ਦਵਿੰਦਰ ਪਾਲ
ਚੰਡੀਗੜ੍ਹ, 12 ਜੁਲਾਈ
ਪੰਜਾਬ ਪੁਲੀਸ ਨੇ ਔਰਤਾਂ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਵਾਲਾ ਵੀਡੀਓ ਵਾਇਰਲ ਕਰਨ ਅਤੇ ਫਿਰਕੂ ਨਫ਼ਰਤ ਭੜਕਾਉਣ ਦੇ ਮਾਮਲੇ ’ਚ ਸ਼ਿਵ ਸੈਨਾ (ਟਕਸਾਲੀ) ਦੇ ਆਗੂ ਸੁਧੀਰ ਸੂਰੀ ਨੂੰ ਅੱਜ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਮਹੱਤਵਪੂਰਨ ਤੱਥ ਇਹ ਵੀ ਹੈ ਕਿ ਇਸ ਵਿਅਕਤੀ ਨੂੰ ਪੰਜਾਬ ਪੁਲੀਸ ਦੀ ਸੁਰੱਖਿਆ ਛਤਰੀ ਵੀ ਦਿੱਤੀ ਗਈ ਸੀ। ਸੂਬੇ ਦੇ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਔਰਤਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਵਾਲਾ ਇੱਕ ਵੀਡੀਓ ਜਾਰੀ ਹੋਣ ਤੋਂ ਬਾਅਦ ਉਸ ਦੀ ਗ੍ਰਿਫ਼ਤਾਰੀ ਲਈ ਪੁਲੀਸ ਵੱਲੋਂ ਮੁਹਿੰਮ ਚਲਾਈ ਗਈ ਸੀ, ਜਿਸ ਤੋਂ ਬਾਅਦ ਇੱਕ ਫੇਸਬੁੱਕ ਵੀਡੀਓ ਰਾਹੀਂ ਸੂਰੀ ਨੇ ਬਾਅਦ ਵਿੱਚ ਦਾਅਵਾ ਕੀਤਾ ਸੀ ਕਿ ਇਹ ਇਤਰਾਜ਼ਯੋਗ ਵੀਡੀਓ ਕਲਿਪ ਉਸ ਦੇ ਨਾਂ ਦੀ ਵਰਤੋਂ ਕਰ ਕੇ ਕਿਸੇ ਹੋਰ ਵਿਅਕਤੀ ਦੁਆਰਾ ਵਾਇਸਓਵਰ ਕੀਤਾ ਗਿਆ ਹੈ। ਡੀਜੀਪੀ ਨੇ ਦੱਸਿਆ ਕਿ 8 ਜੁਲਾਈ ਨੂੰ ਪਹਿਲੇ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ, ਭਾਰਤ ਅਤੇ ਵਿਦੇਸ਼ਾਂ ਵਿੱਚ ਇਸ ਦੀ ਭਾਰੀ ਆਲੋਚਨਾ ਹੋਣ ਮਗਰੋਂ ਜੰਡਿਆਲਾ ਪੁਲੀਸ ਥਾਣੇ (ਅੰਮ੍ਰਿਤਸਰ, ਦਿਹਾਤੀ) ਵਿਚ ਸੂਰੀ ਵਿਰੁੱਧ ਆਈਪੀਸੀ ਦੀ ਧਾਰਾ 153-ਏ, 354 ਏ, 509 ਅਤੇ 67 ਆਈਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਡੀਜੀਪੀ ਨੇ ਕਿਹਾ ਕਿ ਸੂਰੀ ਵੱਲੋਂ ਇਤਰਾਜ਼ਯੋਗ ਵੀਡੀਓ ਕਲਿਪ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਦੇ ਬਾਵਜੂਦ ਉਨ੍ਹਾਂ ਨੇ ਅੰਮ੍ਰਿਤਸਰ (ਦਿਹਾਤੀ) ਪੁਲੀਸ ਰਾਹੀਂ ਸ਼ੱਕੀ ਵਿਅਕਤੀ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਦੇ ਆਦੇਸ਼ ਦਿੱਤੇ ਸਨ। ਗੁਪਤਾ ਨੇ ਕਿਹਾ ਕਿ ਉਨ੍ਹਾਂ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਵੀ ਨਿਰਦੇਸ਼ ਦਿੱਤੇ ਸਨ ਕਿ ਫੌਰੈਂਸਿਕ ਸਾਇੰਸ ਲੈਬਾਰਟਰੀ ਕੋਲੋਂ ਜਲਦੀ ਤੋਂ ਜਲਦੀ ਕਲਿਪ ਦੀ ਜਾਂਚ ਕਰਵਾਈ ਜਾਵੇ। ਮਗਰੋਂ ਕੀਤੀ ਜਾਂਚ ਤੋਂ ਸਾਹਮਣੇ ਆਇਆ ਕਿ ਗ੍ਰਿਫ਼ਤਾਰੀ ਦੇ ਡਰੋਂ ਸੂਰੀ ਇੰਦੌਰ ਭੱਜ ਗਿਆ ਸੀ। ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰੀ ਲਈ ਮੱਧ ਪ੍ਰਦੇਸ਼ ਪੁਲੀਸ ਨਾਲ ਤਾਲਮੇਲ ਕੀਤਾ ਗਿਆ ਸੀ। ਦੋ ਪੁਲੀਸ ਟੀਮਾਂ ਨੂੰ ਇੰਦੌਰ ਭੇਜਣ ਵੇਲੇ ਮੱਧ ਪ੍ਰਦੇਸ਼ ਵਿਚ ਡੀਜੀਪੀ ਨੇ ਆਪਣੇ ਹਮਰੁਤਬਾ ਅਧਿਕਾਰੀ ਵਿਵੇਕ ਜੌਹਰੀ ਨਾਲ ਵੀ ਗੱਲ ਕੀਤੀ ਸੀ। ਡੀਜੀਪੀ ਨੇ ਕਿਹਾ ਕਿ ਭਾਸ਼ਣਾਂ, ਬਿਆਨਾਂ, ਲੇਖਾਂ, ਸੋਸ਼ਲ ਮੀਡੀਆ ਪਲੈਟਫਾਰਮਾਂ ਅਤੇ ਪੋਸਟਾਂ ਆਦਿ ਜ਼ਰੀਏ ਕਿਸੇ ਵੀ ਵਿਅਕਤੀ ਜਾਂ ਸੰਸਥਾ ਵਿਰੁੱਧ ਫਿਰਕੂ ਨਫ਼ਰਤ ਭੜਕਾਉਣ ਦੀ ਕੋਸ਼ਿਸ਼ ਕਰਨ ਵਾਲੇ ਵਿਰੁੱਧ ਪੁਲੀਸ ਸਖ਼ਤ ਰੁਖ਼ ਅਖ਼ਤਿਆਰ ਕਰੇਗੀ।