ਪਰਾਲੀ ਪ੍ਰਬੰਧਨ: ਕਿਸਾਨਾਂ ਨੂੰ ਜਾਗਰੂਕ ਕਰੇਗੀ ਸਰਕਾਰ
ਪੰਜਾਬ ’ਚ ਝੋਨੇ ਦੀ ਵਾਢੀ ਦਾ ਕੰਮ ਜ਼ੋਰ ਫੜ ਰਿਹਾ ਹੈ। ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵੀ ਵਧ ਰਹੀਆਂ ਹਨ। ਸੂਬਾ ਸਰਕਾਰ ਵੱਲੋਂ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪਰਾਲੀ ਸਾੜਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਸੂਬਾ ਸਰਕਾਰ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐੱਮ.) ਲਈ ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਯੋਜਨਾ ਤਹਿਤ ਸੂਬਾ ਸਰਕਾਰ ਵੱਲੋਂ ਪਿੰਡ ਪੱਧਰ ਤੱਕ ਪਹੁੰਚ ਕਰ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਹੈ।
ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐੱਮ.) ਬਾਰੇ ਜਾਣਕਾਰੀ, ਮਾਹਿਰਾਂ ਦੀ ਸਲਾਹ ਅਤੇ ਸਰਕਾਰੀ ਯੋਜਨਾਵਾਂ ਤੱਕ ਸਿੱਧੀ ਪਹੁੰਚ ਪ੍ਰਦਾਨ ਕਰਨ ਲਈ 3,333 ਪਿੰਡ ਪੱਧਰੀ ਕੈਂਪ ਅਤੇ 296 ਬਲਾਕ ਪੱਧਰੀ ਕੈਂਪ ਲਗਾਏ ਜਾਣਗੇ। ਇਸ ਤੋਂ ਇਲਾਵਾ ਹਰ ਪਰਿਵਾਰ ਤੱਕ ਨਿੱਜੀ ਤੌਰ ’ਤੇ ਸੰਦੇਸ਼ ਪਹੁੰਚਾਉਣ ਲਈ 148 ਆਸ਼ਾ ਵਰਕਰਾਂ ਨੂੰ ਪਿੰਡਾਂ ਵਿੱਚ ਘਰ-ਘਰ ਜਾਗਰੂਕਤਾ ਮੁਹਿੰਮਾਂ ਚਲਾਉਣ ਲਈ ਲਾਮਬੰਦ ਕੀਤਾ ਜਾਵੇਗਾ। ਸੂਬਾ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਵਿੱਚ 444 ਨੁੱਕੜ ਨਾਟਕ ਕੀਤੇ ਜਾਣਗੇ ਅਤੇ 12,500 ਪਿੰਡਾਂ ਵਿੱਚ ਕੰਧਾਂ ’ਤੇ ਚਿੱਤਰ ਬਣਾਏ ਜਾਣਗੇ।
ਇਸ ਤੋਂ ਇਲਾਵਾ 50 ਪ੍ਰਚਾਰ ਵੈਨਾਂ ਚਲਾਈਆਂ ਜਾਣਗੀਆਂ, ਜਿਸ ਨਾਲ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਜਾ ਸਕੇ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਲ 2018-19 ਤੋਂ ਹੁਣ ਤੱਕ ਸੱਤ ਸਾਲਾਂ ਵਿੱਚ ਸੂਬੇ ਦੇ ਕਿਸਾਨਾਂ ਨੂੰ 1.58 ਲੱਖ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਪ੍ਰਦਾਨ ਕੀਤੀਆਂ ਹਨ।