ਬਹਾਦਰਜੀਤ ਸਿੰਘ
ਰੂਪਨਗਰ, 10 ਫਰਵਰੀ
ਇਥੋਂ ਦੇ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਦੇ ਸੱਦੇ ’ਤੇ ਰੋਸ ਮੁਜ਼ਾਹਰਾ ਕਰਦਿਆਂ ਬੀਬੀ ਨੌਦੀਪ ਕੌਰ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਸਰਕਾਰੀ ਕਾਲਜ ਰੂਪਨਗਰ ਦੀ ਪੀਐੱਸਯੂ ਦੀ ਪ੍ਰਧਾਨ ਨੈਂਸੀ ਅਤੇ ਸ਼ਹਿਜ਼ਾਦੀ ਨੇ ਨੌਦੀਪ ਕੌਰ ਵਿਰੁੱਧ ਕਥਿਤ ਗ਼ਲਤ ਧਾਰਾਵਾਂ ਹੇਠ ਦਰਜ ਕੇਸ ਨੂੰ ਰੱਦ ਕਰਨ ਅਤੇ ਹਰਿਆਣਾ ਪੁਲੀਸ ਵੱਲੋਂ ਉਸ ਉੱਤੇ ਕੀਤੇ ਤਸ਼ੱਦਦ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਮੌਕੇ ਨੈਂਸੀ ਨੇ ਕਿਹਾ ਕਿ ਸਰਕਾਰ ਨਹੀਂ ਚਾਹੁੰਦੀ ਕਿ ਮਜ਼ਦੂਰ ਵਰਗ ਅਤੇ ਕਿਸਾਨ ਵਰਗ ਇਕੱਠੇ ਹੋ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਲੜਾਈ ਨੁੂੰ ਹੋਰ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਨੌਦੀਪ ਕੌਰ ਮਜ਼ਦੂਰ ਪਰਿਵਾਰ ਨਾਲ ਸਬੰਧਤ ਹੈ ਤੇ ਉਸ ਨੂੰ ਕੁੰਡਲੀ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਪੁਲੀਸ ਨੇ ਉਸ ਨਾਲ ਕਥਿਤ ਮਾੜਾ ਵਿਹਾਰ ਕੀਤਾ, ਜੋ ਕਿ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਖੇਤੀ ਕਾਨੂੰਨਾਂ ਖ਼ਿਲਾਫ਼ ਲੜਾਈ ਨੂੰ ਕਮਜ਼ੋਰ ਕਰਨ ਲਈ ਝੂਠੇ ਪਰਚੇ ਦਰਜ ਕਰ ਰਹੀ ਹੈ ਜਿਸ ਦੀ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਨਿਖੇਧੀ ਕੀਤੀ ਜਾਂਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਪਰਚੇ ਰੱਦ ਕੀਤੇ ਜਾਣ ਤੇ ਖੇਤੀ ਕਾਨੂੰਨ ਵਾਪਸ ਲੈ ਕੇ ਅੰਨਦਾਤਾ ਨੂੰ ਰਾਹਤ ਦਿੱਤੀ ਜਾਵੇ ਤਾਂ ਕਿ ਦਿੱਲੀ ਵਿੱਚ ਧਰਨੇ ਸਮਾਪਤ ਕਰ ਕੇ ਘਰ ਜਾ ਸਕਣ। ਇਸ ਮੌਕੇ ਵਿਦਿਆਰਥੀ ਆਗੂ ਰਵੀ, ਫ਼ਿਜ਼ਾ, ਆਰਤੀ ਤੇ ਪਿੰਕੀ ਆਦਿ ਮੌਜੂਦ ਸਨ।
ਖੇਤੀ ਕਾਨੂੰਨਾਂ ਦਾ ਮੁੱਦਾ ਸੰਸਦ ਵਿੱਚ ਚੁੱਕਿਆ
ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਡਾ. ਅਮਰ ਸਿੰਘ ਸੰਸਦ ਮੈਂਬਰ ਫ਼ਤਹਿਗੜ੍ਹ ਸਾਹਿਬ ਨੇ ਸੰਸਦ ਵਿਚ ਬੋਲਦਿਆਂ ਕੇਂਦਰ ਸਰਕਾਰ ਨੂੰ ਤੁਰੰਤ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ, ਐੱਮਐੱਸਪੀ ਬਾਰੇ ਨਵਾਂ ਕਾਨੂੰਨ ਲਿਆਉਣ ਤੇ ਕਿਸਾਨਾਂ ਲਈ ਕਰਜ਼ਾ ਰਾਹਤ ਅਤੇ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਦੇ ਕਿਸਾਨਾਂ ਦੇ ਇਤਿਹਾਸਕ ਯੋਗਦਾਨ ਬਾਰੇ ਦੱਸਿਆ ਕਿ ਕਿਵੇਂ ਉਨ੍ਹਾਂ ਅਬਦਾਲੀ ਵਰਗੇ ਧਾੜਵੀਆਂ ਦਾ ਸਾਹਮਣਾ ਕੀਤਾ ਅਤੇ ਆਜ਼ਾਦੀ ਸੰਗਰਾਮ ਵਿਚ ਯੋਗਦਾਨ ਪਾਇਆ।