇਆ ਹੈ ਅਤੇ ਰਤਨ ਸਿੰਘ ਆਪਣੇ ਸਾਥੀ ਕਿਸਾਨਾਂ ਨਾਲ ਇਸ ਧਰਨੇ ਵਿੱਚ ਰਾਤ ਵੀ ਡਟਿਆ ਹੋਇਆ ਸੀ। ਬੁਲਾਰਿਆਂ ਨੇ ਕਿਹਾ ਕਿ ਰਤਨ ਸਿੰਘ ਦੀ ਸ਼ਹੀਦੀ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ ਅਤੇ ਉਸ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ।