ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਮਾਰਚ
‘ਆਪ’ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਯੂਕਰੇਨ ਅਤੇ ਸਰਹੱਦੀ ਖੇਤਰਾਂ ’ਚ ਫਸੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਅਤ ਦੇਸ਼ ਵਾਪਸੀ ਕਰਵਾ ਕੇ ਉਨ੍ਹਾਂ ਦੀ ਅਧੂਰੀ ਪੜ੍ਹਾਈ ਭਾਰਤ ਅੰਦਰ ਹੀ ਕਰਵਾਏ ਜਾਣ ਦਾ ਫ਼ੌਰੀ ਪ੍ਰਬੰਧ ਕਰਨ ਤਾਂ ਜੋ ਕਿਸੇ ਵੀ ਵਿਦਿਆਰਥੀ ਦਾ ਜਾਨੀ-ਮਾਲੀ ਅਤੇ ਅਕਾਦਮਿਕ ਨੁਕਸਾਨ ਨਾ ਹੋਵੇ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਇੱਕ ਕਮੇਟੀ ਬਣਾਵੇ ਜੋ ਇਹ ਯਕੀਨੀ ਬਣਾਏ ਕਿ ਯੂਕਰੇਨ ਤੋਂ ਵਾਪਸ ਆਏ ਵਿਦਿਆਰਥੀ ਇੱਥੇ ਆਪਣੀ ਪੜ੍ਹਾਈ ਜਾਰੀ ਰੱਖ ਕੇ ਆਪਣੀਆਂ ਡਿਗਰੀਆਂ ਪੂਰੀਆਂ ਕਰ ਸਕਣ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਮੁੜ ਦੇਸ਼ ਦੀ ਸਿੱਖਿਆ ਪ੍ਰਣਾਲੀ ’ਤੇ ਵਿਚਾਰ ਕਰਨ ਅਤੇ ਮੌਜੂਦਾ ਕਮੀਆਂ ਨੂੰ ਦੂਰ ਕਰਨ ਲਈ ਚੰਗੀਆਂ ਨੀਤੀਆਂ ਤੇ ਠੋਸ ਕਦਮ ਚੁੱਕਣ।