ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਫਰਵਰੀ
ਕੈਨੇਡਾ ਦੇ ਮੌਂਟਰੀਅਲ ਸ਼ਹਿਰ ਵਿੱਚ ਤਿੰਨ ਪ੍ਰਾਈਵੇਟ ਕਾਲਜਾਂ ਦੇ ਅਚਾਨਕ ਬੰਦ ਹੋਣ ਕਾਰਨ ਪੰਜਾਬ, ਹਰਿਆਣਾ ਸਣੇ ਹੋਰਨਾਂ ਸੂਬਿਆਂ ਦੇ ਦੋ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੇ ਭਵਿੱਖ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਉੱਥੇ ਹੀ ਵਿਦਿਆਰਥੀਆਂ ਦੀ ਲੱਖਾਂ ਡਾਲਰ ਫ਼ੀਸ ਵੀ ਫਸ ਗਈ ਹੈ। ਕੈਨੇਡੀਅਨ ਕਾਲਜਾਂ ਤੋਂ ਫੀਸ ਦੀ ਮੰਗ ਕਰਦਿਆਂ ਅੱਜ ਇੰਡੀਅਨ ਮੌਂਟਰੀਅਲ ਸਟੂਡੈਂਟਸ ਆਰਗੇਨਾਈਜੇਸ਼ਨ ਨੇ ਹੋਰਨਾਂ ਵਿਦਿਆਰਥੀ ਜਥੇਬੰਦੀਆਂ ਦੇ ਸਹਿਯੋਗ ਨਾਲ ਚੰਡੀਗੜ੍ਹ ਸਥਿਤ ਕੈਨੇਡੀਅਨ ਅੰਬੈਸੀ ਅੱਗੇ ਰੋਸ ਪ੍ਰਦਰਸ਼ਨ ਕੀਤਾ। ਮੁਜ਼ਾਹਰਾ ਕਰਦਿਆਂ ਵਿਦਿਆਰਥੀਆਂ ਨੇ ਕੈਨੇਡਾ ਦੀ ਸਰਕਾਰ ਤੋਂ ਵਿਦਿਆਰਥੀਆਂ ਵੱਲੋਂ ਭਰੀ ਗਈ ਫੀਸ ਵਾਪਸ ਕੀਤੇ ਜਾਣ ਦੀ ਮੰਗ ਕੀਤੀ ਹੈ। ਜਿਸ ਮਗਰੋਂ ਕੈਨੇਡੀਅਨ ਅੰਬੈਸੀ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਇਕ ਹਫ਼ਤੇ ਵਿੱਚ ਇਸ ਮਾਮਲੇ ਦੀ ਹੱਲ ਕੱਢਣ ਦਾ ਭਰੋਸਾ ਦਿੱਤਾ ਹੈ।
ਚੰਡੀਗੜ੍ਹ ਸਥਿਤ ਕੈਨੇਡੀਅਨ ਅੰਬੈਸੀ ਅੱਗੇ ਅੱਜ ਧਰਨਾ ਦੇਣ ਵਾਲਿਆਂ ਵਿੱਚ ਨੌਜਵਾਨ ਭਾਰਤ ਸਭਾ, ਪੰਜਾਬ ਸਟੂਡੈਂਟਸ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ), ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ, ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨਾਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਉਹਰਾਹਾਂ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਇਨਕਲਾਬੀ ਕੇਂਦਰ ਪੰਜਾਬ, ਸੱਥ ਤੇ ਐੱਫਐੱਸਐੱਫ ਸ਼ਾਮਲ ਸਨ। ਇਸੇ ਦੌਰਾਨ ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਵੀ ਪੁੱਜੇ ਹੋਏ ਸਨ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਕੈਨੇਡੀਅਨ ਸਰਕਾਰ ਨੇ ਫਾਈਲਾਂ ਰੱਦ ਕਰਨ ਦਾ ਇੱਕ ਵੱਡਾ ਕਾਰਨ ਇਹ ਲਿਖਿਆ ਕਿ ਪੰਜਾਬੀ ਵਿਦਿਆਰਥੀਆਂ ਨੇ ਕੈਨੇਡਾ ਵਿੱਚ ਪੱਕੇ ਤੌਰ ’ਤੇ ਵੱਸ ਜਾਣਾ ਹੈ। ਜਿਸ ਤੋਂ ਇੱਕ ਗੱਲ ਸਾਫ ਹੈ ਕਿ ਕੈਨੇਡਾ ਹੋਰ ਪੰਜਾਬੀਆਂ ਨੂੰ ਬੁਲਾਉਣ ਤੋਂ ਹੱਥ ਖੜ੍ਹੇ ਕਰ ਚੁੱਕਾ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੇ ਵਿਦਿਆਰਥੀਆਂ ਦੀਆਂ ਫੀਸਾਂ ਵਾਪਸ ਕੀਤੀਆਂ ਜਾਣ। ਜੇਕਰ ਅਜਿਹਾ ਨਾ ਹੋਇਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ।