ਵਿਦਿਆਰਥੀ ਖ਼ੁਦਕੁਸ਼ੀ ਮਾਮਲਾ: ਪਰਿਵਾਰ ਵੱਲੋਂ ਇਨਸਾਫ਼ ਲਈ ਅਨਾਜ ਮੰਡੀ ’ਚ ਰੋਸ ਪ੍ਰਦਰਸ਼ਨ
ਨਜ਼ਦੀਕੀ ਪਿੰਡ ਠੂਠਗੜ੍ਹ ਦੇ ਸਕੂਲੀ ਵਿਦਿਆਰਥੀ ਜਸ਼ਨਦੀਪ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਅੱਜ ਭੋਡੀਂਪੁਰ ਦੀ ਅਨਾਜ ਮੰਡੀ ਵਿੱਚ ਪਰਿਵਾਰ ਵਲੋਂ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਇਕੱਠ ਵਿਚ ਆਲ ਇੰਡੀਆ ਰਾਏ ਸਿੱਖ ਫਾਊਂਡੇਸ਼ਨ ਦੇ ਸੂਬਾ ਪ੍ਰਧਾਨ ਬਲਜੀਤ ਸਿੰਘ ਸਰਾਰੀ, ਉਪ ਪ੍ਰਧਾਨ ਫੌਜੀ ਅੰਗਰੇਜ਼ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ।
ਫਾਊਂਡੇਸ਼ਨ ਪ੍ਰਧਾਨ ਬਲਜੀਤ ਸਿੰਘ ਸਰਾਰੀ ਨੇ ਦੱਸਿਆ ਕਿ ਲੰਘੀ ਸ਼ਾਮ ਜਥੇਬੰਦੀ ਅਤੇ ਪਰਿਵਾਰ ਵਲੋਂ ਇਨਸਾਫ਼ ਲਈ ਕੈਡਲ ਮਾਰਚ ਕੱਢਿਆ ਜਾਣਾ ਸੀ ਜਿਸ ਨੂੰ ਪੁਲੀਸ ਵੱਲੋਂ ਇਹ ਕਹਿ ਕੇ ਰੋਕ ਦਿੱਤਾ ਗਿਆ ਕਿ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਸ਼ਨਦੀਪ ਦੀ ਮੌਤ ਲਈ ਜ਼ਿੰਮੇਵਾਰ ਸਕੂਲ ਦੇ ਅਧਿਆਪਕਾਂ ਨੂੰ ਕਈ ਦਿਨ ਬੀਤਣ ਦੇ ਬਾਵਜੂਦ ਵੀ ਪੁਲੀਸ ਨੇ ਗ੍ਰਿਫ਼ਤਾਰ ਨਹੀਂ ਕੀਤਾ ਹੈ। ਇਸ ਨੂੰ ਲੈ ਕੇ ਪਰਿਵਾਰ ਵਿੱਚ ਭਾਰੀ ਰੋਸ ਹੈ।
ਜਸ਼ਨਦੀਪ ਦੇ ਪਿਤਾ ਕੁਲਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਪੁਲੀਸ ਅਧਿਆਪਕਾਂ ਖਿਲਾਫ਼ ਕੇਸ ਦਰਜ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਬਚਾਉਣ ਵਿਚ ਲੱਗੀ ਹੋਈ ਹੈ। ਜ਼ਿਲ੍ਹਾ ਪੁਲੀਸ ਮੁਖੀ ਅਜੇ ਗਾਂਧੀ ਨੇ ਪਰਿਵਾਰ ਨੂੰ ਸ਼ੁੱਕਰਵਾਰ ਨੂੰ ਆਪਣੇ ਦਫਤਰ ਬੁਲਾਇਆ ਹੈ। ਇੱਥੇ ਦੱਸਣਯੋਗ ਹੈ ਕਿ ਸਰਕਾਰੀ ਸਕੂਲ ਕਮਾਲਕੇ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਨੇ 23 ਅਗਸਤ ਨੂੰ ਸਕੂਲ ਤੋਂ ਘਰ ਆਉਣ ਤੋਂ ਪਹਿਲਾਂ ਕੀਟਨਾਸ਼ਕ ਦਵਾਈ ਨਿਗਲ ਲਈ ਸੀ। ਲਗਪਗ 25 ਦਿਨ ਉਸ ਦਾ ਵੱਖ ਵੱਖ ਹਸਪਤਾਲਾਂ ਵਿੱਚ ਇਲਾਜ ਚਲਦਾ ਰਿਹਾ, ਪਰ ਡਾਕਟਰ ਉਸ ਨੂੰ ਬਚਾਅ ਨਹੀਂ ਸਕੇ।
ਵਿਦਿਆਰਥੀ ਦੇ ਪਿਤਾ ਕੁਲਵਿੰਦਰ ਸਿੰਘ ਨੇ ਸਕੂਲ ਦੇ ਅੱਧੀ ਦਰਜਨ ਅਧਿਆਪਕਾਂ ਉੱਤੇ ਉਸ ਦੀ ਕੁੱਟਮਾਰ ਕਰਨ ਅਤੇ ਮਾਨਸਿਕ ਤਸ਼ੱਦਦ ਦੇ ਦੋਸ਼ ਲਗਾਏ ਸਨ। ਪਰਿਵਾਰ ਨੇ ਅਧਿਆਪਕਾਂ ਉੱਤੇ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਮੋਗਾ ਜਲੰਧਰ ਹਾਈਵੇ ਵੀ ਜਾਮ ਕੀਤਾ ਸੀ ਜਿਸ ਤੋਂ ਬਾਅਦ ਪ੍ਰਿੰਸੀਪਲ ਸਮੇਤ 6 ਅਧਿਆਪਕਾਂ ਖਿਲਾਫ਼ ਕੇਸ ਦਰਜ ਹੋਇਆ ਸੀ। ਹੁਣ ਪਰਿਵਾਰ ਨੇ ਫਿਰ ਤੋਂ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਉੱਤੇ ਸੁਆਲ ਚੁੱਕੇ ਹਨ।