ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਨਵੰਬਰ
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦਾਤੇ ਬਣਾਉਣ ਦੀ ਦਿਸ਼ਾ ਵਿੱਚ ਨਵਾਂ ਕਦਮ ਪੁੱਟਿਆ ਹੈ। ਅੱਜ ਇੱਥੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਪਾਰਕ ਉੱਦਮੀ ਬਣਨ ਸਬੰਧੀ ਇੱਛਾਵਾਂ ਨੂੰ ਹਕੀਕੀ ਰੂਪ ਦੇਣ ਲਈ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜ਼ਨਸ ਬਲਾਸਟਰ ਯੰਗ ਇੰਟਰਪਨਿਓਰ ਸਕੀਮ ਦਾ ਉਦਘਾਟਨ ਕੀਤਾ। ਸ੍ਰੀ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਮਾਡਲ ਨੂੰ ਪੂਰੀ ਦੁਨੀਆ ਨਾਲੋਂ ਬਿਹਤਰ ਬਣਾਉਣਾ ਉਨ੍ਹਾਂ ਦਾ ਟੀਚਾ ਹੈ। ਉਨ੍ਹਾਂ ਕਿਹਾ ਸਰਕਾਰੀ ਸਕੂਲਾਂ ਵਿੱਚ ਪੜ੍ਹੇ ਵਿਦਿਆਰਥੀ 12ਵੀਂ ਕਰਨ ਉਪਰੰਤ ਇਹ ਨਾ ਸੋਚਣ ਕਿ ‘ਹੁਣ ਮੈਂ ਕੀ ਕਰਾਂ?’ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਹੁਣ ਰੋਜ਼ਗਾਰ ਮੰਗਣ ਵਾਲੇ ਨਹੀਂ ਸਗੋਂ ਰੁਜ਼ਗਾਰ ਦਾਤਾ ਬਣਨਗੇ।