ਪੱਤਰ ਪ੍ਰੇਰਕ
ਚੰਡੀਗੜ੍ਹ, 15 ਜੂਨ
ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖ਼ਿਲਾਫ਼ 9 ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ), ਆਲ ਇੰਡੀਆ ਸਟੂਡੈਂਟਸ ਫੈੱਡਰੇਸ਼ਨ, ਸਟੂਡੈਂਟਸ ਫੈੱਡਰੇਸ਼ਨ ਆਫ ਇੰਡੀਆ, ਡੈਮੋਕ੍ਰੈਟਿਕ ਸਟੂਡੈਂਟਸ ਆਰਗੇਨਾਈਜੇਸ਼ਨ, ਪੰਜਾਬ ਸਟੂਡੈਂਟਸ ਫੈੱਡਰੇਸ਼ਨ, ਸਟੂਡੈਂਟਸ ਫਾਰ ਸੁਸਾਇਟੀ ਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਨੇ ਇਕ ਸਾਂਝੀ ਮੀਟਿੰਗ ਕਰਕੇ ‘ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ’ ਦਾ ਗਠਨ ਕੀਤਾ ਹੈ।
ਜਥੇਬੰਦੀਆਂ ਦੇ ਸੂਬਾਈ ਪ੍ਰਤੀਨਿਧੀਆਂ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਦੇਸ਼ ਅੰਦਰ ਸੂਬਿਆਂ ਦੇ ਹੱਕਾਂ ’ਤੇ ਡਾਕੇ ਮਾਰਦਿਆਂ ਕੇਂਦਰੀਕਰਨ ਦੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਪੰਜਾਬ ਦੇ ਹੱਕਾਂ ਉਪਰ ਲਗਾਤਾਰ ਕਈ ਡਾਕੇ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਦਾ ਘੇਰਾ ਵਧਾਉਣ, ਬੀਬੀਐੱਮਬੀ ਵਿੱਚੋਂ ਪੰਜਾਬ ਦੀ ਮੈਂਬਰਸ਼ਿਪ ਖਾਰਜ ਕਰਨ ਵਰਗੇ ਪੰਜਾਬ ਵਿਰੋਧੀ ਫ਼ੈਸਲਿਆਂ ਤੋਂ ਬਾਅਦ ਹੁਣ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਤੋਂ ਖੋਹਣ ਦੀ ਤਿਆਰੀ ਖਿੱਚੀ ਹੈ। ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਨੂੰ ਖੋਹ ਲੈਣ ਨਾਲ ਯੂਨੀਵਰਸਿਟੀ ਅੰਦਰ ਸੈਨੇਟ-ਸਿੰਡੀਕੇਟ ਵਰਗੀਆਂ ਜਮਹੂਰੀ ਸੰਸਥਾਵਾਂ ਨੂੰ ਭੰਗ ਕਰ ਕੇ ਆਪਣਾ ਨਿੱਜੀਕਰਨ ਤੇ ਭਗਵੇਂਕਰਨ ਦਾ ਏਜੰਡਾ ਜ਼ੋਰ ਸ਼ੋਰ ਨਾਲ ਲਾਗੂ ਕੀਤਾ ਜਾਵੇਗਾ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ 17 ਜੂਨ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫ਼ਰੰਸ ਕਰਕੇ ਆਪਣੇ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ।
ਪੰਜਾਬ ਸਰਕਾਰ ਨੇ ਪੀਯੂ ਨੂੰ ਬਚਾਉਣ ਲਈ ਨਹੀਂ ਬਣਾਈ ਕੋਈ ਰਣਨੀਤੀ
ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਜਿੱਥੇ ਭਾਜਪਾ ਆਪਣੇ ਕੇਂਦਰੀਕਰਨ ਦੇ ਏਜੰਡੇ ਨੂੰ ਲੋਕਾਂ ’ਤੇ ਥੋਪ ਰਹੀ ਹੈ, ਉੱਥੇ ਹੀ ਪੰਜਾਬ ਸਰਕਾਰ ਵੱਲੋਂ ਸਿਰਫ਼ ਵਿਦਿਆਰਥੀਆਂ ਦੇ ਸੰਘਰਸ਼ ਸਦਕਾ ਹੀ ਇੱਕ ਬਿਆਨ ਜਾਰੀ ਕੀਤਾ ਗਿਆ ਹੈ, ਪਰ ਯੂਨੀਵਰਸਿਟੀ ਨੂੰ ਬਚਾਉਣ ਲਈ ਕੋਈ ਅਮਲੀ ਰਣਨੀਤੀ ਤਿਆਰ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਪੁਲੀਸ ਵੱਲੋਂ ਵਿਦਿਆਰਥੀਆਂ ਦੇ ਮਾਰਚ ਨੂੰ ਬੈਰੀਕੇਡ ਲਾ ਕੇ ਰੋਕਣਾ ਅਤੇ ਲਾਠੀਚਾਰਜ ਕਰਨਾ ਤੇ ਵਿਦਿਆਰਥੀ ਆਗੂਆਂ ਨਾਲ ਮੁੱਖ ਮੰਤਰੀ ਦੁਆਰਾ ਮੀਟਿੰਗ ਕਰਨ ਤੋਂ ਮੁੱਕਰ ਜਾਣਾ, ਇਹ ਸਾਬਤ ਕਰਦਾ ਹੈ ਕਿ ਪੰਜਾਬ ਸਰਕਾਰ ’ਵਰਸਿਟੀ ਨੂੰ ਬਚਾਉਣ ਦੇ ਮਸਲੇ ਉੱਪਰ ਬਿਲਕੁਲ ਵੀ ਸੁਹਿਰਦ ਨਹੀਂ ਹੈ।
ਵਿਦਿਆਰਥੀ ਜਥੇਬੰਦੀ ‘ਸੱਥ’ ਵੱਲੋਂ ਸੰਧਵਾ ਨਾਲ ਮੁਲਾਕਾਤ
ਪੀਯੂ ਦੇ ਕੇਂਦਰੀਕਰਨ ਦੀ ਖਿਲਾਫ਼ਤ ਕਰਦਿਆਂ ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਤੇ ਕੇਂਦਰੀਕਰਨ ਬਾਰੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੇ ਇੱਕ ਕੇਸ ਦੀ ਕਾਰਵਾਈ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ। ਸੱਥ ਦੇ ਆਗੂਆਂ ਸੁਖਵਿੰਦਰ ਸਿੰਘ, ਚਰਨਜੀਤ ਸਿੰਘ, ਰਿਮਲਜੋਤ ਸਿੰਘ, ਜੋਧ ਸਿੰਘ ਤੇ ਜਪਜੀਤ ਸਿੰਘ ਨੇ ਸਪੀਕਰ ਸੰਧਵਾਂ ਨੂੰ ਅਪੀਲ ਕੀਤੀ ਕਿ ਉਹ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਅਤੇ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਦੀ ਵਿਰਾਸਤ ਐਲਾਨਦਿਆਂ ਇਸ ਵਿੱਚ ਪੰਜਾਬ ਦੇ ਵਿਦਿਆਰਥੀਆਂ ਤੇ ਮੁਲਾਜ਼ਮਾਂ ਦਾ ਕੋਟਾ ਤੈਅ ਕਰਨ ਦਾ ਮਤਾ ਪਾਉਣ।