ਸਬ ਇੰਸਪੈਕਟਰ 8,000 ਰੁਪਏ ਰਿਸ਼ਵਤ ਲੈਂਦਾ ਕਾਬੂ
ਪਰਮਜੀਤ ਸਿੰਘ
ਫਾਜ਼ਿਲਕਾ, 27 ਜੂਨ
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਫਾਜ਼ਿਲਕਾ ਦੇ ਥਾਣਾ ਅਮੀਰ ਖਾਸ ਵਿਖੇ ਤਾਇਨਾਤ ਸਬ ਇੰਸਪੈਕਟਰ ਰਵੀਪਾਲ ਨੂੰ 8,000 ਰੁਪਏ ਵੱਢੀ ਲੈਂਦਿਆਂ ਕਾਬੂ ਕੀਤਾ ਹੈ। ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਿਰੋਜ਼ਪੁਰ ਜ਼ਿਲ੍ਹੇ ਦੀ ਤਹਿਸੀਲ ਗੁਰੂਹਰਸਹਾਏ ਦੇ ਵਸਨੀਕ ਵੱਲੋਂ ਦਰਜ ਸ਼ਿਕਾਇਤ ਦੇ ਅਧਾਰ ’ਤੇ ਕੀਤੀ ਗਈ ਹੈ।
ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਸਬ ਇੰਸਪੈਕਟਰ ਨੇ ਹਾਈ ਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਦਾ ਜਵਾਬ ਤਿਆਰ ਕਰਨ, ਜਮ੍ਹਾਂ ਕਰਾਉਣ ਅਤੇ ਸ਼ਿਕਾਇਤਕਰਤਾ ਵਿਰੁੱਧ ਦਰਜ ਪੁਲੀਸ ਕੇਸ ਨਾਲ ਸਬੰਧਤ ਚਾਰਜਸ਼ੀਟ ਜ਼ਿਲ੍ਹਾ ਅਦਾਲਤ ਵਿੱਚ ਜਮ੍ਹਾਂ ਕਰਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਪੜਤਾਲ ਉਪਰੰਤ ਵਿਜੀਲੈਂਸ ਦੀ ਟੀਮ ਨੇ ਇੱਕ ਜਾਲ ਵਿਛਾ ਕੇ ਉਕਤ ਪੁਲੀਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।